Punjab News: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਪਸ਼ੂ ਪਾਲਣ ਵਿਭਾਗ ਦੀਆਂ 481 ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਪਸ਼ੂਧਨ ਦੀ ਦੇਖਭਾਲ ਅਤੇ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਹਰੇਕ ਟੀਮ ‘ਚ ਵੈਟਰਨਰੀ ਅਫ਼ਸਰ, ਵੈਟਰਨਰੀ ਇੰਸਪੈਕਟਰ/ਫਾਰਮਾਸਿਸਟ ਅਤੇ ਇਕ ਦਰਜਾ ਚਾਰ ਕਰਮਚਾਰੀ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਨਾਲ ਲਗਭਗ 2.52 ਲੱਖ ਪਸ਼ੂਧਨ ਅਤੇ 5,88,685 ਪੋਲਟਰੀ ਪ੍ਰਭਾਵਿਤ ਹੋਈ ਹੈ।
ਉਨ੍ਹਾਂ ਦੱਸਿਆ ਕਿ ਵਿਭਾਗ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ‘ਚ ਪਸ਼ੂਆਂ ਦੀ ਸਹਾਇਤਾ ਲਈ 12,170 ਕੁਇੰਟਲ ਤੋਂ ਵੱਧ ਵੱਧ ਫੀਡ 5090.35 ਕੁਇੰਟਲ ਹਰਾ ਚਾਰਾ, ਸੁੱਕਾ ਚਾਰਾ ਅਤੇ ਸਾਈਲੇਜ ਸਮੇਤ ਰਾਹਤ ਸਮੱਗਰੀ ਵੰਡੀ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ‘ਚ 504 ਗੋਕਾ/ਮੱਝਾਂ, 73 ਭੇਡਾਂ ਅਤੇ ਬੱਕਰੀਆਂ ਅਤੇ 160 ਸੂਰ ਮਾਰੇ ਗਏ ਹਨ। ਇਸ ਤੋਂ ਇਲਾਵਾ ਪੋਲਟਰੀ ਸ਼ੈੱਡ ਢਹਿਣ ਕਾਰਨ ਗੁਰਦਾਸਪੁਰ, ਰੂਪਨਗਰ ਅਤੇ ਫਾਜ਼ਿਲਕਾ ‘ਚ 18,304 ਚੂਚੇ ਮਾਰੇ ਗਏ ਹਨ।