ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਅਮਿਤ ਸ਼ਾਹ ਨੇ ਚੁੱਕੇ ਸਵਾਲ, ਪੰਜਾਬੀ ‘ਚ ਕੀਤਾ ਟਵੀਟ
Amit Shah raises questions about Punjab’s law and order: ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਮੁੱਦੇ ’ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਦਿੜਬਾ ਵਿੱਚ ਇੱਕ ਪਿਤਾ ਵੱਲੋਂ ਕਥਿਤ ਦਬਾਅ ਹੇਠ ਜ਼ਹਿਰ ਖਾਣ ਅਤੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਹੱਤਿਆ ਦੀਆਂ ਘਟਨਾਵਾਂ ਨੇ ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਇਨ੍ਹਾਂ ਦੋਵਾਂ ਘਟਨਾਵਾਂ ਬਾਰੇ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇਸ ਦੇ ਇੱਕ ਵਿਧਾਇਕ ’ਤੇ ਗੰਭੀਰ ਦੋਸ਼ ਲਗਾਏ ਹਨ।
ਅਮਿਤ ਸ਼ਾਹ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਵਧ ਰਿਹਾ ਹੈ ਅਤੇ ਸੰਗਠਿਤ ਅਪਰਾਧ ਦਾ ਖ਼ਤਰਾ ਗੰਭੀਰ ਹੁੰਦਾ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪ੍ਰਚਾਰ ਅਤੇ ਐਲਾਨਾਂ ਦੀ ਬਜਾਏ ਠੋਸ ਨਤੀਜੇ ਚਾਹੀਦੇ ਹਨ। ਉਨ੍ਹਾਂ ਨਸ਼ਾ ਤਸਕਰੀ ਦੇ ਨੈੱਟਵਰਕ ਵਿਰੁੱਧ ਫ਼ੈਸਲਾਕੁਨ ਕਾਰਵਾਈ ਅਤੇ ਅਪਰਾਧੀਆਂ ਨੂੰ ਮਿਲ ਰਹੀ ਕਿਸੇ ਵੀ ਕਥਿਤ ਸਿਆਸੀ ਸਰਪ੍ਰਸਤੀ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।
ਭਾਜਪਾ ਦੇ ਸੱਤਾ ਵਿੱਚ ਆਉਣ ’ਤੇ ਪੰਜਾਬ ਨੂੰ ਨਸ਼ਾਮੁਕਤ, ਗੈਂਗਸਟਰਮੁਕਤ ਅਤੇ ਸੁਰੱਖਿਅਤ ਬਣਾਉਣ ਦਾ ਸੰਕਲਪ ਦੁਹਰਾਉਂਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ’ਤੇ ਸਖ਼ਤ ਕਾਰਵਾਈ, ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਕਦਮ ਚੁੱਕਣਾ ਉਨ੍ਹਾਂ ਦੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਜਿਹਾ ਕਾਨੂੰਨ ਦਾ ਰਾਜ ਹੋਣਾ ਚਾਹੀਦਾ ਹੈ, ਜਿੱਥੇ ਕਿਸੇ ਵੀ ਨਾਗਰਿਕ ਨੂੰ ਡਰ ਦੇ ਮਾਹੌਲ ਵਿੱਚ ਨਾ ਰਹਿਣਾ ਪਵੇ।
