ਅੰਮ੍ਰਿਤਸਰ ’ਚ ਹੋਵੇਗੀ NRI ਮਿਲਣੀ, ਮੰਤਰੀ ਡਾ. ਰਵਜੋਤ ਸਿੰਘ ਹੋਣਗੇ ਮੁੱਖ ਮਹਿਮਾਨ, ਮੌਕੇ ’ਤੇ ਹੱਲ ਲਈ ਕੀਤੀ ਜਾਵੇਗੀ ਕਾਰਵਾਈ
Amritsar NRI Milni 2026; ਮਾਝਾ ਖੇਤਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਹੱਲ ਲਈ 23 ਸਤੰਬਰ ਨੂੰ ਅੰਮ੍ਰਿਤਸਰ ’ਚ NRI ਮਿਲਣੀ ਕਰਵਾਈ ਜਾਵੇਗੀ। ਪੰਜਾਬ ਸਰਕਾਰ ਵੱਲੋਂ ਇਹ ਮਿਲਣੀ ਸਵੇਰੇ 10 ਵਜੇ ਹੋਟਲ ਲੀ-ਮੇਰਿਡੀਅਨ ’ਚ ਕਰਵਾਈ ਜਾਵੇਗੀ। ਇਸ ਪ੍ਰੋਗਰਾਮ ’ਚ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਇਸ NRI ਮਿਲਣੀ ’ਚ ਮਾਝਾ ਖੇਤਰ ਦੇ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਨਾਲ ਸਬੰਧਤ ਪ੍ਰਵਾਸੀ ਭਾਰਤੀ ਹਿੱਸਾ ਲੈਣਗੇ। ਪ੍ਰੋਗਰਾਮ ਦੌਰਾਨ NRI ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸਬੰਧਤ ਅਧਿਕਾਰੀਆਂ ਸਾਹਮਣੇ ਰੱਖ ਸਕਣਗੇ। ਮੌਕੇ ’ਤੇ ਹੀ ਇਨ੍ਹਾਂ ਮਾਮਲਿਆਂ ਦੇ ਹੱਲ ਲਈ ਜ਼ਰੂਰੀ ਕਾਰਵਾਈ ਕੀਤੀ ਜਾਵੇਗੀ।
ਸੀਨੀਅਰ ਅਧਿਕਾਰੀ ਅਤੇ ਪ੍ਰਸ਼ਾਸਨਿਕ ਅਫਸਰ ਰਹਿਣਗੇ ਮੌਜੂਦ
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਮੰਤਰੀ ਡਾ. ਰਵਜੋਤ ਸਿੰਘ ਤੋਂ ਇਲਾਵਾ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮਿਲਣੀ ’ਚ ਮੌਜੂਦ ਰਹਿਣਗੇ। ਇਸ ਦੇ ਨਾਲ ਹੀ ਮਾਝਾ ਖੇਤਰ ਦੇ ਚਾਰਾਂ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀ ਵੀ ਸ਼ਾਮਲ ਹੋਣਗੇ।
ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਸਿੱਧੀਆਂ ਸੁਣੇਗਾ ਪ੍ਰਸ਼ਾਸਨ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮਿਲਣੀ ਦਾ ਮੁੱਖ ਮਕਸਦ ਪ੍ਰਵਾਸੀ ਭਾਰਤੀਆਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਸਬੰਧਤ ਵਿਭਾਗਾਂ ਰਾਹੀਂ ਉਨ੍ਹਾਂ ਦੇ ਹੱਲ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣਾ ਹੈ।
ਪ੍ਰਸ਼ਾਸਨ ਵੱਲੋਂ ਮਾਝਾ ਖੇਤਰ ਦੇ ਸਾਰੇ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 23 ਸਤੰਬਰ ਨੂੰ ਸਵੇਰੇ 10 ਵਜੇ ਹੋਟਲ ਲੀ-ਮੇਰਿਡੀਅਨ, ਅੰਮ੍ਰਿਤਸਰ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਅਧਿਕਾਰੀਆਂ ਸਾਹਮਣੇ ਰੱਖਣ।
