ਚੰਡੀਗੜ੍ਹ ਵਿੱਚ ਦਿਨ-ਦਿਹਾੜੇ ਗੋਲੀਬਾਰੀ, ਸੈਕਟਰ-11 ਦੇ ਮੈਡੀਕਲ ਸਟੋਰ ‘ਤੇ ਹਮਲਾ, ਮੈਨੇਜਰ ਦੀ ਮੌਤ
Chandigarh Medical Store Firing; ਚੰਡੀਗੜ੍ਹ ਦੇ ਪੀਜੀਆਈ ਦੇ ਨੇੜੇ ਸੈਕਟਰ-11 ਵਿੱਚ ਸ਼ਨੀਵਾਰ ਦੁਪਹਿਰ ਇੱਕ ਮੈਡੀਕਲ ਸਟੋਰ ‘ਤੇ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀਬਾਰੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਇਹ ਵਾਰਦਾਤ ਕਰੀਬ 2:30 ਵਜੇ ਹੋਈ ਦੱਸੀ ਜਾ ਰਹੀ ਹੈ। ਐਕਟਿਵਾ ‘ਤੇ ਸਵਾਰ ਤਿੰਨ ਹਮਲਾਵਰਾਂ ਨੇ ਕੁਮਾਰ ਮੈਡੀਕਲ ਸਟੋਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ਰਾਊਂਡ ਫਾਇਰ ਕੀਤੇ ਅਤੇ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
ਹਮਲਾਵਰ ਐਕਟਿਵਾ ‘ਤੇ ਆਏ ਸਨ ਅਤੇ ਉਨ੍ਹਾਂ ਕੋਲ ਆਟੋਮੈਟਿਕ ਹਥਿਆਰ ਸਨ। ਦੁਕਾਨ ਦੇ ਸਾਹਮਣੇ ਪਹੁੰਚਦੇ ਹੀ ਉਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਕੁਝ ਹੀ ਸਕਿੰਟਾਂ ਵਿੱਚ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ।
ਮਿਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਵੱਲੋਂ ਲਗਭਗ 7 ਰਾਊਂਡ ਫਾਇਰ ਕੀਤੇ ਗਏ, ਜਿਸ ਵਿੱਚ ਦੁਕਾਨ ਦਾ ਕਰਮਚਾਰੀ ਯਾਨੀ ਕਿ , ਜੋ ਮੈਨੇਜਰ ਅਤੇ ਕੈਸ਼ੀਅਰ ਵਜੋਂ ਕੰਮ ਕਰਦਾ ਸੀ, ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਘਟਨਾ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਪੂਰੇ ਮਾਰਕੀਟ ਬਲਾਕ ਨੂੰ ਸੀਲ ਕਰ ਦਿੱਤਾ ਹੈ ਅਤੇ ਸੀਸੀਟੀਵੀ ਫੁਟੇਜ ਤੇ ਚਸ਼ਮਦੀਦਾਂ ਦੇ ਬਿਆਨਾਂ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਮੁਤਾਬਕ, ਇਸੇ ਮਾਰਕੀਟ ਵਿੱਚ ਸਥਿਤ ਇੱਕ ਹੋਰ ਕੁਮਾਰ ਕੇਮਿਸਟ ਦੇ ਮਾਲਕ ਨੂੰ ਕਥਿਤ ਤੌਰ ‘ਤੇ ਗੋਲਡੀ ਬਰਾੜ ਗੈਂਗ ਵੱਲੋਂ ਧਮਕੀਆਂ ਮਿਲੀਆਂ ਸਨ ਅਤੇ ਉਨ੍ਹਾਂ ਨੂੰ ਪੁਲਿਸ ਸੁਰੱਖਿਆ ਵੀ ਦਿੱਤੀ ਗਈ ਸੀ। ਹਾਲਾਂਕਿ ਪੁਲਿਸ ਨੇ ਅਜੇ ਤੱਕ ਇਸ ਗੈਂਗ ਦੀ ਸ਼ਮੂਲੀਅਤ ਦੀ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ।
ਸ਼ੁਰੂਆਤੀ ਜਾਂਚ ਵਿੱਚ ਇਸ ਵਾਰਦਾਤ ਨੂੰ ਰੰਗਦਾਰੀ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਕੁਮਾਰ ਮੈਡੀਕਲ ਸਟੋਰ ਦੇ ਮਾਲਕਾਂ ਨੂੰ ਪਹਿਲਾਂ ਵੀ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀਆਂ ਮਿਲ ਚੁੱਕੀਆਂ ਸਨ, ਇਸ ਲਈ ਪੁਲਿਸ ਇਸ ਐਂਗਲ ਤੋਂ ਵੀ ਜਾਂਚ ਕਰ ਰਹੀ ਹੈ।
ਇਹ ਵੀ ਸਾਹਮਣੇ ਆਇਆ ਹੈ ਕਿ ਜਿਸ ਦੁਕਾਨ ‘ਤੇ ਗੋਲੀਬਾਰੀ ਹੋਈ, ਉਸ ਤੋਂ ਕੁਝ ਹੀ ਕਦਮਾਂ ਦੀ ਦੂਰੀ ‘ਤੇ ਪੁਲਿਸ ਨਾਕਾ ਲੱਗਾ ਹੋਇਆ ਸੀ, ਇਸ ਦੇ ਬਾਵਜੂਦ ਹਮਲਾਵਰ ਵਾਰਦਾਤ ਕਰਕੇ ਫਰਾਰ ਹੋਣ ਵਿੱਚ ਕਾਮਯਾਬ ਰਹੇ, ਜਿਸ ਕਾਰਨ ਪੁਲਿਸ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਖੜੇ ਹੋ ਰਹੇ ਹਨ।