ਪੰਜਾਬ ’ਚ ਤਿੰਨ ਦਿਨਾਂ ਲਈ ਮੀਂਹ, ਹਨੇਰੀ ਤੇ ਗੜੇਮਾਰੀ ਦਾ ਅਲਰਟ
Alert issued for rain in Punjab: ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨਾਂ ਦੌਰਾਨ ਹਨੇਰੀ, ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ 13 ਅਕਤੂਬਰ ਨੂੰ ਕੁਝ ਥਾਵਾਂ ’ਤੇ ਗਰਜ-ਚਮਕ ਨਾਲ ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ। 14 ਅਤੇ 15 ਅਕਤੂਬਰ ਨੂੰ ਵੀ ਤੇਜ਼ ਹਵਾਵਾਂ ਦੇ ਨਾਲ ਕੁਝ ਥਾਵਾਂ ’ਤੇ ਗੜੇ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ, ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 4.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਪਰ ਇਹ ਹਾਲੇ ਵੀ ਆਮ ਨਾਲੋਂ 2.4 ਡਿਗਰੀ ਘੱਟ ਹੈ। ਭਾਖੜਾ ਡੈਮ ਵਿਖੇ ਸਭ ਤੋਂ ਵੱਧ ਤਾਪਮਾਨ 32.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਵੇਰ ਵੇਲੇ ਮੌਸਮ ਵਿੱਚ ਠੰਢਕ ਮਹਿਸੂਸ ਹੋਣ ਲੱਗੀ ਹੈ।
ਛੇ ਜ਼ਿਲ੍ਹਿਆਂ ਲਈ ਅਲਰਟ
ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਿੱਚ ਗਰਜ-ਚਮਕ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਦੇ ਮੱਦੇਨਜ਼ਰ ਅਲਰਟ ਜਾਰੀ ਕੀਤਾ ਹੈ।
ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਵਾਲਾ ਰਹਿਣ ਅਤੇ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਸ਼ਹਿਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।
ਪੱਛਮੀ ਗੜਬੜੀ ਕਾਰਨ ਬਦਲੇਗਾ ਮੌਸਮ
ਮੌਸਮ ਵਿਭਾਗ ਮੁਤਾਬਕ, ਪਾਕਿਸਤਾਨ ਵਿੱਚ ਚੱਕਰਵਾਤੀ ਹਵਾਵਾਂ ਦਾ ਖੇਤਰ ਬਣ ਰਿਹਾ ਹੈ, ਜਦਕਿ ਹਿਮਾਚਲ ਪ੍ਰਦੇਸ਼ ਅਤੇ ਉੱਤਰੀ ਹਰਿਆਣਾ ਦੇ ਆਸ-ਪਾਸ ਪੱਛਮੀ ਗੜਬੜੀ ਸਰਗਰਮ ਹੈ। ਇਨ੍ਹਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਬੱਦਲਵਾਈ, ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
14 ਅਤੇ 15 ਅਕਤੂਬਰ ਨੂੰ ਵੀ ਹਨੇਰੀ, ਬਿਜਲੀ ਡਿੱਗਣ ਅਤੇ ਗੜੇਮਾਰੀ ਦੀ ਸੰਭਾਵਨਾ ਬਣੀ ਹੋਈ ਹੈ। 16 ਅਕਤੂਬਰ ਲਈ ਫਿਲਹਾਲ ਕੋਈ ਮੌਸਮੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ।
