Gurdaspur News: ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਗਗਨਦੀਪ ਸਿੰਘ ਤਕਰੀਬਨ 14 ਮਹੀਨੇ ਪਹਿਲਾਂ ਹੀ ਰੋਜ਼ੀ ਰੋਟੀ ਕਮਾਉਣ ਲਈ ਸਊਦੀ ਅਰਬ ਗਿਆ ਸੀ।
Punjabi Youth Dies in Saudi Arabia: ਸਰਹੱਦੀ ਹਲਕਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲ੍ਹੀ ਦੇ ਨੌਜਵਾਨ ਦੀ ਵਿਦੇਸ਼ੀ ਧਰਤੀ ‘ਤੇ ਮੌਤ ਹੋ ਗਈ। ਹਾਸਲ ਜਾਣਕਾਰੀ ਮੁਤਾਬਕ 28 ਸਾਲਾ ਨੌਜਵਾਨ ਦੀ ਸਾਉਦੀ ਅਰਬ ‘ਚ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਮ੍ਰਿਤਕ ਦੀ ਨੌਜਵਾਨ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਗਗਨਦੀਪ ਸਿੰਘ ਤਕਰੀਬਨ 14 ਮਹੀਨੇ ਪਹਿਲਾਂ ਹੀ ਰੋਜ਼ੀ ਰੋਟੀ ਕਮਾਉਣ ਲਈ ਸਊਦੀ ਅਰਬ ਗਿਆ ਸੀ। ਪਰ ਬੀਤੀ 01 ਅਗਸਤ ਨੂੰ ਨੌਜਵਾਨ ਗਗਨਦੀਪ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਉਨ੍ਹਾਂ ਅੱਗੇ ਦੱਸਿਆ ਕਿ ਉਹ ਗਰੀਬ ਪਰਿਵਾਰ ਨਾਲ ਸੰਬੰਧਿਤ ਹਨ। ਪਰਿਵਾਰਿਕ ਮੈਂਬਰਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗਗਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦੀ ਜਾਵੇ ਤਾਂ ਜੋ ਸਮਾਜਿਕ ਰੀਤੀ ਰਿਵਾਜਾਂ ਮੁਤਾਬਕ ਗਗਨਦੀਪ ਸਿੰਘ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ। ਇਸ ਦੇ ਨਾਲ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰਾਂ ਨੂੰ ਚਾਹੀਦਾ ਕਿ ਨੌਜਵਾਨਾਂ ਨੂੰ ਪੰਜਾਬ ‘ਚ ਹੀ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾਵੇ ਤਾਂ ਜੋ ਪੰਜਾਬ ਦੇ ਨੌਜਵਾਨ ਬਾਹਰ ਵਿਦੇਸ਼ਾਂ ਵਿੱਚ ਜਾਣ ਲਈ ਮਜਬੂਤ ਨਾ ਹੋਣ।