AAP MLA Jaura Majra apologizes:ਸਾਬਕਾ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪਟਿਆਲਾ ਦੇ ਸਮਾਣਾ ਦੇ ਇੱਕ ਸਰਕਾਰੀ ਸਕੂਲ ਦੇ ਅਧਿਆਪਕਾਂ ਬਾਰੇ ਸਟੇਜ ‘ਤੇ ਕਹੇ ਸ਼ਬਦਾਂ ਲਈ ਮੁਆਫੀ ਮੰਗ ਲਈ ਹੈ। ਉਨ੍ਹਾਂ ਨੇ ਅਜਿਹੇ ਸਮੇਂ ਮੁਆਫ਼ੀ ਮੰਗੀ ਹੈ ਜਦੋਂ ਅਧਿਆਪਕਾਂ ਨੇ ਸ਼ੁੱਕਰਵਾਰ ਤੋਂ ਰਾਜ ਭਰ ਵਿੱਚ ਅੰਦੋਲਨ ਦੀ ਚੇਤਾਵਨੀ ਦਿੱਤੀ ਹੈ।
ਇਸ ਦੇ ਨਾਲ ਹੀ, ਵਿਰੋਧੀ ਪਾਰਟੀਆਂ ਇਸ ਮੁੱਦੇ ‘ਤੇ ਹਮਲਾ ਕਰ ਰਹੀਆਂ ਹਨ। ਜੌੜਾਮਾਜਰਾਨੇ ਕਿਹਾ, “ਮੇਰਾ ਇਰਾਦਾ ਅਧਿਆਪਕਾਂ ਨੂੰ ਦੁੱਖ ਪਹੁੰਚਾਉਣ ਦਾ ਨਹੀਂ ਸੀ। ਉਹ ਸਾਡੇ ਸਤਿਕਾਰ ਦੇ ਯੋਗ ਹਨ। ਉਹ ਸਾਡੇ ਗੁਰੂ ਹਨ। ਮੈਂ ਪੂਰੇ ਪੰਜਾਬ ਦੇ ਅਧਿਆਪਕਾਂ ਤੋਂ ਮੁਆਫ਼ੀ ਮੰਗਦਾ ਹਾਂ।”
ਦੱਸ ਦਈਏ ਕਿ ਸਮਾਣਾ ਦੇ ਇੱਕ ਸਕੂਲ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅਧਿਆਪਕਾਂ ਪ੍ਰਤੀ ਵਰਤੀ ਸ਼ਬਦਾਵਲੀ ਦੇ ਵਿਰੋਧ ਵਿੱਚ ਅਧਿਆਪਕ ਵਰਗ ਅੰਦਰ ਰੋਸ ਪਾਇਆ ਜਾ ਰਿਹਾ ਹੈ। ਜਿਸ ਕਰਕੇ ਅਧਿਆਪਕਾਂ ਵੱਲੋਂ ਅਜਿਹੇ ਵਤੀਰੇ ਖਿਲਾਫ ਰੋਸ ਜ਼ਾਹਿਰ ਕੀਤਾ ਗਿਆ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਇਕਾਈ ਵੱਲੋਂ ਚਿੰਟੂ ਪਾਰਕ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਮੱਲ੍ਹੀਆਂ ਦੀ ਪ੍ਰਧਾਨਗੀ ਹੇਠ ਵਿਧਾਇਕ ਜੌੜਾਮਾਜਰਾ ਵਿਰੁੱਧ ਰੋਸ ਜ਼ਾਹਿਰ ਕੀਤਾ ਗਿਆ। ਇਸ ਲਈ ਅਧਿਆਪਕਾਂ ਵੱਲੋਂ ਸੜਕਾਂ ਉੱਤੇ ਉਤਰਨ ਦਾ ਐਲਾਨ ਕੀਤਾ ਸੀ। ਪਰ ਹੁਣ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅਧਿਆਪਕਾਂ ਤੋਂ ਮੁਆਫੀ ਮੰਗ ਲਈ ਹੈ।
ਅਧਿਆਪਕਾਂ ਪ੍ਰਤੀ ਅਪਮਾਨਜਨਕ ਭਾਸ਼ਾ ਦੀ ਕੀਤੀ ਸੀ ਵਰਤੋਂ
ਪੰਜਾਬ ਦੇ ਸਾਬਕਾ ਮੰਤਰੀ ਅਤੇ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿਛਲੇ ਦਿਨੀਂ ਸਮਾਣਾ ਦੇ ਇੱਕ ਸਕੂਲ ਵਿੱਚ ਵਿਦਿਆਰਥੀਆਂ ਦੇ ਸਾਹਮਣੇ ਅਧਿਆਪਕ ਵਰਗ ਨੂੰ ਬੇਇਜ਼ਤ ਕਰਨ ਲਈ ਵਰਤੀ ਗਈ ਅਪਮਾਨਜਨਕ ਭਾਸ਼ਾ ਦੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਇਸ ਗੱਲ ਨੂੰ ਲੈ ਕੇ ਮੁੱਦਾ ਭੱਖ ਗਿਆ ਸੀ। ਅਧਿਆਪਕਾਂ ਵੱਲੋਂ ਮੁਆਫ਼ੀ ਦੀ ਮੰਗ ਕਰਦੇ ਹੋਏ ਚੇਤਾਵਾਨੀ ਦੇ ਦਿੱਤੀ ਗਈ ਸੀ। ਜੇ ਮੁਆਫੀ ਨਾ ਮੰਗੀ ਗਈ ਤਾਂ ਉਹ ਰੋਸ ਪ੍ਰਦਰਸ਼ਨ ਤਿੱਖਾ ਕਰਦੇ ਹੋਏ ਸੜਕਾਂ ਉੱਤੇ ਆ ਜਾਣਗੇ।
ਕੀ ਹੈ ਪੂਰਾ ਮਾਮਲਾ ?
ਦਰਅਸਲ ਸੋਮਵਾਰ ਨੂੰ ਵਿਧਾਇਕ ਜੌੜਾਮਾਜਰਾ ਸਮਾਣਾ ਦੇ ਸਰਕਾਰੀ ਸਕੂਲ ਦੇ ਪ੍ਰੋਗਰਾਮ ਦੇ ਵਿੱਚ ਪਹੁੰਚੇ ਸਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਕੂਲ ਆਫ਼ ਐਮੀਨੈਂਸ ਦੀ ਚਾਰਦੀਵਾਰੀ ਦੇ ਉਦਘਾਟਨ ਸਮੇਂ ਜੌੜੇਮਾਜਰਾ ਉਥੇ ਪੁੱਜੇ। ਕਰੀਬ 2.35 ਮਿੰਟ ਦੀ ਵਾਇਰਲ ਹੋ ਰਹੀ ਵੀਡੀਓ ’ਚ ਦਿਖਾਈ ਦੇ ਰਿਹਾ ਹੈ ਕਿ ਜੌੜੇਮਾਜਰਾ ਨੂੰ ਜਦੋਂ ਇਕੱਠ ਨੂੰ ਸੰਬੋਧਨ ਕਰਨ ਲਈ ਸੱਦਿਆ ਗਿਆ ਤਾਂ ਉਹ ਮਾਹੌਲ ਨੂੰ ਦੇਖ ਕੇ ਖਿੱਝ ਗਏ। ਉਨ੍ਹਾਂ ਮਾਈਕ ਸੰਭਾਲਦਿਆਂ ਹੀ ਮਾੜੇ ਪ੍ਰਬੰਧਾਂ ਲਈ ਪ੍ਰਿੰਸੀਪਲ ਹਰਜੋਤ ਕੌਰ ਨੂੰ ਝਾੜ ਮਾਰੀ।” ਜਿਸ ਤੋਂ ਬਾਅਦ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਗਈ।