ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਅਕਾਊਂਟ ਹੈਕ, ਲੋਕਾਂ ਤੋਂ ਪੈਸੇ ਮੰਗੇ
Bhagwant Singh Dhangera cyber fraud; ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਾਈਬਰ ਅਪਰਾਧੀਆਂ ਦਾ ਸ਼ਿਕਾਰ ਹੋ ਗਏ ਹਨ। ਸ਼ਾਤਰ ਹੈਕਰਾਂ ਵੱਲੋਂ ਉਨ੍ਹਾਂ ਦਾ ਮੋਬਾਈਲ ਅਕਾਊਂਟ ਹੈਕ ਕਰਕੇ ਉਨ੍ਹਾਂ ਦੇ ਨਜ਼ਦੀਕੀਆਂ ਅਤੇ ਸੰਪਰਕਾਂ ਨੂੰ ਪੈਸਿਆਂ ਦੀ ਮੰਗ ਕਰਨ ਵਾਲੇ ਫਰਜ਼ੀ ਸੰਦੇਸ਼ ਭੇਜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਹੈਕਰਾਂ ਨੇ ਮੈਨੇਜਰ ਧੰਗੇੜਾ ਦੇ ਨਾਂ ਦੀ ਵਰਤੋਂ ਕਰਦਿਆਂ ਕਈ ਵਿਅਕਤੀਆਂ ਨੂੰ ਮੈਸੇਜ ਭੇਜੇ ਕਿ ਉਨ੍ਹਾਂ ਨੂੰ ਕਿਸੇ ਜ਼ਰੂਰੀ ਕੰਮ ਲਈ ਤੁਰੰਤ ਮਾਲੀ ਮਦਦ ਦੀ ਲੋੜ ਹੈ। ਇਸ ਧੋਖਾਧੜੀ ਦਾ ਖੁਲਾਸਾ ਉਦੋਂ ਹੋਇਆ ਜਦੋਂ ਮੈਸੇਜ ਪ੍ਰਾਪਤ ਕਰਨ ਵਾਲੇ ਕੁਝ ਮਿੱਤਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਸ਼ੱਕ ਪੈਣ ‘ਤੇ ਸਿੱਧਾ ਮੈਨੇਜਰ ਸਾਹਿਬ ਨਾਲ ਰਾਬਤਾ ਕਾਇਮ ਕੀਤਾ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਭਗਵੰਤ ਸਿੰਘ ਧੰਗੇੜਾ ਨੇ ਤੁਰੰਤ ਸਪੱਸ਼ਟੀਕਰਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਮੋਬਾਈਲ ਨੰਬਰ/ਅਕਾਊਂਟ ਹੈਕ ਕਰ ਲਿਆ ਗਿਆ ਹੈ ਅਤੇ ਮੇਰੇ ਵੱਲੋਂ ਕਿਸੇ ਵੀ ਕਿਸਮ ਦੀ ਪੈਸਿਆਂ ਦੀ ਮੰਗ ਨਹੀਂ ਕੀਤੀ ਗਈ। ਉਨ੍ਹਾਂ ਸੰਗਤ ਅਤੇ ਆਪਣੇ ਸਨੇਹੀਆਂ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਕਿਸੇ ਵੀ ਸੰਦੇਸ਼ ਦੇ ਚੁੰਗਲ ਵਿੱਚ ਨਾ ਫਸਣ ਅਤੇ ਕਿਸੇ ਨੂੰ ਵੀ ਪੈਸੇ ਟ੍ਰਾਂਸਫਰ ਨਾ ਕਰਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਨੱਥ ਪਾਈ ਜਾ ਸਕੇ।