Banner
Banner

ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

ਅੰਮ੍ਰਿਤਸਰ, 23 ਮਈ- ਸੰਨ 1964 ’ਚ ਹਿਮਾਚਲ ਪ੍ਰਦੇਸ਼ ਅੰਦਰ ਸਥਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ’ਚ ਮਿਸਲ ਸ਼ਹੀਦਾਂ ਤਰਨਾ ਦਲ ਦੇ ਸ਼ਹੀਦ ਹੋਏ 11 ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ […]
Jaspreet Singh
By : Published: 23 May 2026 15:47:PM
ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ
Harjinder Singh Dhami

ਅੰਮ੍ਰਿਤਸਰ, 23 ਮਈ- ਸੰਨ 1964 ’ਚ ਹਿਮਾਚਲ ਪ੍ਰਦੇਸ਼ ਅੰਦਰ ਸਥਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ’ਚ ਮਿਸਲ ਸ਼ਹੀਦਾਂ ਤਰਨਾ ਦਲ ਦੇ ਸ਼ਹੀਦ ਹੋਏ 11 ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਖ਼ਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਨੇ ਹਮੇਸ਼ਾ ਹੀ ਪੰਥਕ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਈ ਹੈ। ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੇ ਸ਼ਹਾਦਤਾਂ ਦਿੱਤੀਆਂ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਲੋਚਣ ਵਾਲੀ ਸਿੱਖ ਕੌਮ ਨੂੰ ਸਰਕਾਰਾਂ ਨੇ ਕਈ ਵਾਰ ਗਹਿਰੇ ਜ਼ਖ਼ਮ ਦਿੱਤੇ, ਜਿਸ ਦੀ ਚੀਸ ਕੌਮ ਦੇ ਹਿਰਦਿਆਂ ਵਿਚ ਹਮੇਸ਼ਾ ਰਹੇਗੀ। ਉਨ੍ਹਾਂ ਕਿਹਾ ਕਿ ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਕੌਮ ਦੀ ਪ੍ਰਮੁੱਖ ਸ਼ਖ਼ਸੀਅਤ ਹਨ, ਜੋ ਪੰਥਕ ਏਕਤਾ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ।

ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਵਿਰੁੱਧ ਲੜਨ ਦੀ ਸ਼ਕਤੀ ਸਿੱਖ ਨੂੰ ਹਮੇਸ਼ਾ ਗੁਰੂ-ਸ਼ਬਦ ਵਿੱਚੋਂ ਮਿਲਦੀ ਹੈ। ਗੁਰਮਤਿ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਗੁਰੂ ਘਰਾਂ ਅੰਦਰ ਪੰਥਕ ਮਰਯਾਦਾ ਬਹਾਲ ਰੱਖਣ ਲਈ ਕੌਮ ਨੇ ਹਮੇਸ਼ਾ ਹੀ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦਾ ਪ੍ਰਬੰਧ ਲੈਣ ਲਈ ਇਹ ਸੇਵਾ ਗੁਰੂ ਸਾਹਿਬ ਵੱਲੋਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੂੰ ਪ੍ਰਾਪਤ ਹੋਈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸਾਕੇ ਦੀ ਯਾਦ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਏ ਦੇ ਫੈਸਲੇ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸ਼ਖ਼ਸੀਅਤਾਂ ਵੱਲੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦਾ ਸਨਮਾਨ ਵੀ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad