ਦੀਨਾਨਗਰ, ਗੁਰਦਾਸਪੁਰ, ਕਾਦੀਆਂ ਤੇ ਸ਼ਾਮ ਚੌਰਾਸੀ ਮਿਊਂਸਪਲ ਕੌਂਸਲਾਂ ਦੀਆਂ ਚੋਣਾਂ 10 ਜੂਨ ਨੂੰ, ਰਾਜ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ
ਚੰਡੀਗੜ੍ਹ, 25 ਮਈ 2026 (ਦੀ ਪੰਜਾਬ ਵਾਇਰ)। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਿਊਂਸਪਲ ਕੌਂਸਲ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਦੀਆਂ ਆਮ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਕਮਿਸ਼ਨ ਅਨੁਸਾਰ ਇਨ੍ਹਾਂ ਮਿਊਂਸਪਲ ਕੌਂਸਲਾਂ ਲਈ ਵੋਟਿੰਗ 10 ਜੂਨ 2026 ਨੂੰ ਕਰਵਾਈ ਜਾਵੇਗੀ।
ਰਾਜ ਚੋਣ ਕਮਿਸ਼ਨ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਦੇ ਲੋਕਲ ਗਵਰਨਮੈਂਟ ਵਿਭਾਗ ਵੱਲੋਂ ਪੰਜਾਬ ਮਿਊਂਸਪਲ ਐਕਟ 1911 ਦੀ ਧਾਰਾ 13-ਏ ਤਹਿਤ ਜਾਰੀ ਨੋਟੀਫ਼ਿਕੇਸ਼ਨ ਦੇ ਅਧਾਰ ’ਤੇ ਚੋਣ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।
ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ 28 ਮਈ 2026 ਤੋਂ ਸ਼ੁਰੂ ਹੋਵੇਗੀ। ਉਮੀਦਵਾਰ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਕਾਗਜ਼ ਦਾਖ਼ਲ ਕਰ ਸਕਣਗੇ। ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਮਿਤੀ 1 ਜੂਨ 2026 ਨਿਰਧਾਰਿਤ ਕੀਤੀ ਗਈ ਹੈ।
ਨਾਮਜ਼ਦਗੀ ਪੱਤਰਾਂ ਦੀ ਜਾਂਚ 2 ਜੂਨ ਨੂੰ ਹੋਵੇਗੀ, ਜਦਕਿ ਉਮੀਦਵਾਰ 3 ਜੂਨ ਦੁਪਹਿਰ 3 ਵਜੇ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ।
- ਚੋਣ ਕਮਿਸ਼ਨ ਅਨੁਸਾਰ ਵੋਟਿੰਗ 10 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਵੀ ਉਸੇ ਦਿਨ ਪੋਲਿੰਗ ਸਮਾਪਤ ਹੋਣ ਤੁਰੰਤ ਬਾਅਦ ਕਰਵਾਈ ਜਾਵੇਗੀ।
- ਰਾਜ ਚੋਣ ਕਮਿਸ਼ਨ ਨੇ ਦਾਅਵਾ ਕੀਤਾ ਹੈ ਕਿ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
- ਇਸ ਦੇ ਨਾਲ ਹੀ ਚੋਣ ਪ੍ਰੋਗਰਾਮ ਦੇ ਐਲਾਨ ਨਾਲ ਹੀ ਸੰਬੰਧਤ ਮਿਊਂਸਪਲ ਕੌਂਸਲਾਂ ਦੇ ਖੇਤਰਾਂ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ।