ਚਟੋਪਾਧਿਆਏ ਤੋਂ ਬਾਅਦ ਮਜੀਠੀਆ ਕੇਸ ‘ਚ ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਹੋਣਗੇ ਵਿਜੀਲੈਂਸ ਸਾਹਮਣੇ ਪੇਸ਼, ਜਾਂਚ ‘ਚ ਦੇਣਗੇ ਸਹਿਯੋਗ
Majithia Case: ਨਿਰੰਜਣ ਸਿੰਘ ਉਹੀ ਅਧਿਕਾਰੀ ਹਨ ਜਿਨ੍ਹਾਂ ਨੇ 2014 ਵਿੱਚ ਮਜੀਠੀਆ ਵਿਰੁੱਧ ਈਡੀ ਦੀ ਜਾਂਚ ਦੌਰਾਨ ਮਹੱਤਵਪੂਰਨ ਭੂਮਿਕਾ ਨਿਭਾਈ ਸੀ।
Former ED Deputy Director Vigilance: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਨਸ਼ਾ ਤਸਕਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੂੰ ਤਲਬ ਕੀਤਾ ਹੈ।
ਦੱਸ ਦਈਏ ਕਿ ਉਨ੍ਹਾਂ ਨੇ ਵਿਜੀਲੈਂਸ ਨੂੰ ਜਾਣਕਾਰੀ ਦੇਣ ਲਈ ਸਹਿਮਤੀ ਜਤਾਈ ਹੈ ਤੇ ਅੱਜ ਯਾਨੀ ਸ਼ਨੀਵਾਰ 28 ਜੂਨ ਨੂੰ ਦੁਪਹਿਰ 12 ਵਜੇ ਉਹ ਮੋਹਾਲੀ ਸਥਿਤ ਵਿਜੀਲੈਂਸ ਦਫ਼ਤਰ ਵਿੱਚ ਹਾਜ਼ਰ ਹੋਣਗੇ। ਇਸ ਤੋਂ ਪਹਿਲਾਂ ਬੀਤੇ ਦਿਨ ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਵੀ ਵਿਜੀਲੈਂਸ ਦਫ਼ਤਰ ਪਹੁੰਚੇ ਸੀ।
ਨਿਰੰਜਣ ਸਿੰਘ ਉਹੀ ਅਧਿਕਾਰੀ ਹਨ ਜਿਨ੍ਹਾਂ ਨੇ 2014 ਵਿੱਚ ਮਜੀਠੀਆ ਵਿਰੁੱਧ ਈਡੀ ਦੀ ਜਾਂਚ ਦੌਰਾਨ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਨਾਮ ਪੁਲਿਸ ਵੱਲੋਂ ਦਰਜ ਕੀਤੀ ਗਈ ਐਫਆਈਆਰ ਵਿੱਚ ਨਹੀਂ ਸੀ, ਪਰ ਜਦੋਂ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦਾ ਨਾਮ ਸਾਹਮਣੇ ਆਇਆ। ਇਸ ਤੋਂ ਬਾਅਦ ਉਨ੍ਹਾਂ ਦੀ ਅਗਵਾਈ ਵਿੱਚ ਮਾਮਲੇ ਦੇ ਵਿੱਤੀ ਪਹਿਲੂਆਂ ਦੀ ਵੀ ਜਾਂਚ ਕੀਤੀ ਗਈ।
ਨਿਰੰਜਣ ਸਿੰਘ ਨੇ ਕਿਹਾ ਕਿ ਇਹ ਜਾਂਚ 2021 ਵਿੱਚ ਉਨ੍ਹਾਂ ਦੀ ਸੇਵਾਮੁਕਤੀ ਤੱਕ ਚੱਲ ਰਹੀ ਸੀ ਅਤੇ ਹੁਣ ਵੀ ਇਸ ਮਾਮਲੇ ਦੀ ਸਟੇਟਸ ਰਿਪੋਰਟ ਅਦਾਲਤ ‘ਚ ਪੇਸ਼ ਕੀਤੀ ਜਾ ਚੁੱਕੀ ਹੈ, ਇਸ ਲਈ ਉਹ ਇਸ ਸਮੇਂ ਹੋਰ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ।