ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਜੁਝਾਰ ਸਿੰਘ ਐਵੇਨਿਊ ਇਲਾਕੇ ਵਿੱਚ ਅੱਜ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਹਰਪ੍ਰੀਤ ਸਿੰਘ ਨਾਮਕ ਵਿਅਕਤੀ ਨੇ ਕਥਿਤ ਤੌਰ ’ਤੇ ਪਹਿਲਾਂ ਆਪਣੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰੀ, ਫਿਰ ਆਪਣੀ ਬਜ਼ੁਰਗ ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਉਸ ਨੇ ਖ਼ੁਦ ਨੂੰ ਵੀ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ।
ਇਸ ਘਟਨਾ ਵਿੱਚ ਮਾਂ-ਪੁੱਤ ਅਤੇ ਦੋਵੇਂ ਪਾਲਤੂ ਕੁੱਤਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਰ ਵਿੱਚੋਂ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਦਿਆਂ ਹੀ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਮੁੱਢਲੀ ਜਾਣਕਾਰੀ ਅਨੁਸਾਰ, ਹਰਪ੍ਰੀਤ ਸਿੰਘ ਕਰੀਬ ਸੱਤ ਸਾਲ ਪਹਿਲਾਂ ਇੰਗਲੈਂਡ ਤੋਂ ਵਾਪਸ ਭਾਰਤ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਨਸ਼ੇ ਦਾ ਆਦੀ ਸੀ ਅਤੇ ਇਸ ਕਾਰਨ ਘਰ ਵਿੱਚ ਅਕਸਰ ਝਗੜੇ ਰਹਿੰਦੇ ਸਨ। ਉਸ ਦੀ ਇਸ ਆਦਤ ਤੋਂ ਪਰੇਸ਼ਾਨ ਹੋ ਕੇ ਪਤਨੀ ਵੀ ਪਹਿਲਾਂ ਹੀ ਉਸ ਨੂੰ ਛੱਡ ਕੇ ਜਾ ਚੁੱਕੀ ਸੀ।
ਘਟਨਾ ਦੀ ਸੂਚਨਾ ਮਿਲਣ ’ਤੇ ਸਥਾਨਕ ਪੁਲਿਸ ਅਤੇ ਉੱਚ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਘਰ ਨੂੰ ਘੇਰੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਅਧਿਕਾਰੀਆਂ ਮੁਤਾਬਕ, ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ਘਟਨਾ ਪਿੱਛੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।