ਬਠਿੰਡਾ ਕੇਂਦਰੀ ਜੇਲ੍ਹ ’ਚ ਬੰਦ 20 ਸਾਲਾ ਮੁਟਿਆਰ ਦੀ ਮੌਤ, ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ’ਤੇ ਚੁੱਕੇ ਸਵਾਲ
ਬਠਿੰਡਾ: ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ 20 ਸਾਲਾ ਮੁਟਿਆਰ ਵਰਸ਼ਾ ਕੌਰ ਦੀ ਐਤਵਾਰ ਨੂੰ ਇਲਾਜ ਦੌਰਾਨ ਮੌਤ ਹੋ ਗਈ। ਅਚਾਨਕ ਤਬੀਅਤ ਵਿਗੜਨ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਸੀ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਏਮਜ਼ ਰੈਫਰ ਕਰ ਦਿੱਤਾ ਗਿਆ, ਜਿੱਥੇ ਦੇਰ ਸ਼ਾਮ ਉਸ ਨੇ ਦਮ ਤੋੜ ਦਿੱਤਾ। ਘਟਨਾ ਤੋਂ ਬਾਅਦ ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਥਾਣਾ ਕੈਂਟ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਰਿਵਾਰ ਮੁਤਾਬਕ, ਵਰਸ਼ਾ ਕੌਰ ਲਾਲ ਸਿੰਘ ਬਸਤੀ ਦੀ ਰਹਿਣ ਵਾਲੀ ਸੀ। ਕਰੀਬ ਇੱਕ ਸਾਲ ਪਹਿਲਾਂ ਬਠਿੰਡਾ ਦੀ ਇੱਕ ਇਮੀਗ੍ਰੇਸ਼ਨ ਕੰਪਨੀ ਦੇ ਮੁਲਾਜ਼ਮਾਂ ਖ਼ਿਲਾਫ਼ ਦਰਜ ਧੋਖਾਧੜੀ ਦੇ ਮਾਮਲੇ ਵਿੱਚ ਉਸ ਦਾ ਨਾਂ ਵੀ ਸਾਹਮਣੇ ਆਇਆ ਸੀ। ਇਸੇ ਮਾਮਲੇ ਵਿੱਚ ਉਹ ਕੇਂਦਰੀ ਜੇਲ੍ਹ ਵਿੱਚ ਬੰਦ ਸੀ। ਪਰਿਵਾਰ ਨੇ ਦੱਸਿਆ ਕਿ ਐਤਵਾਰ ਸਵੇਰੇ ਕਰੀਬ 8:30 ਵਜੇ ਜੇਲ੍ਹ ਪ੍ਰਸ਼ਾਸਨ ਵੱਲੋਂ ਫੋਨ ਕਰਕੇ ਵਰਸ਼ਾ ਦੀ ਤਬੀਅਤ ਖ਼ਰਾਬ ਹੋਣ ਅਤੇ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਉਣ ਦੀ ਸੂਚਨਾ ਦਿੱਤੀ ਗਈ। ਜਦੋਂ ਪਰਿਵਾਰਕ ਮੈਂਬਰ ਹਸਪਤਾਲ ਪਹੁੰਚੇ ਤਾਂ ਵਰਸ਼ਾ ਉੱਥੇ ਨਹੀਂ ਸੀ। ਬਾਅਦ ਵਿੱਚ ਉਨ੍ਹਾਂ ਨੂੰ ਦੱਸਿਆ ਗਿਆ ਕਿ ਪੇਟ ਵਿੱਚ ਦਰਦ ਹੋਣ ਕਾਰਨ ਉਸ ਨੂੰ ਏਮਜ਼ ਰੈਫਰ ਕੀਤਾ ਗਿਆ ਹੈ।
ਪਰਿਵਾਰ ਅਨੁਸਾਰ, ਰਾਤ ਕਰੀਬ 9 ਵਜੇ ਉਨ੍ਹਾਂ ਨੂੰ ਵਰਸ਼ਾ ਦੀ ਮੌਤ ਹੋਣ ਦੀ ਸੂਚਨਾ ਮਿਲੀ। ਉਨ੍ਹਾਂ ਦਾ ਕਹਿਣਾ ਹੈ ਕਿ ਵਰਸ਼ਾ ਨੂੰ ਪਹਿਲਾਂ ਕੋਈ ਅਜਿਹੀ ਬਿਮਾਰੀ ਨਹੀਂ ਸੀ, ਜਿਸ ਕਾਰਨ ਅਚਾਨਕ ਉਸ ਦੀ ਮੌਤ ਹੋ ਜਾਂਦੀ। ਪਰਿਵਾਰ ਨੇ ਸਵਾਲ ਉਠਾਇਆ ਹੈ ਕਿ ਜੇਲ੍ਹ ਵਿੱਚ ਉਸ ਦੀ ਤਬੀਅਤ ਕਿਨ੍ਹਾਂ ਹਾਲਾਤਾਂ ਵਿੱਚ ਵਿਗੜੀ ਅਤੇ ਇਲਾਜ ਦੌਰਾਨ ਮੌਤ ਕਿਵੇਂ ਹੋਈ। ਥਾਣਾ ਕੈਂਟ ਪੁਲਿਸ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।