ਭਿਆਨਕ ਸੜਕ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ, ਪਰਿਵਾਰ ਵੱਲੋਂ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
Moga Road Accident Youth Die; ਮੋਗਾ ਦੇ ਅੰਮ੍ਰਿਤਸਰ ਰੋਡ ‘ਤੇ ਲੋਹਾਰਾ ਚੌਂਕ ਤੋਂ ਅੱਗੇ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਸਕੂਟਰੀ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਪਿੰਡ ਲੰਡੇਕੇ ਤੋਂ ਅੱਗੇ ਇੱਕ ਹਸਪਤਾਲ ਦੇ ਨੇੜੇ ਰਾਤ ਕਰੀਬ 2 ਵਜੇ ਕਿਸੇ ਅਣਪਛਾਤੇ ਵਾਹਨ ਨੇ ਸਕੂਟਰੀ ਸਵਾਰ ਨੌਜਵਾਨ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵਾ ਸੋਸਾਇਟੀ ਮੋਗਾ ਦੇ ਮੈਂਬਰ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਨੌਜਵਾਨ ਨੂੰ ਤੁਰੰਤ ਮੋਗਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਹਿਚਾਣ ਹਰਪ੍ਰੀਤ ਸਿੰਘ, ਵਾਸੀ ਕੋਟ ਈਸੇ ਖਾਂ ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।