ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 3 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ- ਐਡਵੋਕੇਟ ਧਾਮੀ

ਅੰਮ੍ਰਿਤਸਰ, 13 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 3 ਨਵੰਬਰ ਨੂੰ ਸੱਦ ਲਿਆ ਗਿਆ ਹੈ। ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12:00 ਵਜੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਐਡਵੋਕੇਟ ਧਾਮੀ ਨੇ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਮਾਗਮ 23 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਈ ਰਵਾਇਤਾਂ ਅਨੁਸਾਰ ਕੀਤੇ ਜਾਣਗੇ ਅਤੇ ਮੁੱਖ ਸਮਾਗਮ 25 ਨਵੰਬਰ ਨੂੰ ਹੋਵੇਗਾ।
ਉਨ੍ਹਾਂ ਦੱਸਿਆ ਕਿ ਸ੍ਰੀਨਗਰ ਦੇ ਮਟਨ ਤੋਂ ਨਗਰ ਕੀਰਤਨ ਸਜਾਉਣ ਸਬੰਧੀ ਜੰਮੂ ਕਸ਼ਮੀਰ ਦੇ ਗਵਰਨਰ, ਮੁੱਖ ਮੰਤਰੀ ਅਤੇ ਸਥਾਨਕ ਸਿੱਖ ਆਗੂਆਂ ਨਾਲ ਮਿਲ ਕੇ ਜਲਦ ਪ੍ਰੋਗਰਾਮ ਉਲੀਕਿਆ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਹਿੰਦੂ ਧਰਮ ਦੇ ਧਾਰਮਿਕ ਆਗੂਆਂ ਸਮੇਤ ਹੋਰ ਧਰਮਾਂ ਦੇ ਆਗੂਆਂ ਨਾਲ ਇਕੱਤਰਤਾਵਾਂ ਕਰਕੇ ਸ਼ਤਾਬਦੀ ਸਮਾਗਮਾਂ ਦਾ ਹਿੱਸਾ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲਗਾਤਾਰ ਸੇਵਾਵਾਂ ਕਰ ਰਹੀ ਹੈ। ਅੱਜ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਵਿਚ ਰਾਹਤ ਸੇਵਾਵਾਂ ਦੀ ਸਮੀਖਿਆ ਕੀਤੀ ਗਈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਮੁੱਢਲੇ ਤੌਰ ’ਤੇ ਜਿਥੇ ਲੰਗਰ, ਜ਼ੂਰਰੀ ਵਸਤਾਂ, ਮੈਡੀਕਲ ਸਹੂਲਤਾਂ ਅਤੇ ਵੱਡੀ ਪੱਧਰ ’ਤੇ ਡੀਜ਼ਲ ਮੁਹੱਈਆ ਕਰਵਾਇਆ ਗਿਆ, ਉਥੇ ਹੀ ਹੁਣ ਕਿਸਾਨਾਂ ਨੂੰ ਮਿਆਰੀ ਬੀਜ ਦੇਣ ਦਾ ਕਾਰਜ ਆਰੰਭਿਆ ਜਾ ਰਿਹਾ ਹੈ। ਇਸ ਸਬੰਧ ਵਿਚ ਸ੍ਰੋਮਣੀ ਕਮੇਟੀ ਵੱਲੋਂ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ, ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ, ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਅਤੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜੀਦਪੁਰ ਫਿਰੋਜ਼ਪੁਰ ਸ਼ਾਮਲ ਹਨ। 10 ਏਕੜ ਤੋਂ ਘੱਟ ਵਾਲੇ ਪ੍ਰਭਾਵਿਤ ਕਿਸਾਨ ਇਨ੍ਹਾਂ ਥਾਵਾਂ ’ਤੇ ਆਪਣੇ ਨਾਂ ਦਰਜ ਕਰਵਾਉਣ, ਤਾਂ ਜੋ ਸਮੇਂ ਸਿਰ ਬੀਜ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਗੁਰੂ ਘਰਾਂ ਅੰਦਰ ਪਾਣੀ ਦਾਖ਼ਲ ਹੋਇਆ ਸੀ, ਪ੍ਰਚਾਰਕਾਂ ਰਾਹੀਂ ਉਨ੍ਹਾਂ ਦੀਆਂ ਲਿਸਟਾਂ ਤਿਆਰ ਕਰਵਾਈਆਂ ਜਾ ਰਹੀਆਂ ਹਨ ਅਤੇ ਜਲਦ ਹੀ ਗੁਰਦੁਆਰਾ ਸਾਬਿਹਾਨ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਭੇਜੀ ਜਾਵੇਗੀ।
ਏਆਈ ਦੁਆਰਾ ਗੁਰਬਾਣੀ, ਸਿੱਖ ਇਤਿਹਾਸ, ਧਾਰਮਿਕ ਚਿੰਨ੍ਹਾਂ ਅਤੇ ਗੁਰ-ਅਸਥਾਨਾਂ ਦੀ ਹੋ ਰਹੀ ਬੇਅਦਬੀ ਬਾਰੇ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਅਜਿਹੇ ਕਿਸੇ ਵੀ ਮਾਮਲੇ ਵਿਚ ਵੀਡੀਓ ਆਦਿ ਬਨਾਉਣ ਵਾਲੇ ਅਤੇ ਇਸ ਨੂੰ ਅੱਗੇ ਸਾਂਝਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਅਜਿਹੇ ਲੋਕਾਂ ਵਿਰੁੱਧ ਕਰੜੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਮੁਆਫ਼ੀ ਹਰਗਿਜ਼ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਾਰਜ ਵਾਸਤੇ ਇੰਟਰਨੈੱਟ ਅਤੇ ਸਾਈਬਰ ਕਰਾਈਮ ਦੇ ਕਾਨੂੰਨੀ ਮਾਹਿਰਾਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ।
ਸਿੱਖ ਵਿਰੋਧੀ ਅਜਿਹੀਆਂ ਹਰਕਤਾਂ ਨੂੰ ਰੋਕਣ ਲਈ ਇਕ ਡਿਜ਼ੀਟਲ ਟਾਕਸ ਫੋਰਸ ਵੀ ਬਣਾਈ ਜਾਵੇਗੀ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਇੰਟਰਨੈੱਟ ਵਿਭਾਗ, ਆਈ.ਟੀ. ਵਿੰਗ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, ਖ਼ਾਲਸਾ ਕਾਲਜ ਪਟਿਆਲਾ, ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਸੰਗਠਤ ਰੂਪ ਵਿਚ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਏਆਈ ਤਕਨੀਕ ਦੀਆਂ ਪ੍ਰਮੁੱਖ ਕੰਪਨੀਆਂ ਨਾਲ ਵੀ ਰਾਬਤਾ ਬਣਾਇਆ ਜਾਵੇਗਾ, ਤਾਂ ਜੋ ਸਿੱਖ ਧਰਮ ਨਾਲ ਸਬੰਧਤ ਮਾਮਲਿਆਂ ਸਬੰਧੀ ਇਤਰਾਜ਼ਯੋਗ ਸਮੱਗਰੀ ਨੂੰ ਰੋਕਿਆ ਜਾ ਸਕੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਬਾਣੀ, ਸਿੱਖ ਸਿਧਾਂਤਾਂ, ਸਿੱਖ ਇਤਿਹਾਸ ਅਤੇ ਮਰਯਾਦਾ ਨਾਲ ਸਬੰਧਤ ਡਿਜ਼ੀਟਲ ਡਾਟਾ ਬੈਂਕ ਤਿਆਰ ਕਰੇਗੀ, ਤਾਂ ਜੋ ਇੰਟਰਨੈੱਟ ਤੋਂ ਪ੍ਰਮਾਣਿਕ ਜਾਣਕਾਰੀ ਮਿਲ ਸਕੇ। ਉਨ੍ਹਾਂ ਜਿਥੇ ਸਰਕਾਰਾਂ ਨੂੰ ਧਰਮ ਵਿਰੁੱਧ ਏਆਈ ਸਮੱਗਰੀ ਦੀ ਰੋਕ ਲਈ ਸਜ਼ਾਯੋਗ ਕਾਨੂੰਨ ਬਨਾਉਣ ਲਈ ਕਿਹਾ, ਉਥੇ ਸੰਗਤਾਂ ਨੂੰ ਵੀ ਅਜਿਹੀਆਂ ਵੀਡੀਓ ਅਤੇ ਹੋਰ ਸਮੱਗਰੀ ਨੂੰ ਅੱਗੇ ਸਾਂਝਾ ਨਾ ਕਰਨ ਦੀ ਅਪੀਲ ਕੀਤੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਵੱਲੋਂ ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਸ੍ਰੀ ਅੰਮ੍ਰਿਤਸਰ ਤੱਕ ਸਾਈਕਲ ਯਾਤਰਾ ਕੱਢੀ ਜਾ ਰਹੀ ਹੈ। ਇਹ ਯਾਤਰਾ 15 ਨਵੰਬਰ 2025 ਨੂੰ ਦਿੱਲੀ ਤੋਂ ਆਰੰਭ ਹੋ ਕੇ 20 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਪੁੱਜੇਗੀ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 3% ਮਹਿੰਗਾਈ ਭੱਤਾ ਦੇਣ ਦਾ ਵੀ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਗੁਰੂ ਨਾਨਕ ਖ਼ਾਲਸਾ ਕਾਲਜ ਮਾਟੂੰਗਾ ਮੁੰਬਈ ਨੂੰ ਯੂਨੀਵਰਸਿਟੀ ਬਨਾਉਣ ਦੀ ਵੀ ਪ੍ਰਵਾਨਗੀ ਦਿੱਤੀ ਗਈ। ਜੰਮੂ ਕਸ਼ਮੀਰ ਦੇ ਪਿੰਡ ਕੌਲਪੁਰ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਅੱਗ ਲਾ ਕੇ ਕੀਤੀ ਬੇਅਦਬੀ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਸਰਕਾਰਾਂ ਨੂੰ ਅਜਿਹੇ ਵਰਤਾਰਿਆਂ ’ਤੇ ਰੋਕ ਲਗਾਉਣ ਲਈ ਦੋਸ਼ੀਆਂ ਖਿਲਾਫ਼ ਮਿਸਾਲੀ ਸਜ਼ਾਵਾਂ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ। ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਉਹ ਇਕ ਵਫ਼ਦ ਸਮੇਤ ਭਲਕੇ 14 ਅਕਤੂਬਰ ਨੂੰ ਪਟਿਆਲਾ ਦੀ ਜ਼ੇਲ੍ਹ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਜਾਣਗੇ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਅਤੇ ਸਾਬਕਾ ਮੈਂਬਰ ਜਗਜੀਤ ਸਿੰਘ ਬਰਾੜ ਦੇ ਅਕਾਲ ਚਲਾਣਾ ਕਰ ਜਾਣ ’ਤੇ ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਵਿਛੜੀਆਂ ਰੂਹਾਂ ਨਮਿਤ ਸਤਿਕਾਰ ਭੇਟ ਕੀਤਾ ਗਿਆ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖ਼ਾਲਸਾ, ਸੁਰਜੀਤ ਸਿੰਘ ਗੜ੍ਹੀ, ਬਲਦੇਵ ਸਿੰਘ ਕਾਇਮਪੁਰ,ਦਲਜੀਤ ਸਿੰਘ ਭਿੰਡਰ, ਸੁਖਹਰਪ੍ਰੀਤ ਸਿੰਘ ਰੋਡੇ, ਰਵਿੰਦਰ ਸਿੰਘ ਖ਼ਾਲਸਾ, ਜਸਵੰਤ ਸਿੰਘ ਪੁੜੈਣ, ਪਰਮਜੀਤ ਸਿੰਘ ਰਾਏਪੁਰ, ਮੈਂਬਰ ਬੀਬੀ ਜੋਗਿੰਦਰ ਕੌਰ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਜਸਵਿੰਦਰ ਸਿੰਘ ਜੱਸੀ, ਬਲਵਿੰਦਰ ਸਿੰਘ ਖੈਰਾਬਾਦ, ਕਾਨੂੰਨੀ ਸਲਾਹਕਾਰਅਮਨਬੀਰ ਸਿੰਘ ਸਿਆਲੀ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਐਕਸੀਅਨ ਜਤਿੰਦਰਪਾਲ ਸਿੰਘ ਆਦਿ ਸ਼ਾਮਲ ਸਨ।