ਲਾਲ ਚੰਦ ਕਟਾਰੂਚੱਕ ਦੀ ਵੱਡੀ ਸੌਗਾਤ, ਪਿੰਡ ਝਖੋਲਾਹੜੀ ਨੂੰ ਮਿਲੇਗਾ ਨਵਾਂ AAP ਕਲੀਨਿਕ
Aam Aadmi Clinic Jhakholahri; ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਝਖੋਲਾਹੜੀ ਵਿਖੇ 42 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਨਵੇਂ ਆਮ ਆਦਮੀ ਕਲੀਨਿਕ ਦੀ ਇਮਾਰਤ ਦਾ ਨੀਂਹ ਪੱਥਰ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਵੱਲੋਂ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵੱਲ ਇੱਕ ਇਤਿਹਾਸਕ ਪਹਿਲ ਹੈ, ਜਿਸ ਦਾ ਲਾਭ ਲੱਖਾਂ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਝਖੋਲਾਹੜੀ ਵਿਖੇ ਬਣਨ ਵਾਲੀ ਇਸ ਨਵੀਂ ਇਮਾਰਤ ਵਿੱਚ ਡਾਕਟਰ ਰੂਮ, ਲੈਬ, ਸਟਾਫ ਰੂਮ, ਵੈਟਿੰਗ ਰੂਮ ਅਤੇ ਮਰੀਜ਼ਾਂ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਉਪਲਬਧ ਹੋਣਗੀਆਂ। ਇੱਥੇ ਖੂਨ ਅਤੇ ਹੋਰ ਜ਼ਰੂਰੀ ਟੈਸਟਾਂ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਜਲਦ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕਾ ਭੋਆ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਸੜਕਾਂ ਦਾ ਨਿਰਮਾਣ, ਆਂਗਣਵਾੜੀ ਕੇਂਦਰਾਂ ਦੀ ਉਸਾਰੀ, ਪੁਲਾਂ ਦਾ ਨਿਰਮਾਣ ਅਤੇ ਸਿਹਤ ਸੇਵਾਵਾਂ ਦੇ ਵਿਸਥਾਰ ਵਰਗੇ ਅਨੇਕਾਂ ਪ੍ਰੋਜੈਕਟਾਂ ‘ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਲੀਨਿਕ ਦੇ ਬਣਨ ਨਾਲ ਝਖੋਲਾਹੜੀ ਸਮੇਤ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਵੱਡਾ ਲਾਭ ਮਿਲੇਗਾ। ਇਸ ਮੌਕੇ ਪਿੰਡ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।