Punjab Police: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।
Yudh Nashian Virudh: ਪੰਜਾਬ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 101ਵੇਂ ਦਿਨ ਪੰਜਾਬ ਪੁਲਿਸ ਨੇ 152 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਚੋਂ 1.6 ਕਿਲੋ ਹੈਰੋਇਨ ਅਤੇ 3.56 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 101 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 16,886 ਹੋ ਗਈ ਹੈ।
ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।
ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 98 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 519 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 114 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 564 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 92 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।