‘ਆਪ’ ਦੀ ਪਹਿਲੀ ਸੂਚੀ ਤੋਂ ਬਾਅਦ ਪੰਜਾਬ ’ਚ ਸਿਆਸੀ ਹਲਚਲ, ਦੋ ਵਿਧਾਇਕਾਂ ਨੇ ਛੱਡੀ ਪਾਰਟੀ
ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਛੱਡ ਦਿੱਤੀ ਹੈ। ਦੋਵਾਂ ਵਿਧਾਇਕਾਂ ਦੇ ਅੱਜ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨ ਸਭਾ ਦੌਰਾਨ ਭਾਜਪਾ ਵਿੱਚ ਸ਼ਾਮਲ ਹੋਣ ਦੀ ਚਰਚਾ ਹੈ। ਹਾਲਾਂਕਿ, ਇਸ ਸਬੰਧੀ ਅਧਿਕਾਰਤ ਪੁਸ਼ਟੀ ਨਹੀਂ ਹੋਈ। ਦੋਵਾਂ ਨੇ ਪਾਰਟੀ ਛੱਡਣ ਦੇ ਕਾਰਨ ਦੱਸਣ ਲਈ ਅੱਜ ਸ਼ਾਮ 4:30 ਵਜੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਵੀ ਸੱਦੀ ਹੈ।
ਜੌੜਾਮਾਜਰਾ ਦੀ ਥਾਂ ਰੱਖੜਾ ਨੂੰ ਮਿਲੀ ਸੀ ਜ਼ਿੰਮੇਵਾਰੀ
ਚੇਤਨ ਸਿੰਘ ਜੌੜਾਮਾਜਰਾ ਪੰਜਾਬ ਦੀ ‘ਆਪ’ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ। ਕੁਝ ਸਮਾਂ ਪਹਿਲਾਂ ਪਾਰਟੀ ਨੇ ਸਾਬਕਾ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਨੂੰ ਸਮਾਣਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕਰ ਦਿੱਤਾ ਸੀ।
ਪਠਾਣਮਾਜਰਾ ’ਤੇ ਦਰਜ ਹੋਇਆ ਸੀ ਜਬਰ-ਜਨਾਹ ਦਾ ਕੇਸ
ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖ਼ਿਲਾਫ਼ ਜਬਰ-ਜਨਾਹ ਦਾ ਮਾਮਲਾ ਦਰਜ ਹੋਇਆ ਸੀ। ਇਸ ਤੋਂ ਬਾਅਦ ਉਹ ਆਸਟ੍ਰੇਲੀਆ ਚਲੇ ਗਏ ਸਨ। ਜਾਂਚ ਵਿੱਚ ਸ਼ਾਮਲ ਹੋਣ ਲਈ ਵਾਪਸ ਆਉਣ ’ਤੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਦੋਵਾਂ ਵਿਧਾਇਕਾਂ ਦੇ ਪਾਰਟੀ ਛੱਡਣ ਅਤੇ ਸੰਭਾਵਿਤ ਭਾਜਪਾ ਵਿੱਚ ਸ਼ਮੂਲੀਅਤ ਨੂੰ ਪੰਜਾਬ ਦੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।