ਬੁਲੰਦ ਆਵਾਜ਼ ਹੋਈ ਖ਼ਾਮੋਸ਼, ਉੱਘੇ ਗੀਤਕਾਰ ਚੰਨ ਗੋਰਾਇਆ ਦਾ ਦੇਹਾਂਤ
Punjab News: ਪੰਜਾਬੀ ਸਾਹਿਤ ਅਤੇ ਸੰਗੀਤ ਜਗਤ ਨੂੰ ਉਸ ਸਮੇਂ ਵੱਡਾ ਘਾਟਾ ਪਿਆ ਜਦੋਂ ਉੱਘੇ ਗੀਤਕਾਰ ਅਤੇ ਲੇਖਕ ਭੁਲਾ ਰਾਮ, ਜਿਨ੍ਹਾਂ ਨੂੰ ਦੁਨੀਆ ‘ਚੰਨ ਗੋਰਾਇਆ’ ਦੇ ਨਾਂ ਨਾਲ ਜਾਣਦੀ ਸੀ, ਅੱਜ ਅਕਾਲ ਚਲਾਣਾ ਕਰ ਗਏ। ਉਹ 97 ਸਾਲਾਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਉਮਰ ਸਬੰਧੀ ਬਿਮਾਰੀਆਂ ਨਾਲ ਜੂਝ ਰਹੇ ਸਨ। ਉਨ੍ਹਾਂ ਦੇ ਦੇਹਾਂਤ ਨਾਲ ਪੰਜਾਬੀ ਸਾਹਿਤ ਦੇ ਇੱਕ ਸੁਨਹਿਰੀ ਯੁੱਗ ਦਾ ਅੰਤ ਹੋ ਗਿਆ ਹੈ।
ਚੰਨ ਗੋਰਾਇਆ ਦਾ ਜਨਮ ਕਸਬਾ ਗੋਰਾਇਆ ਵਿਖੇ ਹੋਇਆ ਸੀ। ਉਨ੍ਹਾਂ ਨੇ ਆਪਣੀ ਕਲਮ ਰਾਹੀਂ ਪੰਜਾਬੀ ਸੱਭਿਆਚਾਰ ਅਤੇ ਮਨੁੱਖੀ ਜਜ਼ਬਾਤਾਂ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਪੇਸ਼ ਕੀਤਾ। ਉਨ੍ਹਾਂ ਦਾ ਲਿਖਿਆ ਗੀਤ ‘ਚੰਡੀਗੜ੍ਹ ਰਹਿਣ ਵਾਲੀਏ, ਅਸੀਂ ਪੇਂਡੂ ਨਹੀਂ ਦਿਲਾਂ ਦੇ ਮਾੜੇ’ ਅੱਜ ਵੀ ਹਰ ਪੰਜਾਬੀ ਦੀ ਜ਼ੁਬਾਨ ’ਤੇ ਹੈ। ਗੀਤਕਾਰੀ ਤੋਂ ਇਲਾਵਾ ਉਨ੍ਹਾਂ ਨੇ ਪੰਜਾਬੀ ਸਾਹਿਤ ਦੀ ਝੋਲੀ ਵਿੱਚ ਇੱਕ ਦਰਜਨ ਤੋਂ ਵੱਧ ਕਿਤਾਬਾਂ ਪਾਈਆਂ ਅਤੇ ਪ੍ਰਸਿੱਧ ਪੰਜਾਬੀ ਫ਼ਿਲਮ ‘ਬਲਬੀਰੋ ਭਾਬੀ’ ਦਾ ਨਿਰਮਾਣ ਵੀ ਕੀਤਾ।
ਪਰਿਵਾਰਕ ਮੈਂਬਰਾਂ ਅਨੁਸਾਰ ਉਹ ਪਿਛਲੇ ਕੁਝ ਦਿਨਾਂ ਤੋਂ ਕਾਫ਼ੀ ਬਿਮਾਰ ਸਨ ਅਤੇ ਜ਼ੇਰੇ ਇਲਾਜ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਲੇਖਕਾਂ, ਕਲਾਕਾਰਾਂ ਅਤੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਵੱਖ-ਵੱਖ ਸਾਹਿਤਕ ਸਭਾਵਾਂ ਅਤੇ ਸੱਭਿਆਚਾਰਕ ਸੰਸਥਾਵਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਚੰਨ ਗੋਰਾਇਆ ਨੇ ਆਪਣੀ ਪੂਰੀ ਜ਼ਿੰਦਗੀ ਪੰਜਾਬੀ ਮਾਂ-ਬੋਲੀ ਦੇ ਲੇਖੇ ਲਾ ਦਿੱਤੀ। ਉਨ੍ਹਾਂ ਦੀ ਨਿਮਰਤਾ ਅਤੇ ਸਾਹਿਤ ਪ੍ਰਤੀ ਸਮਰਪਣ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗਾ।