ਕੈਨੇਡਾ ਵਿੱਚ 24 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ
Latest News: ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਗੁਰਾਮ ਦੇ ਰਹਿਣ ਵਾਲੇ 24 ਸਾਲਾ ਰਾਜਪ੍ਰੀਤ ਸਿੰਘ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। ਇਸ ਦੁਖਦਾਈ ਖ਼ਬਰ ਨਾਲ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕ ਦੇ ਮਾਪਿਆਂ ਕੁਲਵੰਤ ਸਿੰਘ ਅਤੇ ਬਲਜਿੰਦਰ ਕੌਰ ਨੇ ਦੱਸਿਆ ਕਿ ਉਹ ਛੋਟੇ ਕਿਸਾਨ ਪਰਿਵਾਰ ਨਾਲ ਸਬੰਧਤ ਸਨ।
ਮ੍ਰਿਤਕ ਦੇ ਮਾਤਾ-ਪਿਤਾ ਨੇ ਆਪਣੇ ਇਕਲੌਤੇ ਪੁੱਤਰ ਦੇ ਉੱਜਵਲ ਭਵਿੱਖ ਲਈ ਕਰੀਬ 18 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਅਤੇ ਅਪ੍ਰੈਲ 2024 ‘ਚ ਭਾਸ਼ਾ ਦੀ ਪ੍ਰੀਖਿਆ ਦੇ ਕੇ ਸਟੱਡੀ ਵੀਜ਼ੇ ‘ਤੇ ਵਿਦੇਸ਼ ਭੇਜ ਦਿੱਤਾ ਸੀ। ਰਾਜਪ੍ਰੀਤ ਸਿੰਘ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਰਹਿ ਰਿਹਾ ਸੀ।
ਵਿਦੇਸ਼ ਵਿੱਚ ਰਹਿੰਦੇ ਰਿਸ਼ਤੇਦਾਰ ਨੇ ਦਿੱਤੀ ਜਾਣਕਾਰੀ
ਪਰਿਵਾਰਕ ਮੈਂਬਰਾਂ ਅਨੁਸਾਰ 17 ਜਨਵਰੀ ਨੂੰ ਉਨ੍ਹਾਂ ਨੂੰ ਵਿਦੇਸ਼ ਰਹਿੰਦੇ ਰਿਸ਼ਤੇਦਾਰ ਦੇ ਫ਼ੋਨ ਰਾਹੀਂ ਸੂਚਨਾ ਮਿਲੀ ਸੀ ਕਿ ਰਾਜਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ। ਹਾਲਾਂਕਿ ਉਸ ਦੀ ਮੌਤ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਮ੍ਰਿਤਕ ਦੇ ਮਾਮਾ ਹਰਜਿੰਦਰ ਸਿੰਘ ਵਾਸੀ ਘਨੌਰ ਨੇ ਦੱਸਿਆ ਕਿ ਪਰਿਵਾਰ ਕੋਲ ਸਿਰਫ਼ ਤਿੰਨ ਏਕੜ ਜ਼ਮੀਨ ਹੈ। ਰਾਜਪ੍ਰੀਤ ਦੇ ਪਿਤਾ ਕੁਲਵੰਤ ਸਿੰਘ ਪ੍ਰਾਈਵੇਟ ਸਕੂਲ ਦੀ ਬੱਸ ਚਲਾ ਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਸਨ। ਪਰਿਵਾਰ ਪਹਿਲਾਂ ਹੀ ਵੱਡੇ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ ਅਤੇ ਹੁਣ ਪੁੱਤਰ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਤੋਂ ਵੀ ਅਸਮਰੱਥ ਹੈ।
ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਇਲਾਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਅਪੀਲ ਕੀਤੀ ਹੈ ਕਿ ਰਾਜਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਵਿਦੇਸ਼ ਤੋਂ ਪੰਜਾਬ ਲਿਆਉਣ ਲਈ ਤੁਰੰਤ ਸਹਾਇਤਾ ਦਿੱਤੀ ਜਾਵੇ।