ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਦਾ ਕਪੂਰਥਲਾ ਦੌਰਾ, ਪੰਜਾਬ ਸਰਕਾਰ ਅਤੇ ਕਾਂਗਰਸ ‘ਤੇ ਤਿੱਖੇ ਹਮਲੇ
Nayab Singh Saini Kapurthala visit: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਕਪੂਰਥਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਸਿੱਧ ਸ਼ਕਤੀ ਪੀਠ ਸ਼੍ਰੀ ਭਦਰਕਾਲੀ ਮਾਤਾ ਮੰਦਿਰ ਵਿਖੇ ਮੱਥਾ ਟੇਕ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਉਪਰੰਤ ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ‘ਤੇ ਤਿੱਖੇ ਨਿਸ਼ਾਨੇ ਸਾਧੇ।
ਸੀਐਮ ਸੈਣੀ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਨੂੰ ਲੁੱਟਣ ਦਾ ਕੰਮ ਕੀਤਾ ਸੀ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤਾਂ “ਮਹਾਂ ਲੁੱਟ” ਮਚਾ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਮੋਰਚੇ ‘ਤੇ ਨਾਕਾਮ ਸਾਬਤ ਹੋਈ ਹੈ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰੀ।
ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੇ ਫੈਸਲੇ ਤੋਂ ਡਰੀ ਹੋਈ ਸੀ, ਜਿਸ ਕਾਰਨ ਈਵੀਐਮ ਮਸ਼ੀਨਾਂ ਦੀ ਥਾਂ ਬੈਲਟ ਪੇਪਰਾਂ ਰਾਹੀਂ ਵੋਟਿੰਗ ਕਰਵਾਈ ਗਈ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਦੌਰਾਨ ਧੱਕੇਸ਼ਾਹੀ ਕਰਕੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਬਾਰੇ ਸਾਰਾ ਪੰਜਾਬ ਜਾਣਦਾ ਹੈ।
ਉਨ੍ਹਾਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਭ੍ਰਿਸ਼ਟਾਚਾਰ, ਫਰੌਤੀ ਦੀਆਂ ਕਾਲਾਂ, ਗੁੰਡਾਗਰਦੀ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਵੀ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਅਤੇ ਸਰਕਾਰ ਅਪਰਾਧ ‘ਤੇ ਕਾਬੂ ਪਾਉਣ ਵਿੱਚ ਅਸਫਲ ਰਹੀ ਹੈ।
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਨਾਇਬ ਸਿੰਘ ਸੈਣੀ ਨੇ ਸਪੱਸ਼ਟ ਕੀਤਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਇਕੱਲੇ ਆਪਣੇ ਦਮ ‘ਤੇ ਚੋਣ ਲੜੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗੱਠਜੋੜ ਦਾ ਕੋਈ ਸਵਾਲ ਨਹੀਂ ਹੈ।
ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮੁਆਵਜ਼ੇ ਵਰਗੇ ਅਹਿਮ ਮੁੱਦਿਆਂ ‘ਤੇ ਕੇਜਰੀਵਾਲ ਗੁਜਰਾਤ ਵਿੱਚ ਕੁਝ ਹੋਰ ਬੋਲਦੇ ਹਨ, ਜਦਕਿ ਪੰਜਾਬ ਵਿੱਚ ਭਗਵੰਤ ਮਾਨ ਦਾ ਸਟੈਂਡ ਵੱਖਰਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਦੇ ਬਿਆਨਾਂ ਵਿੱਚ ਤਾਲਮੇਲ ਨਹੀਂ ਹੈ ਅਤੇ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਸੱਚਾਈ ਕੀ ਹੈ।
ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਸਮਰਥਕ ਮੌਜੂਦ ਰਹੇ।