ਬ੍ਰਿਟਿਸ਼ ਹਾਈ ਕਮਿਸ਼ਨ ਨੇ ਅੰਮ੍ਰਿਤਸਰ ਵਿੱਚ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੂੰ ਵੀਜ਼ਾ ਧੋਖਾਧੜੀ ਬਾਰੇ ਕੀਤਾ ਜਾਗਰੂਕ
Visa fraud awareness campaign; ਵੀਜ਼ਾ ਧੋਖਾਧੜੀ ਦੇ ਵੱਧ ਰਹੇ ਮਾਮਲਿਆਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਯੂਨਾਈਟਿਡ ਕਿੰਗਡਮ ਲਈ ਸੁਰੱਖਿਅਤ ਅਤੇ ਕਾਨੂੰਨੀ ਯਾਤਰਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬ੍ਰਿਟਿਸ਼ ਹਾਈ ਕਮਿਸ਼ਨ ਵੱਲੋਂ ਗਵਰਨਮੈਂਟ ਇੰਡਸਟਰੀਅਲ ਟ੍ਰੇਨਿੰਗ ਇੰਸਟੀਚਿਊਟ (ਆਈਟੀਆਈ), ਲੋਪੋਕੇ, ਅੰਮ੍ਰਿਤਸਰ ਵਿੱਚ ‘ਵੀਜ਼ਾ ਫਰੌਡ ਤੋਂ ਬਚੋ’ ਮੁਹਿੰਮ ਤਹਿਤ ਇੱਕ ਕਮਿਊਨਿਟੀ ਆਉਟਰੀਚ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਇਸ ਪ੍ਰੋਗਰਾਮ ਦਾ ਮਕਸਦ ਨੌਜਵਾਨਾਂ, ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਵੀਜ਼ਾ ਧੋਖਾਧੜੀ ਅਤੇ ਗੈਰ-ਕਾਨੂੰਨੀ ਪ੍ਰਵਾਸ ਨਾਲ ਜੁੜੇ ਖਤਰਿਆਂ ਬਾਰੇ ਜਾਗਰੂਕ ਕਰਨਾ ਸੀ।
ਪ੍ਰੋਗਰਾਮ ਵਿੱਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ Alba Smeriglio ਮੁੱਖ ਮਹਿਮਾਨ ਵਜੋਂ ਸ਼ਾਮਲ ਹੋਈਆਂ।
ਇਸ ਮੌਕੇ ਬ੍ਰਿਟਿਸ਼ ਹਾਈ ਕਮਿਸ਼ਨ ਦੇ ਸੀਨੀਅਰ ਐਡਵਾਈਜ਼ਰ ਰਜਿੰਦਰ ਐਸ ਨਗਰਕੋਟੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਧੋਖੇਬਾਜ਼ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ‘ਤੇ ਝੂਠੇ ਵਾਅਦੇ, ਜਾਲਸਾਜ਼ ਦਸਤਾਵੇਜ਼ ਅਤੇ ਗਲਤ ਜਾਣਕਾਰੀ ਦੇ ਕੇ ਠੱਗਦੇ ਹਨ। ਉਨ੍ਹਾਂ ਨੇ ਗੈਰ-ਕਾਨੂੰਨੀ ਪ੍ਰਵਾਸ ਦੇ ਗੰਭੀਰ ਨਤੀਜਿਆਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਸਿਰਫ਼ ਅਧਿਕਾਰਤ ਅਤੇ ਕਾਨੂੰਨੀ ਵੀਜ਼ਾ ਪ੍ਰਕਿਰਿਆਵਾਂ ਦੀ ਪਾਲਣਾ ਕਰਨ ‘ਤੇ ਜ਼ੋਰ ਦਿੱਤਾ।
ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਸਲਾਹ ਦਿੱਤੀ ਗਈ ਕਿ ਯਾਤਰਾ ਅਤੇ ਪ੍ਰਵਾਸ ਨਾਲ ਸੰਬੰਧਿਤ ਜਾਣਕਾਰੀ ਲਈ ਸਿਰਫ਼ ਅਧਿਕਾਰਤ ਅਤੇ ਭਰੋਸੇਯੋਗ ਸਰੋਤਾਂ ‘ਤੇ ਹੀ ਭਰੋਸਾ ਕਰਨ।
ਪ੍ਰਿੰਸੀਪਲ ਜਤਿੰਦਰ ਹੰਸ ਅਤੇ ਉਨ੍ਹਾਂ ਦੀ ਟੀਮ ਨੇ ਬ੍ਰਿਟਿਸ਼ ਹਾਈ ਕਮਿਸ਼ਨ ਦੀ ਟੀਮ ਦਾ ਸਵਾਗਤ ਕੀਤਾ ਅਤੇ ਜਾਗਰੂਕਤਾ ਪ੍ਰੋਗਰਾਮ ਲਈ ਧੰਨਵਾਦ ਕੀਤਾ।
ਟੀਮ ਵੱਲੋਂ ਬ੍ਰਿਟਿਸ਼ ਹਾਈ ਕਮਿਸ਼ਨ ਦੇ ਖਾਸ ਵਟਸਐਪ ਚੈਟਬਾਟ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ, ਜੋ ਅੰਗਰੇਜ਼ੀ, ਹਿੰਦੀ ਅਤੇ ਪੰਜਾਬੀ ਵਿੱਚ ਯੂਨਾਈਟਿਡ ਕਿੰਗਡਮ ਯਾਤਰਾ ਨਾਲ ਸੰਬੰਧਿਤ ਪ੍ਰਮਾਣਿਤ ਮਾਰਗਦਰਸ਼ਨ ਪ੍ਰਦਾਨ ਕਰਦਾ ਹੈ। ਇਹ ਚੈਟਬਾਟ ਲੋਕਾਂ ਨੂੰ ਧੋਖਾਧੜੀ ਦੇ ਤਰੀਕਿਆਂ ਦੀ ਪਛਾਣ ਕਰਨ ਅਤੇ ਕਾਨੂੰਨੀ ਯਾਤਰਾ ਮਾਰਗਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਵਿੱਚ ਮਦਦ ਕਰਦਾ ਹੈ।
ਇਸ ਤੋਂ ਇਲਾਵਾ, ਨਾਗਰਿਕ ਵਟਸਐਪ ਹੈਲਪਲਾਈਨ +91 70652 51380 ਰਾਹੀਂ ਵੀਜ਼ਾ ਪ੍ਰਕਿਰਿਆ, ਧੋਖਾਧੜੀ ਤੋਂ ਬਚਾਵ ਅਤੇ ਸੁਰੱਖਿਅਤ ਪ੍ਰਵਾਸ ਨਾਲ ਸੰਬੰਧਿਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
‘ਵੀਜ਼ਾ ਫਰੌਡ ਤੋਂ ਬਚੋ’ ਮੁਹਿੰਮ ਰਾਹੀਂ ਬ੍ਰਿਟਿਸ਼ ਹਾਈ ਕਮਿਸ਼ਨ ਉੱਤਰੀ ਭਾਰਤ ਵਿੱਚ ਸਿੱਖਿਆ ਸੰਸਥਾਵਾਂ, ਕਮਿਊਨਿਟੀ ਸੰਗਠਨਾਂ ਅਤੇ ਸਥਾਨਕ ਹਿੱਸੇਦਾਰਾਂ ਨਾਲ ਮਿਲ ਕੇ ਲੋਕਾਂ ਨੂੰ ਧੋਖਾਧੜੀ ਤੋਂ ਬਚਾਉਣ, ਸੁਰੱਖਿਅਤ ਆਵਾਜਾਈ ਨੂੰ ਉਤਸ਼ਾਹਿਤ ਕਰਨ ਅਤੇ ਕਾਨੂੰਨੀ ਪ੍ਰਵਾਸ ਪ੍ਰਣਾਲੀਆਂ ਬਾਰੇ ਜਾਗਰੂਕਤਾ ਵਧਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ।