22 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, 1825 ਸ਼ਰਧਾਲੂਆਂ ਦਾ ਵੀਜ਼ਾ ਹੋਇਆ ਜਾਰੀ
Sikh pilgrims will travel to Pakistan; ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰ ਕਰਨ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਹ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਵੇਗਾ।
ਜਾਣਕਾਰੀ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਇਸ ਧਾਰਮਿਕ ਯਾਤਰਾ ਲਈ 1831 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1825 ਸ਼ਰਧਾਲੂਆਂ ਨੂੰ ਪਾਕਿਸਤਾਨ ਦਾ ਵੀਜ਼ਾ ਮਿਲ ਗਿਆ ਹੈ। ਇਸ ਤਰ੍ਹਾਂ ਵੱਡੀ ਗਿਣਤੀ ਵਿੱਚ ਸੰਗਤ ਨੂੰ ਗੁਰੂ ਸਾਹਿਬ ਦੇ ਜਨਮ ਅਸਥਾਨ ਸਮੇਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ।
ਦੱਸ ਦੇਈਏ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ 24 ਨਵੰਬਰ ਨੂੰ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਇਆ ਜਾਵੇਗਾ। ਇਸ ਮੌਕੇ ਗੁਰਦੁਆਰਾ ਜਨਮ ਅਸਥਾਨ ਵਿਖੇ ਧਾਰਮਿਕ ਸਮਾਗਮ ਕਰਵਾਏ ਜਾਣਗੇ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।
ਦਸ ਦਿਨਾਂ ਦੀ ਇਸ ਧਾਰਮਿਕ ਯਾਤਰਾ ਦੌਰਾਨ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਇਲਾਵਾ ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਲਾਹੌਰ ਸਥਿਤ ਗੁਰਦੁਆਰਾ ਡੇਰਾ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ। ਤੈਅ ਪ੍ਰੋਗਰਾਮ ਅਨੁਸਾਰ ਜਥਾ 1 ਦਸੰਬਰ ਨੂੰ ਵਾਪਸ ਭਾਰਤ ਪਰਤੇਗਾ।