ਅਕਾਲ ਤਖ਼ਤ ਦੇ ਸੱਦੇ ਦਾ ਸਤਿਕਾਰ ਕਰੇ ਪੰਜਾਬ ਸਰਕਾਰ, ਭਗਵੰਤ ਮਾਨ ਸਮੇਤ ਕੈਬਨਿਟ ਪੇਸ਼ ਹੋਵੇ: ਬਾਜਵਾ
Punjab Congress Amritsar protest: ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਅੱਜ ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਇੱਕ ਸਾਈਲੈਂਟ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਭਰਾਵਾਂ ਦੇ ਢਾਬੇ ਤੋਂ ਲੈ ਕੇ ਜਲਿਆਂਵਾਲਾ ਬਾਗ ਤੱਕ ਕੱਢਿਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਸਮਰਥਕ ਸ਼ਾਮਲ ਹੋਏ।
ਰੋਸ ਪ੍ਰਦਰਸ਼ਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਗੁਰੂਆਂ, ਪੀਰਾਂ, ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਨੇ ਹਮੇਸ਼ਾ ਆਪਸੀ ਭਾਈਚਾਰੇ, ਸਾਂਝੀਵਾਲਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸੇ ਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਪਾਰਟੀ ਨੇ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਸਾਈਲੈਂਟ ਪ੍ਰੋਟੈਸਟ ਕੀਤਾ ਹੈ।
ਬਾਜਵਾ ਨੇ ਦੱਸਿਆ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕਾਂਗਰਸ ਦੇ ਵਿਧਾਇਕਾਂ ਨੂੰ ਸੱਦਾ ਦਿੱਤਾ ਗਿਆ ਹੈ ਅਤੇ ਕਾਂਗਰਸ ਪਾਰਟੀ ਇਸ ਸੱਦੇ ਦਾ ਪੂਰਾ ਸਤਿਕਾਰ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਰੇ ਵਿਧਾਇਕ, ਚਾਹੇ ਉਹ ਸਿੱਖ ਹਨ ਜਾਂ ਗੈਰ-ਸਿੱਖ, ਕੱਲ੍ਹ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਅਤੇ ਜਥੇਦਾਰ ਦੇ ਹੁਕਮਾਂ ਦੀ ਪਾਲਣਾ ਕਰਨਗੇ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਅਥਾਰਟੀ ਦਾ ਸਤਿਕਾਰ ਕਰਨ। ਬਾਜਵਾ ਨੇ ਕਿਹਾ ਕਿ ਕਿਸੇ ਵੀ ਧਾਰਮਿਕ ਸੰਸਥਾ ਦੀ ਅਥਾਰਟੀ ਨੂੰ ਚੁਣੌਤੀ ਦੇਣ ਦੀ ਬਜਾਏ ਉੱਥੇ ਜਾ ਕੇ ਆਪਣਾ ਪੱਖ ਰੱਖਣਾ ਅਤੇ ਜੇਕਰ ਕੋਈ ਦਿਸ਼ਾ-ਨਿਰਦੇਸ਼ ਮਿਲਦੇ ਹਨ ਤਾਂ ਉਨ੍ਹਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਵਿੱਚ ਆਪਸੀ ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ।
ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਹਿਲਾਂ ਇਹ ਸਪਸ਼ਟ ਨਹੀਂ ਕੀਤਾ ਸੀ ਕਿ ਉਹ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵੇਗੀ ਜਾਂ ਨਹੀਂ, ਹਾਲਾਂਕਿ ਹੁਣ ਸਰਕਾਰ ਵੱਲੋਂ ਪੇਸ਼ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਰ ਨਾਲ ਹੀ ਸਹੀ, ਇਹ ਸਹੀ ਕਦਮ ਹੈ ਅਤੇ ਸਮੁੱਚੀ ਸਰਕਾਰ ਨੂੰ ਜਥੇਦਾਰ ਦੇ ਸਾਹਮਣੇ ਜਾ ਕੇ ਆਪਣਾ ਪੱਖ ਰੱਖਣਾ ਚਾਹੀਦਾ ਹੈ।
ਬਾਜਵਾ ਨੇ ਕਿਹਾ ਕਿ ਉਹ ਇਸ ਮਾਮਲੇ ‘ਤੇ ਕਿਸੇ ਵਿਅਕਤੀ ਵਿਸ਼ੇਸ਼ ਬਾਰੇ ਟਿੱਪਣੀ ਨਹੀਂ ਕਰਨਾ ਚਾਹੁੰਦੇ, ਕਿਉਂਕਿ ਇਹ ਮਾਮਲਾ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਹੈ ਅਤੇ ਜਥੇਦਾਰ ਸਾਹਿਬ ਖ਼ੁਦ ਇਸ ਸਬੰਧੀ ਸਪਸ਼ਟੀਕਰਨ ਲੈਣ ਦੇ ਅਧਿਕਾਰ ਰੱਖਦੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਦੇ ਫ਼ੈਸਲਿਆਂ ਦਾ ਸਤਿਕਾਰ ਕਰਨਾ ਹਰ ਸਿਆਸੀ ਪਾਰਟੀ ਦੀ ਜ਼ਿੰਮੇਵਾਰੀ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਮਹਾਰਾਜਾ ਰਣਜੀਤ ਸਿੰਘ ਵਰਗੇ ਮਹਾਨ ਸ਼ਾਸਕ ਨੇ ਵੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਸਤਿਕਾਰ ਕੀਤਾ ਸੀ। ਇਸ ਲਈ ਅੱਜ ਦੀਆਂ ਸਰਕਾਰਾਂ ਨੂੰ ਵੀ ਉਸੇ ਪਰੰਪਰਾ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਫ਼ੈਸਲਾ ਜਾਂ ਸਜ਼ਾ ਧਾਰਮਿਕ ਮਰਿਆਦਾ ਅਨੁਸਾਰ ਹੁੰਦੀ ਹੈ ਤਾਂ ਉਸਨੂੰ ਸਵੀਕਾਰ ਕਰਨ ਦਾ ਜਜ਼ਬਾ ਹੋਣਾ ਚਾਹੀਦਾ ਹੈ।
ਅੰਤ ਵਿੱਚ ਬਾਜਵਾ ਨੇ ਦੱਸਿਆ ਕਿ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵੀ ਬੁਲਾਈ ਗਈ ਹੈ ਤਾਂ ਜੋ ਕੱਲ੍ਹ ਸਾਰੇ ਵਿਧਾਇਕ ਇਕੱਠੇ ਹੋ ਕੇ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਸਕਣ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਰੇ ਸਿਆਸੀ ਦਲ ਆਪਸੀ ਸਦਭਾਵਨਾ, ਧਾਰਮਿਕ ਮਰਿਆਦਾ ਅਤੇ ਪੰਜਾਬ ਦੇ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਦੇ ਹੋਏ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ।