ਅਕਾਲ ਤਖ਼ਤ ਸਾਹਿਬ ਵੱਲੋਂ ‘ਆਪ’ ਵਿਧਾਇਕਾਂ ਤੇ ਆਗੂਆਂ ਨੂੰ ਪੇਸ਼ ਹੋਣ ਲਈ ਨਵੀਂ ਤਰੀਕ ਜਾਰੀ
- ਮਨਵਿੰਦਰ ਸਿੰਘ ਗਿਆਸਪੁਰਾ ਮਾਮਲੇ ’ਚ ਹੁਣ 16 ਅਕਤੂਬਰ ਨੂੰ ਸਵੇਰੇ 11 ਵਜੇ ਦੇਣਾ ਪਵੇਗਾ ਸਪੱਸ਼ਟੀਕਰਨ
Akal Takht Sahib issues new date for ‘AAP’ MLAs: ਅੰਮ੍ਰਿਤਸਰ: ਲੁਧਿਆਣਾ ਦੇ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਸਬੰਧਤ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ਅਤੇ ਆਗੂਆਂ ਦੇ ਪੇਸ਼ ਹੋਣ ਦੀ ਤਰੀਕ ਬਦਲ ਦਿੱਤੀ ਹੈ। ਪਹਿਲਾਂ ਉਨ੍ਹਾਂ ਨੂੰ 15 ਅਕਤੂਬਰ ਨੂੰ ਦੁਪਹਿਰ 12 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀ। ਹੁਣ ਉਨ੍ਹਾਂ ਨੂੰ 16 ਅਕਤੂਬਰ ਨੂੰ ਸਵੇਰੇ 11 ਵਜੇ ਪੇਸ਼ ਹੋਣ ਲਈ ਪੱਤਰ ਜਾਰੀ ਕੀਤੇ ਗਏ ਹਨ।
ਇਹ ਫ਼ੈਸਲਾ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਦੇ ਕਤਲ ਦੇ ਵਿਰੋਧ ਵਿੱਚ ਉਨ੍ਹਾਂ ਦੇ ਪਰਿਵਾਰ ਵੱਲੋਂ 15 ਅਕਤੂਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਲਿਆ ਗਿਆ ਹੈ।
ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ 15 ਅਕਤੂਬਰ ਨੂੰ ਸਕੱਤਰੇਤ ਵਿਖੇ ਘੋਖ ਕਮੇਟੀ ਦੀ ਇਕੱਤਰਤਾ ਵੀ ਰੱਖੀ ਗਈ ਸੀ। ਇਸ ਵਿੱਚ ਵੱਖ-ਵੱਖ ਮਾਮਲਿਆਂ ਨਾਲ ਸਬੰਧਤ ਧਿਰਾਂ ਨੂੰ ਸੱਦਿਆ ਗਿਆ ਸੀ। ਪਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਇਹ ਇਕੱਤਰਤਾ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਘੋਖ ਕਮੇਟੀ ਦੀ ਅਗਲੀ ਇਕੱਤਰਤਾ ਦੀ ਤਰੀਕ ਸਬੰਧਤ ਧਿਰਾਂ ਨੂੰ ਬਾਅਦ ਵਿੱਚ ਦੱਸੀ ਜਾਵੇਗੀ।
