Assistant professors Recruitment; ਸੁਪਰੀਮ ਕੋਰਟ (Supreme Court ) ਨੇ ਅੱਜ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਦੇ ਸਰਕਾਰੀ ਕਾਲਜਾਂ ਦੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ( Recruitment process for assistant professors ) ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਿੰਗਲ ਬੈਂਚ ਨੇ ਸਾਲ 2022 ਵਿੱਚ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਪਿਛਲੇ ਸਾਲ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਕੇ ਇਸ ਨਿਯੁਕਤੀ ਨੂੰ ਹਰੀ ਝੰਡੀ ਦੇ ਦਿੱਤੀ ਸੀ। ਹਾਈ ਕੋਰਟ ਦੇ ਡਬਲ ਬੈਂਚ ਦੇ ਫੈਸਲੇ ਵਿਰੁੱਧ ਕਈ ਬਿਨੈਕਾਰਾਂ ਨੇ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ। ਜਿਸ ‘ਤੇ ਸੁਪਰੀਮ ਕੋਰਟ ਨੇ ਅੱਜ ਆਪਣਾ ਫੈਸਲਾ ਸੁਣਾਉਂਦੇ ਹੋਏ ਪਿਛਲੇ ਸਾਲ ਹਾਈ ਕੋਰਟ ਦੇ ਫੈਸਲੇ ਨੂੰ ਰੱਦ ਕਰਦੇ ਹੋਏ ਇਸ ਭਰਤੀ ਨੂੰ ਹੀ ਰੱਦ ਕਰ ਦਿੱਤਾ ਸੀ।
ਦੱਸ ਦੇਈਏ ਕਿ ਇਸ ਭਰਤੀ ਦੇ ਖਿਲਾਫ਼ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਸ ਵਿੱਚ ਇਸ ਨਿਯਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਤਹਿਤ ਸਰਕਾਰੀ ਕਾਲਜਾਂ ਵਿੱਚ ਪਾਰਟ-ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ ‘ਤੇ ਕੰਮ ਕਰਨ ਵਾਲੇ ਬਿਨੈਕਾਰਾਂ ਨੂੰ ਹੀ 5 ਅੰਕ ਵਾਧੂ ਦੇਣ ਦਾ ਫੈਸਲਾ ਕੀਤਾ ਗਿਆ ਸੀ ਪਰ ਸਰਕਾਰੀ ਗ੍ਰਾਂਟਾਂ ਨਾਲ ਚੱਲ ਰਹੇ ਕਾਲਜਾਂ ਵਿੱਚ ਪਾਰਟ-ਟਾਈਮ, ਗੈਸਟ ਫੈਕਲਟੀ ਜਾਂ ਕੰਟਰੈਕਟ ‘ਤੇ ਕੰਮ ਕਰਨ ਵਾਲਿਆਂ ਨੂੰ ਨਹੀਂ।ਸੁਪਰੀਮ ਕੋਰਟ ਨੇ ਅੱਜ ਅਪੀਲ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਇਸ ਨਿਯੁਕਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਹੈ।