Gujarat Assembly Elections: ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਤੋਂ ਦੋ ਦਿਨਾਂ ਦੇ ਦੌਰੇ ਲਈ ਗੁਜਰਾਤ ਪਹੁੰਚੇ ਹਨ। ਇੱਥੇ ਉਹ ਮੋਡਾਸਾ ਅਤੇ ਡੇਡੀਆਪਾੜਾ ਵਿੱਚ ਵਿਸ਼ਾਲ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨਗੇ।
Arvind Kejriwal and Bhagwant Mann Gujarat Visit: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੋ ਦਿਨਾਂ ਦੇ ਦੌਰੇ ‘ਤੇ ਗੁਜਰਾਤ ਹਨ। ਇਸ ਦੌਰੇ ‘ਤੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਨ। ਦੱਸ ਦਈਏ ਕਿ ਦੋਵੇਂ ਨੇਤਾ 23 ਅਤੇ 24 ਜੁਲਾਈ ਨੂੰ ਦੋਵੇਂ ਆਗੂ ਭਾਜਪਾ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੈਲੀ ਕਰਨਗੇ।
ਆਪਣੇ ਦੋ ਦਿਨਾਂ ਦੌਰੇ ਦੌਰਾਨ ਦੋਵੇਂ ਆਗੂ ਮੋਡਾਸਾ ਅਤੇ ਡੇਡੀਆਪਾੜਾ ਵਿੱਚ ਵਿਸ਼ਾਲ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨਗੇ ਅਤੇ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਣਗੇ। ਉਹ ਉੱਥੇ ‘ਆਪ’ ਨੇਤਾ ਚੈਤਰ ਵਸਾਵਾ ਦੀ ਗ੍ਰਿਫ਼ਤਾਰੀ ਦਾ ਮੁੱਦਾ ਵੀ ਉਠਾਉਣਗੇ। ਕੇਜਰੀਵਾਲ ਅਤੇ ਭਗਵੰਤ ਮਾਨ ਦੀਆਂ ਮੋਡਾਸਾ ਅਤੇ ਡੇਡੀਆਪਾੜਾ ਵਿੱਚ ਰੈਲੀਆਂ ਦਾ ਉਦੇਸ਼ ਗੁਜਰਾਤ ਦੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣਾ ਅਤੇ ਭਾਜਪਾ ਸਰਕਾਰ ਦੀਆਂ ਨੀਤੀਆਂ ਵਿਰੁੱਧ ਜਨ ਰਾਏ ਤਿਆਰ ਕਰਨਾ ਹੈ।
ਸੋਸ਼ਲ ਮੀਡੀਆ ‘ਤੇ ਪੋਸਟ ਕਰ ਕੇਜਰੀਵਾਲ ਨੇ ਭਾਜਪਾ ‘ਤੇ ਸਾਧੇ ਸ਼ਬਦੀ ਹਮਲੇ
ਕੇਜਰੀਵਾਲ ਨੇ ਟਵਿੱਟਰ ‘ਤੇ ਆਪਣੇ ਦੋ ਦਿਨਾਂ ਦੌਰੇ ਬਾਰੇ ਜਾਣਕਾਰੀ ਦਿੱਤੀ। ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਪੋਸਟ ਵਿੱਚ ਸੂਬੇ ਦੀ ਭਾਜਪਾ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਨੇ ਗੁਜਰਾਤ ਵਿੱਚ ਆਪਣੇ ਦੁੱਧ ਦੇ ਵਾਜਬ ਭਾਅ ਦੀ ਮੰਗ ਕਰ ਰਹੇ ਕਿਸਾਨਾਂ ਅਤੇ ਪਸ਼ੂ ਪਾਲਕਾਂ ‘ਤੇ ਲਾਠੀਚਾਰਜ ਕੀਤਾ, ਜਿਸ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੇਤਾ ਚਤੁਰ ਵਸਾਵਾ ਨੂੰ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ 30 ਸਾਲ ਰਾਜ ਕਰਨ ਤੋਂ ਬਾਅਦ, ਗੁਜਰਾਤ ਵਿੱਚ ਭਾਜਪਾ ਸਰਕਾਰ ਦਾ ਹੰਕਾਰ ਅਤੇ ਭ੍ਰਿਸ਼ਟਾਚਾਰ ਆਪਣੇ ਸਿਖਰ ‘ਤੇ ਹੈ।
ਅਗਲੇ ਸਾਲ ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ
ਇਨ੍ਹਾਂ ਰੈਲੀਆਂ ਨੂੰ ਆਮ ਆਦਮੀ ਪਾਰਟੀ ਦੀ ਗੁਜਰਾਤ ‘ਚ ਆਪਣੀ ਸਥਿਤੀ ਮਜ਼ਬੂਤ ਕਰਨ ਦੀ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ, ਖਾਸ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ। ਜਿੱਥੇ ‘ਆਪ’ ਨੇ ਹਾਲ ਹੀ ਦੇ ਸਾਲਾਂ ਵਿੱਚ ਗੁਜਰਾਤ ਵਿੱਚ ਆਪਣੀ ਮੌਜੂਦਗੀ ਵਧਾਉਣ ਲਈ ਸਰਗਰਮ ਯਤਨ ਕੀਤੇ ਹਨ ਅਤੇ ਇਨ੍ਹਾਂ ਰੈਲੀਆਂ ਨੂੰ ਉਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਦੱਸਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਅਗਲੇ ਸਾਲ ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਲਈ ‘ਆਪ’ ਨੇ ਸੂਬੇ ਭਰ ਵਿੱਚ ਆਪਣੀ ਸਰਗਰਮੀ ਵਧਾ ਦਿੱਤੀ ਹੈ।