ਸਰਹੱਦੀ ਇਲਾਕਿਆਂ ਲਈ ਆਮ ਆਦਮੀ ਪਾਰਟੀ ਦਾ ਵੱਡਾ ਤੋਹਫ਼ਾ — ਪਿੰਡ ਬਿਕਰਾਊਰ ਨੂੰ ਮਿਲਿਆ ਨਵਾਂ ਸਰਕਾਰੀ ਕਾਲਜ
Latest News: ਸਰਹੱਦੀ ਇਲਾਕਿਆਂ ਦੇ ਵਿਕਾਸ ਲਈ ਇੱਕ ਵੱਡਾ ਕਦਮ ਚੁੱਕਦੇ ਹੋਏ, ਪੰਜਾਬ ਸਰਕਾਰ ਨੇ ਅਜਨਾਲਾ ਹਲਕੇ ਦੇ ਪਿੰਡ ਬੀਕੌਰ ਵਿੱਚ ਇੱਕ ਨਵਾਂ ਸਰਕਾਰੀ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਇਹ ਕਾਲਜ 15 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ, ਜਿਸ ਨਾਲ ਇਲਾਕੇ ਦੇ ਵਿਦਿਆਰਥੀਆਂ ਲਈ ਸਿੱਖਿਆ ਦਾ ਇੱਕ ਨਵਾਂ ਦਰਵਾਜ਼ਾ ਖੁੱਲ੍ਹੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਜਨਾਲਾ ਹਲਕੇ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਕਾਲਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਰਹੱਦੀ ਇਲਾਕੇ ਦੇ ਲੋਕਾਂ ਲਈ ਇੱਕ ਵੱਡਾ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਵਾਅਦੇ ਹੀ ਕੀਤੇ ਸਨ, ਪਰ ਮੌਜੂਦਾ ਸਰਕਾਰ ਨੇ ਉਸ ਵਾਅਦੇ ਨੂੰ ਪੂਰਾ ਕਰਕੇ ਇਤਿਹਾਸਕ ਫੈਸਲਾ ਲਿਆ ਹੈ।
ਧਾਲੀਵਾਲ ਨੇ ਕਿਹਾ ਕਿ ਕਾਲਜ ਦੇ ਨਿਰਮਾਣ ਨਾਲ ਸਰਹੱਦੀ ਇਲਾਕਿਆਂ ਦੇ ਵਿਦਿਆਰਥੀਆਂ ਨੂੰ ਹੁਣ ਉੱਚ ਸਿੱਖਿਆ ਲਈ ਅੰਮ੍ਰਿਤਸਰ ਜਾਂ ਹੋਰ ਦੂਰ-ਦੁਰਾਡੇ ਸ਼ਹਿਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਪਵੇਗੀ। ਇਸ ਪ੍ਰੋਜੈਕਟ ਨਾਲ ਨਾ ਸਿਰਫ਼ ਸਿੱਖਿਆ ਦਾ ਪੱਧਰ ਉੱਚਾ ਹੋਵੇਗਾ, ਸਗੋਂ ਨੌਜਵਾਨਾਂ ਨੂੰ ਆਪਣੇ ਇਲਾਕੇ ਵਿੱਚ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਮਿਲਣਗੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦਾ ਉਦੇਸ਼ ਹਰ ਪਿੰਡ ਵਿੱਚ ਵਿਕਾਸ ਲਿਆਉਣਾ ਹੈ ਅਤੇ ਖਾਸ ਕਰਕੇ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਮਾਮਲੇ ਵਿੱਚ ਸਰਹੱਦੀ ਇਲਾਕਿਆਂ ਨੂੰ ਮਜ਼ਬੂਤ ਕਰਨਾ ਹੈ।
ਧਾਲੀਵਾਲ ਨੇ ਕਿਹਾ ਕਿ ਇਹ ਪ੍ਰੋਜੈਕਟ ਅਜਨਾਲਾ ਹਲਕੇ ਦੀ ਤਸਵੀਰ ਬਦਲਣ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ, ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵਿਕਾਸ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ।