Banner
Banner

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਲਈ ਸਾਰੇ ਪ੍ਰਬੰਧ ਮੁਕੰਮਲ, ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ

ਤਰਨ ਤਾਰਨ– ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਭਲਕੇ 11 ਨਵੰਬਰ ਨੂੰ ਹੋਣ ਵਾਲੀ ਉਪ ਚੋਣ ਲਈ ਪ੍ਰਬੰਧ ਮੁਕੰਮਲ ਹੋ ਗਏ ਹਨ। ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਸਾਰੀਆਂ ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਸਮੇਤ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ ਤੋਂ ਰਵਾਨਾ ਕੀਤਾ ਗਿਆ ਜੋ ਸ਼ਾਮ ਤੱਕ ਵਿਧਾਨ ਸਭਾ ਹਲਕੇ ਦੇ ਸਾਰੇ ਪੋਲਿੰਗ ਬੂਥਾਂ […]
Amritpal Singh
By : Updated On: 10 Nov 2025 19:06:PM
ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਲਈ ਸਾਰੇ ਪ੍ਰਬੰਧ ਮੁਕੰਮਲ, ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ

ਤਰਨ ਤਾਰਨ– ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਭਲਕੇ 11 ਨਵੰਬਰ ਨੂੰ ਹੋਣ ਵਾਲੀ ਉਪ ਚੋਣ ਲਈ ਪ੍ਰਬੰਧ ਮੁਕੰਮਲ ਹੋ ਗਏ ਹਨ। ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਸਾਰੀਆਂ ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਸਮੇਤ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ ਤੋਂ ਰਵਾਨਾ ਕੀਤਾ ਗਿਆ ਜੋ ਸ਼ਾਮ ਤੱਕ ਵਿਧਾਨ ਸਭਾ ਹਲਕੇ ਦੇ ਸਾਰੇ ਪੋਲਿੰਗ ਬੂਥਾਂ ਉੱਪਰ ਪਹੁੰਚ ਗਈਆਂ ਹਨ।

11 ਨਵੰਬਰ ਨੂੰ ਹੋ ਰਹੀ ਤਰਨ ਤਾਰਨ ਉਪ ਚੋਣ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ, ਆਈ.ਏ.ਐੱਸ. ਨੇ ਦੱਸਿਆ ਕਿ ਵੋਟਾਂ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਪੈਣਗੀਆਂ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,92,838 ਹੈ। ਇਸ ਵਿੱਚ 1,00,933 ਪੁਰਸ਼ ਵੋਟਰ, 91,897 ਮਹਿਲਾ ਵੋਟਰ ਅਤੇ 8 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ ਕੁੱਲ ਸਰਵਿਸ ਵੋਟਰ 1,357, ਜਦਕਿ 85 ਸਾਲ ਦੀ ਉਮਰ ਤੋਂ ਵੱਧ ਵਾਲੇ ਕੁੱਲ ਵੋਟਰਾਂ ਦੀ ਗਿਣਤੀ 1,657 ਹੈ। ਉੱਥੇ ਹੀ ਕੁੱਲ ਐਨ.ਆਰ.ਆਈ ਵੋਟਰ 306 ਅਤੇ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 1,488 ਹੈ। ਇਸ ਦੇ ਨਾਲ ਹੀ 18 ਤੋਂ 19 ਸਾਲ ਦੀ ਉਮਰ ਵਾਲੇ ਵੋਟਰਾਂ ਦੀ ਕੁੱਲ ਗਿਣਤੀ 3,333 ਹੈ।

ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ 114 ਪੋਲਿੰਗ ਲੋਕੇਸ਼ਨਾਂ ਉੱਪਰ 222 ਪੋਲਿੰਗ ਬੂਥ ਬਣਾਏ ਗਏ ਹਨ ਜਿਨ੍ਹਾਂ ਵਿੱਚ 4 ਮਾਡਲ ਪੋਲਿੰਗ ਬੂਥ ਬਣਾਏ ਗਏ ਹਨ। ਇਸ ਤੋਂ ਇਲਾਵਾ 3 ਪਿੰਕ ਵੂਮੈਨ ਬੂਥ ਬਣਾਏ ਗਏ ਹਨ ਜਿੱਥੇ ਸਾਰਾ ਸਟਾਫ਼ ਮਹਿਲਾਵਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 1 ਪੀ.ਡਬਲਿਊ.ਡੀ. ਪੋਲਿੰਗ ਬੂਥ ਵੀ ਬਣਾਇਆ ਗਿਆ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਸਾਰੇ 222 ਪੋਲਿੰਗ ਸਟੇਸ਼ਨਾਂ ‘ਤੇ ਲਾਜ਼ਮੀ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੀ.ਡਬਲਿਊ.ਡੀ. ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਦੀ ਸਹਾਇਤਾ ਲਈ ਹਰ ਪੋਲਿੰਗ ਬੂਥ ਉੱਪਰ ਵਲੰਟੀਅਰ ਵੀ ਤਾਇਨਾਤ ਕੀਤੇ ਗਏ ਹਨ।

ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਨੇ ਕਿਹਾ ਕਿ 021-ਤਰਨ ਤਾਰਨ ਉਪ ਚੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਕੌਮਾਂਤਰੀ ਸਰਹੱਦ ਨਾਲ ਲੱਗਦੇ ਜ਼ਿਲ੍ਹਾ ਤਰਨਤਾਰਨ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦੀ ਮਸ਼ੀਨਰੀ ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਵਿੱਚ ਪੰਜਾਬ ਪੁਲਿਸ ਦੇ ਨਾਲ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 12 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਤਾਇਨਾਤੀ ਯੋਜਨਾ ਅਨੁਸਾਰ 222 ਪੋਲਿੰਗ ਸਟੇਸ਼ਨਾਂ ਨੂੰ ਕਵਰ ਕਰਦੇ ਹੋਏ, ਸਾਰੇ 114 ਪੋਲਿੰਗ ਸਟੇਸ਼ਨ ਸਥਾਨਾਂ ਉੱਤੇ ਕੇਂਦਰੀ ਬਲਾਂ ਦੇ ਜਵਾਨ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਸੀਸੀਟੀਵੀ ਕੈਮਰੇ ਅਤੇ ਵੈਬਕਾਸਟਿੰਗ ਦੀ ਵਿਵਸਥਾ ਹੋਵੇਗੀ, ਜਿਨ੍ਹਾਂ ਦੀ ਨਿਗਰਾਨੀ ਜ਼ਿਲ੍ਹਾ ਚੋਣ ਅਧਿਕਾਰੀ, ਰੀਟਰਨਿੰਗ ਅਧਿਕਾਰੀ ਅਤੇ ਮੁੱਖ ਚੋਣ ਅਧਿਕਾਰੀ ਪੱਧਰ `ਤੇ ਚੋਣ ਕਮਿਸ਼ਨ ਦੀ ਦੇਖਰੇਖ ਹੇਠ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਸਥਾਨਾਂ ਨੂੰ 46 ਮਾਈਕ੍ਰੋ ਅਬਜ਼ਰਵਰ ਵੀ ਲਗਾਏ ਗਏ ਹਨ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ ਵਿਖੇ ਈ.ਵੀ.ਐੱਮ. ਦਾ ਸਟਰਾਂਗ ਰੂਮ ਬਣਾਇਆ ਗਿਆ ਹੈ ਅਤੇ ਇਥੇ ਹੀ 14 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਨੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 11 ਨਵੰਬਰ ਨੂੰ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਹੋਣ ਵਾਲੀ ਵੋਟਿੰਗ ਦੌਰਾਨ ਨਿਡਰਤਾ ਨਾਲ ਅੱਗੇ ਆ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।

Read Latest News and Breaking News at Daily Post TV, Browse for more News

Ad
Ad