BBMB Dispute Punjab Haryana;ਪੰਜਾਬ-ਹਰਿਆਣਾ ਵਿਚਾਲੇ ਪਾਣੀ ਦਾ ਵਿਵਾਦ ਜਾਰੀ ਹੈ। ਅੱਜ ਫਿਰ ਤੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਵਿੱਚ ਆਪ ਵਰਕਰਾਂ ਨੇ ਨੰਗਲ ਡੈਮ ਤੇ ਧਰਨਾ ਲਗਾ ਦਿੱਤਾ ਹੈ। ਪਾਣੀ ਵਿਵਾਦ ਤੇ ਸੀਐੱਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਕੇਂਦਰ ਦੀ ਬੀਜੇਪੀ ਸਰਕਾਰ ਦੇ ਇਸ਼ਾਰਿਆਂ ‘ਤੇ BBMB ਆਪਣੀਆਂ ਗੰਦੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜਿੱਥੇ ਪੰਜਾਬ ਆਪਣੀ ਸਰਹੱਦ ‘ਤੇ ਮੁਸਤੈਦੀ ਨਾਲ ਪਾਕਿਸਤਾਨ ਦੇ ਖ਼ਿਲਾਫ਼ ਡਟਿਆ ਹੋਇਆ ਹੈ, ਉੱਥੇ ਹੀ ਕੇਂਦਰ ਵਿੱਚ ਬੈਠੀ ਬੀਜੇਪੀ ਸਰਕਾਰ BBMB ਦੇ ਅਧਿਕਾਰੀਆਂ ਰਾਹੀਂ ਇੱਕ ਵਾਰ ਫਿਰ ਪੰਜਾਬ ਦੇ ਪਾਣੀ ‘ਤੇ ਡਾਕਾ ਮਾਰਨ ਜਾ ਰਹੀ ਹੈ। ਮੈਂ ਅਜਿਹਾ ਹਰਗਿਜ਼ ਨਹੀਂ ਹੋਣ ਦਿਆਂਗਾ। ਥੋੜ੍ਹੀ ਦੇਰ ‘ਚ ਨੰਗਲ ਪਹੁੰਚ ਕੇ ਮੈਂ ਉਨ੍ਹਾਂ ਦੀ ਇਸ ਸਾਜ਼ਿਸ਼ ਨੂੰ ਪੂਰਾ ਹੋਣ ਤੋਂ ਰੋਕਾਂਗਾ।
ਹਾਈ ਕੋਰਟ ਨੇ ਕਿਹਾ ਪੰਜਾਬ ਪੁਲਿਸ ਨੂੰ ਬੀਬੀਐਮਬੀ ਦੇ ਕੰਮਕਾਜ ਵਿੱਚ ਦਖਲ ਨਹੀਂ ਦੇਣਾ ਚਾਹੀਦਾ
ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਭਾਖੜਾ ਡੈਮ ਅਤੇ ਲੋਹੰਡ ਕੰਟਰੋਲ ਰੂਮ ਦੇ ਸੰਚਾਲਨ ਸਬੰਧੀ ਪੰਜਾਬ ਸਰਕਾਰ ਜਾਂ ਪੰਜਾਬ ਪੁਲਿਸ ਬੀਬੀਐਮਬੀ ਦੇ ਕੰਮਕਾਜ ਵਿੱਚ ਦਖਲ ਨਹੀਂ ਦੇ ਸਕਦੀ। ਇਸ ਸਬੰਧ ਵਿੱਚ 3 ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ, ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੁਮਿਤ ਗੋਇਲ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹੀ ਭਾਖੜਾ ਨੰਗਲ ਡੈਮ ਦੀ ਸੁਰੱਖਿਆ ਵਧਾ ਸਕਦੀ ਹੈ।
ਹਾਈ ਕੋਰਟ ਨੇ ਕੇਂਦਰ ਸਰਕਾਰ ਦੇ ਗ੍ਰਹਿ ਸਕੱਤਰ ਦੀ ਪ੍ਰਧਾਨਗੀ ਹੇਠ 2 ਮਈ ਨੂੰ ਹੋਈ ਮੀਟਿੰਗ ਦੇ ਫੈਸਲੇ ਨੂੰ ਲਾਗੂ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਇਸ ਵਿੱਚ ਹਰਿਆਣਾ ਨੂੰ 4500 ਕਿਊਸਿਕ ਵਾਧੂ ਪਾਣੀ ਛੱਡਣ ਦਾ ਫੈਸਲਾ ਕੀਤਾ ਗਿਆ ਸੀ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਪੰਜਾਬ ਸਰਕਾਰ ਬੀਬੀਐਮਬੀ ਦੇ ਫੈਸਲੇ ਨਾਲ ਸਹਿਮਤ ਨਹੀਂ ਹੈ, ਤਾਂ ਉਹ ਬੋਰਡ ਦੇ ਚੇਅਰਮੈਨ ਰਾਹੀਂ ਕੇਂਦਰ ਸਰਕਾਰ ਕੋਲ ਪਹੁੰਚ ਕਰ ਸਕਦੀ ਹੈ। ਇਸ ਤੋਂ ਬਾਅਦ, ਕੇਂਦਰ ਸਰਕਾਰ ਨੂੰ ਇਸ ਬਾਰੇ ਫੈਸਲਾ ਲੈਣਾ ਪਵੇਗਾ। ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ਨੂੰ ਇਸ ਸਮੇਂ ਡੈਮ ਤੋਂ ਸਿਰਫ਼ 4000 ਕਿਊਸਿਕ ਪਾਣੀ ਮਿਲ ਰਿਹਾ ਹੈ।