Banner
Banner

ਬਠਿੰਡਾ ਦੇ 4 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Bathinda School Threat News: ਚੰਡੀਗੜ੍ਹ ਤੋਂ ਬਾਅਦ ਬਠਿੰਡਾ ਵਿੱਚ ਚਾਰ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਖਾਲਿਸਤਾਨ ਨੈਸ਼ਨਲ ਆਰਮੀ ਵੱਲੋਂ ਈਮੇਲ ਕੀਤੀ ਗਈ ਹੈ। ਇਸ ਈਮੇਲ ਵਿੱਚ ਜੂਨ 1984 ਵਿੱਚ ਦਰਬਾਰ ਸਾਹਿਬ ਉਤੇ ਫੌਜੀ ਹਮਲੇ ਦਾ ਜ਼ਿਕਰ ਕੀਤਾ ਗਿਆ ਹੈ। ਪੁਲਿਸ ਨੇ ਸਕੂਲਾਂ ਨੂੰ ਖਾਲੀ ਕਰਵਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ […]
Dailypost News
By : Updated On: 21 May 2026 13:30:PM
ਬਠਿੰਡਾ ਦੇ 4 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Bathinda School Threat News: ਚੰਡੀਗੜ੍ਹ ਤੋਂ ਬਾਅਦ ਬਠਿੰਡਾ ਵਿੱਚ ਚਾਰ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਖਾਲਿਸਤਾਨ ਨੈਸ਼ਨਲ ਆਰਮੀ ਵੱਲੋਂ ਈਮੇਲ ਕੀਤੀ ਗਈ ਹੈ। ਇਸ ਈਮੇਲ ਵਿੱਚ ਜੂਨ 1984 ਵਿੱਚ ਦਰਬਾਰ ਸਾਹਿਬ ਉਤੇ ਫੌਜੀ ਹਮਲੇ ਦਾ ਜ਼ਿਕਰ ਕੀਤਾ ਗਿਆ ਹੈ। ਪੁਲਿਸ ਨੇ ਸਕੂਲਾਂ ਨੂੰ ਖਾਲੀ ਕਰਵਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਇਸ ਤੋਂ ਪਹਿਲਾਂ ਵੀ ਇੱਕ ਵਾਰ ਬਠਿੰਡਾ ਦੇ ਨਿੱਜੀ ਸਕੂਲਾਂ ਨੂੰ ਧਮਕੀ ਆਈ ਸੀ। ਦੂਜੇ ਪਾਸੇ ਡੀਐਸਪੀ ਸਿਟੀ ਟੂ ਅਰੁਣ ਮੁੰਡਨ ਨੇ ਕਿਹਾ ਕਿ ਇੱਕ ਈਮੇਲ ਰਾਹੀਂ ਧਮਕੀ ਦਿੱਤੀ ਗਈ ਹੈ। ਬਠਿੰਡਾ ਦੇ ਚਾਰ ਸਕੂਲ ਹਨ ਜਿਨ੍ਹਾਂ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਟੀਮਾਂ ਲੱਗੀਆਂ ਹੋਈਆਂ ਹਨ। ਸਕੂਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸ਼ਹਿਰ ਵਿੱਚ ਹੜਕੰਪ ਮਚ ਗਿਆ। ਸਕੂਲ ਪ੍ਰਬੰਧਕਾਂ ਅਤੇ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਘਰ ਭੇਜ ਦਿੱਤਾ। ਹਾਲਾਂਕਿ ਮਾਪਿਆਂ ਵਿੱਚ ਚਿੰਤਾ ਅਤੇ ਡਰ ਦਾ ਮਾਹੌਲ ਦੇਖਣ ਨੂੰ ਮਿਲਿਆ, ਪਰ ਪ੍ਰਸ਼ਾਸਨ ਦੀ ਫੁਰਤੀ ਨਾਲ ਹਾਲਾਤ ਕਾਬੂ ਵਿੱਚ ਰਹੇ। ਧਮਕੀ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ਮੋਡ ’ਤੇ ਆ ਗਈਆਂ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸੁਰੱਖਿਆ ਕਾਫ਼ੀ ਵਧਾ ਦਿੱਤੀ ਗਈ ਹੈ ਅਤੇ ਹਰ ਸ਼ੱਕੀ ਗਤੀਵਿਧੀ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ।

ਸਕੂਲਾਂ ਦੇ ਆਸ-ਪਾਸ ਵਿਸ਼ੇਸ਼ ਟੀਮਾਂ ਵੱਲੋਂ ਤਲਾਸ਼ੀ ਮੁਹਿੰਮ ਵੀ ਚਲਾਈ ਗਈ। ਪੁਲਿਸ ਅਨੁਸਾਰ ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਸੀ, ਜਿਸਦੀ ਜਾਂਚ ਲਈ ਸਾਈਬਰ ਸੈੱਲ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਵੀ ਸ਼ੱਕੀ ਵਸਤੂ ਦੇ ਮਿਲਣ ਦੀ ਪੁਸ਼ਟੀ ਨਹੀਂ ਹੋਈ, ਪਰ ਸੁਰੱਖਿਆ ਏਜੰਸੀਆਂ ਕਿਸੇ ਵੀ ਤਰ੍ਹਾਂ ਦਾ ਖਤਰਾ ਮੋਲ ਲੈਣ ਦੇ ਮੂਡ ਵਿੱਚ ਨਹੀਂ ਹਨ।

ਪ੍ਰਸ਼ਾਸਨ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਧਮਕੀ ਭੇਜਣ ਵਾਲਿਆਂ ਦੀ ਪਛਾਣ ਕਰਕੇ ਜਲਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ 23 ਅਪ੍ਰੈਲ ਨੂੰ ਵੀ ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਈਮੇਲ ਰਾਹੀਂ ਮਿਲੀ ਸੀ। ਹੁਣ ਮੁੜ ਧਮਕੀ ਆਉਣ ਨਾਲ ਮਾਮਲਾ ਹੋਰ ਸੰਵੇਦਨਸ਼ੀਲ ਬਣ ਗਿਆ ਹੈ।

Read Latest News and Breaking News at Daily Post TV, Browse for more News

Ad
Ad