‘ਸਤਲੁਜ’ ‘ਤੇ ਸਿਆਸੀ ਘਮਾਸਾਨ, ਬਿੱਟੂ ਦੇ ਬਿਆਨਾਂ ‘ਤੇ ਲਾਲਪੁਰਾ ਦਾ ਕਰਾਰਾ ਜਵਾਬ
Sutlej Dispute; ਫਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚ ਹੁਣ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਬਿਆਨਾਂ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਲਾਲਪੁਰਾ ਨੇ ਬਿੱਟੂ ਨੂੰ ਆਪਣੀ ਹੱਦ ਵਿੱਚ ਰਹਿ ਕੇ ਬਿਆਨਬਾਜ਼ੀ ਕਰਨ ਦੀ ਸਲਾਹ ਦਿੱਤੀ ਹੈ।
ਦੱਸ ਦਈਏ ਕਿ ਰਵਨੀਤ ਬਿੱਟੂ ਵੱਲੋਂ ਲਗਾਤਾਰ ਫਿਲਮ ‘ਸਤਲੁਜ’ ਦੇ ਨਿਰਮਾਤਾਵਾਂ ਅਤੇ ਅਦਾਕਾਰ ਦਿਲਜੀਤ ਦੋਸਾਂਝ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਬਿੱਟੂ ਨੇ ਫਿਲਮ ਵਿੱਚ ਦਰਸਾਏ ਗਏ 25 ਹਜ਼ਾਰ ਲਾਪਤਾ ਲੋਕਾਂ ਅਤੇ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਤਰੀਕੇ ਨਾਲ ਕੀਤੇ ਗਏ ਸਸਕਾਰਾਂ ਦੇ ਦਾਅਵਿਆਂ ਨੂੰ ਲੈ ਕੇ ਸਬੂਤ ਪੇਸ਼ ਕਰਨ ਦੀ ਚੁਣੌਤੀ ਦਿੱਤੀ ਸੀ।
ਉਨ੍ਹਾਂ ਕਿਹਾ ਸੀ ਕਿ ਕਿਸੇ ਵੀ ਵਿਵਾਦਤ ਅੰਕੜੇ ਨੂੰ ਇਤਿਹਾਸ ਵਜੋਂ ਪੇਸ਼ ਨਹੀਂ ਕੀਤਾ ਜਾ ਸਕਦਾ। ਫਿਲਮ ਦੇ ਨਿਰਮਾਤਾਵਾਂ ਨੂੰ ਅਧਿਕਾਰਤ ਦਸਤਾਵੇਜ਼, ਰਿਕਾਰਡ ਅਤੇ ਪ੍ਰਮਾਣਿਤ ਜਾਣਕਾਰੀ ਸਾਹਮਣੇ ਰੱਖਣੀ ਚਾਹੀਦੀ ਹੈ।
ਲਾਲਪੁਰਾ ਨੇ ਕਿਹਾ- ਜਸਵੰਤ ਸਿੰਘ ਖਾਲੜਾ ਨੇ ਚੁੱਕਿਆ ਸੀ ਮੁੱਦਾ
ਬਿੱਟੂ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਹੱਦ ਵਿੱਚ ਰਹਿ ਕੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ 25 ਹਜ਼ਾਰ ਲੋਕਾਂ ਦੇ ਲਾਪਤਾ ਹੋਣ ਦਾ ਮੁੱਦਾ ਚੁੱਕਿਆ ਗਿਆ ਸੀ ਅਤੇ ਇਸ ਸਬੰਧੀ ਉਨ੍ਹਾਂ ਨੇ ਵਿਸਥਾਰ ਨਾਲ ਜਾਣਕਾਰੀ ਵੀ ਦਿੱਤੀ ਸੀ।
ਲਾਲਪੁਰਾ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਵੱਲੋਂ ਵੀ ਕੀਤੀ ਗਈ ਸੀ। ਜੇਕਰ ਕਿਸੇ ਨੂੰ ਇਸ ਮਾਮਲੇ ਨਾਲ ਸਬੰਧਤ ਜਾਣਕਾਰੀ ਚਾਹੀਦੀ ਹੈ ਤਾਂ ਉਹ ਐਨਐਚਆਰਸੀ ਤੋਂ ਡਾਟਾ ਹਾਸਲ ਕਰ ਸਕਦਾ ਹੈ।
ਬਿੱਟੂ ਪਹਿਲਾਂ ਵੀ ਦਿਲਜੀਤ ਦੋਸਾਂਝ ਨੂੰ ਘੇਰ ਚੁੱਕੇ ਹਨ
ਇਸ ਤੋਂ ਪਹਿਲਾਂ ਵੀ ਰਵਨੀਤ ਸਿੰਘ ਬਿੱਟੂ ਨੇ ਫਿਲਮ ‘ਸਤਲੁਜ’ ਨੂੰ ਲੈ ਕੇ ਦਿਲਜੀਤ ਦੋਸਾਂਝ ਅਤੇ ਫਿਲਮ ਦੀ ਟੀਮ ‘ਤੇ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਫਿਲਮ ਨੂੰ ਓਟੀਟੀ ਤੋਂ ਹਟਾਉਣ ਪਿੱਛੇ ਕਿਸੇ ਸਰਕਾਰੀ ਦਬਾਅ ਦੀ ਗੱਲ ਸਹੀ ਨਹੀਂ ਹੈ।
ਬਿੱਟੂ ਨੇ ਇਸ ਨੂੰ ਇੱਕ “ਘੜੀ ਹੋਈ ਕਹਾਣੀ” ਕਰਾਰ ਦਿੰਦਿਆਂ ਕਿਹਾ ਸੀ ਕਿ ਫਿਲਮ ਰਾਹੀਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਫਿਲਮ ‘ਤੇ ਕੋਈ ਅਧਿਕਾਰਤ ਪਾਬੰਦੀ ਨਹੀਂ ਲਗਾਈ ਗਈ।
ਰਵਨੀਤ ਸਿੰਘ ਬਿੱਟੂ ਨੇ ਇਹ ਵੀ ਦੋਸ਼ ਲਗਾਇਆ ਸੀ ਕਿ ਫਿਲਮ ਵਿੱਚ ਸਿਰਫ਼ ਜਸਵੰਤ ਸਿੰਘ ਖਾਲੜਾ ਦੇ ਪੱਖ ਨੂੰ ਦਿਖਾਇਆ ਗਿਆ ਹੈ, ਜਦਕਿ ਪੰਜਾਬ ਵਿੱਚ ਅੱਤਵਾਦ ਦੇ ਦੌਰ ਦੌਰਾਨ ਆਮ ਲੋਕਾਂ ਅਤੇ ਸੁਰੱਖਿਆ ਬਲਾਂ ਦੀਆਂ ਚੁਣੌਤੀਆਂ ਨੂੰ ਢੰਗ ਨਾਲ ਪੇਸ਼ ਨਹੀਂ ਕੀਤਾ ਗਿਆ।