Punjab Vigilance Bureau; ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਮੁਲਜ਼ਮ ਪੁਲਿਸ ਕਰਮਚਾਰੀ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਮੂਨਕ ਦੇ ਪਿੰਡ ਝਲੂਰ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਕਰਮਚਾਰੀ ਨੇ ਉਸ ਤੋਂ 30,000 ਰੁਪਏ ਦੀ ਰਿਸ਼ਵਤ ਮੰਗੀ ਹੈ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸ ‘ਤੇ ਅਸਲਾ ਕਾਨੂੰਨ ਤਹਿਤ ਝੂਠੀ ਐਫਆਈਆਰ ਦਰਜ ਕਰਨ ਦੀ ਧਮਕੀ ਦਿੱਤੀ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਹੌਲਦਾਰ ਮਨਦੀਪ ਸਿੰਘ ਨੂੰ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਮੌਕੇ ‘ਤੇ ਹੀ ਉਸ ਤੋਂ ਰਿਸ਼ਵਤਖੋਰੀ ਦੀ ਰਕਮ ਵੀ ਬਰਾਮਦ ਕਰ ਲਈ ਗਈ।
ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।