ਪਾਕਿਸਤਾਨੀ ਸਿੱਖਾਂ ਦਾ 49 ਮੈਂਬਰੀ ਜਥਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ, ਸਿਰੋਪਾਓ ਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨ
Pakistani Sikh Jatha Pilgrims; ਭਾਰਤ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ’ਤੇ ਆਏ ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਅੱਜ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਅਕੀਦਤ ਅਰਪਣ ਕੀਤੀ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅੱਗੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਅਤੇ ਲਹਿੰਦੇ ਤੇ ਚੜ੍ਹਦੇ ਪੰਜਾਬ ਦੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰਿਆਂ ਲਈ ਅਰਦਾਸ ਕੀਤੀ। ਇਹ ਜਥਾ ਬੀਤੀ ਦੇਰ ਰਾਤ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਪੁੱਜਾ ਸੀ।
ਸ੍ਰੀ ਅਨੰਦਪੁਰ ਸਾਹਿਬ ਪੁੱਜੇ ਜਥੇ ਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਰਫੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਅਜਮੇਰ ਸਿੰਘ ਖੇੜਾ ਅਤੇ ਤਖ਼ਤ ਸਾਹਿਬ ਦੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਨੇ ਸਵਾਗਤ ਕੀਤਾ।
ਅੱਜ ਸਵੇਰੇ ਜਥੇ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਇਲਾਵਾ ਗੁਰੂ ਤੇਗ ਬਹਾਦਰ ਜੀ ਦੇ ਸੀਸ ਦੇ ਸਸਕਾਰ ਅਸਥਾਨ ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਦਰਸ਼ਨ-ਦੀਦਾਰੇ ਕੀਤੇ। ਉਪਰੰਤ ਅੰਤ੍ਰਿਗ ਕਮੇਟੀ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਅਜਮੇਰ ਸਿੰਘ ਖੇੜਾ ਦੀ ਅਗਵਾਈ ਵਿਚ ਪ੍ਰਬੰਧਕਾਂ ਵਲੋਂ ਤਖ਼ਤ ਸਾਹਿਬ ਦੇ ਬਲਦੇਵ ਸਿੰਘ ਮਾਹਿਲਪੁਰੀ ਮੀਟਿੰਗ ਹਾਲ ਵਿਖੇ ਜਥੇ ਦਾ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨ ਕੀਤਾ ਗਿਆ।
ਜਥੇ ਦੇ ਆਗੂ ਪਪਿੰਦਰ ਸਿੰਘ ਨੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਅਤੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਅਥਾਹ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦੀਆਂ ਯਾਦਾਂ ਨੂੰ ਉਹ ਹਮੇਸ਼ਾ ਆਪਣੇ ਚੇਤਿਆਂ ਵਿੱਚ ਵਸਾ ਕੇ ਰੱਖਣਗੇ।
ਜਥੇ ਵਿੱਚ 31 ਮਰਦਾਂ, 17 ਔਰਤਾਂ ਅਤੇ ਇੱਕ ਬੱਚੇ ਸਮੇਤ ਕੁੱਲ 49 ਮੈਂਬਰ ਸ਼ਾਮਲ ਸਨ। ਦੱਸਣਯੋਗ ਹੈ ਕਿ ਇਹ ਜਥਾ 8 ਅਕਤੂਬਰ 2026 ਨੂੰ ਪਾਕਿਸਤਾਨ ਤੋਂ ਵਾਇਆ ਤਾਸ਼ਕੰਦ (ਉਜ਼ਬੇਕਿਸਤਾਨ) ਭਾਰਤ ਪਹੁੰਚਿਆ ਸੀ। ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਬੀਤੇ ਕੱਲ੍ਹ ਜਥਾ ਦਿੱਲੀ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਕਰਨ ਉਪਰੰਤ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਚਮਕੌਰ ਸਾਹਿਬ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜਾ ਸੀ। ਅੱਜ ਜਥਾ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਪਾਕਿਸਤਾਨੀ ਸਿੱਖ ਜਥਾ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਅੱਜ ਰਾਤ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਪੁੱਜੇਗਾ। ਉਪਰੰਤ 30 ਅਕਤੂਬਰ ਨੂੰ ਜਥਾ ਮੁੜ ਦਿੱਲੀ ਤੋਂ ਵਾਇਆ ਤਾਸ਼ਕੰਦ ਹਵਾਈ ਜਹਾਜ਼ ਰਾਹੀਂ ਪਾਕਿਸਤਾਨ ਰਵਾਨਾ ਹੋਵੇਗਾ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੂਚਨਾ ਅਧਿਕਾਰੀ ਹਰਪ੍ਰੀਤ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਉਪ-ਦਫ਼ਤਰ ਤੋਂ ਗੁਰਪ੍ਰੀਤ ਸਿੰਘ ਭੁੱਲਰ ਵੀ ਹਾਜ਼ਰ ਸਨ।