CM ਭਗਵੰਤ ਮਾਨ ਦੀ ਕਥਿਤ ਵਿਵਾਦਿਤ ਵੀਡੀਓ ‘ਤੇ SGPC ਸਖ਼ਤ, ਭਲਕੇ SGPC ਨੇ ਸੱਦਿਆ ਪੰਥਕ ਇਕੱਠ
CM Bhagwant Mann Controversy; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵਿਵਾਦਿਤ ਵੀਡੀਓ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਸਖ਼ਤ ਰੁਖ ਅਪਣਾਇਆ ਹੈ। ਇਸ ਮਾਮਲੇ ਨੂੰ ਲੈ ਕੇ ਐੱਸਜੀਪੀਸੀ ਨੇ ਐਤਵਾਰ, 5 ਜੁਲਾਈ ਨੂੰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਮੰਜੀ ਸਾਹਿਬ ਵਿਖੇ ਇੱਕ ਵਿਸ਼ਾਲ ਪੰਥਕ ਇਕੱਠ ਸੱਦਣ ਦਾ ਐਲਾਨ ਕੀਤਾ ਹੈ।
ਐੱਸਜੀਪੀਸੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਮੀਡੀਆ ਨੂੰ ਦੱਸਿਆ ਕਿ ਇਹ ਪ੍ਰੋਗਰਾਮ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਵੇਰੇ 10:30 ਵਜੇ ਤੱਕ ਮੰਜੀ ਸਾਹਿਬ ਵਿਖੇ ਪਹੁੰਚਣ।
ਵੱਖ-ਵੱਖ ਧਾਰਮਿਕ ਜਥੇਬੰਦੀਆਂ ਲੈਣਗੀਆਂ ਹਿੱਸਾ
ਐੱਸਜੀਪੀਸੀ ਅਨੁਸਾਰ ਇਸ ਪੰਥਕ ਇਕੱਠ ਵਿੱਚ ਵੱਖ-ਵੱਖ ਧਾਰਮਿਕ ਅਤੇ ਪੰਥਕ ਜਥੇਬੰਦੀਆਂ ਸ਼ਾਮਲ ਹੋਣਗੀਆਂ। ਇਨ੍ਹਾਂ ਵਿੱਚ ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਸੰਸਥਾਵਾਂ, ਨਿਰਮਲਾ ਸੰਪਰਦਾਇ, ਸਿੰਘ ਸਭਾਵਾਂ ਅਤੇ ਹੋਰ ਸਿੱਖ ਜਥੇਬੰਦੀਆਂ ਸ਼ਾਮਲ ਹਨ।
ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਹਾਲ ਹੀ ਵਿੱਚ ਸਾਹਮਣੇ ਆਈ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵਿਵਾਦਿਤ ਵੀਡੀਓ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਡੂੰਘਾ ਰੋਸ ਹੈ। ਇਸੇ ਮੁੱਦੇ ‘ਤੇ ਵਿਚਾਰ-ਵਟਾਂਦਰਾ ਕਰਨ ਅਤੇ ਅਗਲੀ ਰਣਨੀਤੀ ਤੈਅ ਕਰਨ ਲਈ ਇਹ ਪੰਥਕ ਇਕੱਠ ਸੱਦਿਆ ਗਿਆ ਹੈ।
ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ
ਐੱਸਜੀਪੀਸੀ ਨੇ ਜਾਣਕਾਰੀ ਦਿੱਤੀ ਕਿ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸੰਗਤ ਦੀ ਸਹੂਲਤ ਲਈ ਵਿਸ਼ੇਸ਼ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਪਾਰਕਿੰਗ ਸਥਾਨਾਂ ਤੋਂ ਪ੍ਰੋਗਰਾਮ ਵਾਲੀ ਥਾਂ ਤੱਕ ਆਉਣ-ਜਾਣ ਲਈ ਵਾਹਨਾਂ ਦੀ ਵੀ ਵਿਵਸਥਾ ਕੀਤੀ ਗਈ ਹੈ।
ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ‘ਤੇ ਛਬੀਲਾਂ ਦਾ ਪ੍ਰਬੰਧ, ਤਿੰਨ ਸਟੇਜਾਂ ਦੀ ਸਥਾਪਨਾ ਅਤੇ ਸੀਨੀਅਰ ਅਧਿਕਾਰੀਆਂ ਦੀ ਡਿਊਟੀ ਵੀ ਲਗਾਈ ਗਈ ਹੈ, ਤਾਂ ਜੋ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ
ਐੱਸਜੀਪੀਸੀ ਨੇ ਸਾਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਸੰਸਥਾਵਾਂ, ਸਿੰਘ ਸਭਾਵਾਂ ਅਤੇ ਸਿੱਖ ਸੰਗਤ ਨੂੰ ਵੱਡੀ ਗਿਣਤੀ ਵਿੱਚ ਇਸ ਪੰਥਕ ਇਕੱਠ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਕਮੇਟੀ ਦਾ ਕਹਿਣਾ ਹੈ ਕਿ ਇਹ ਮਾਮਲਾ ਸਿਰਫ਼ ਕਿਸੇ ਇੱਕ ਵਿਅਕਤੀ ਨਾਲ ਸੰਬੰਧਤ ਨਹੀਂ, ਸਗੋਂ ਧਰਮ ਅਤੇ ਪੰਥ ਨਾਲ ਜੁੜਿਆ ਹੋਇਆ ਹੈ।