ਬਲਵੰਤ ਸਿੰਘ ਰਾਜੋਆਣਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਇਲਾਜ਼ ਲਈ ਮਿਲੀ ਇਜਾਜ਼ਤ
Balwant Singh Rajoana; ਪੰਜਾਬ ਦੀ ਪਟਿਆਲਾ ਕੇਂਦਰੀ ਜੇਲ੍ਹ ਵਿੱਚ 30 ਸਾਲ ਤੋਂ ਵੱਧ ਸਮੇਂ ਤੋਂ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਸੀ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਵਿੱਚ ਦੋਸ਼ੀ ਰਾਜੋਆਣਾ ਨੇ ਅਦਾਲਤ ਤੋਂ ਦੋਵਾਂ ਅੱਖਾਂ ਦੇ ਆਪਰੇਸ਼ਨ ਦੀ ਇਜਾਜ਼ਤ ਮੰਗੀ ਸੀ।
ਹਾਈਕੋਰਟ ਨੇ ਰਾਜੋਆਣਾ ਨੂੰ ਅੱਖਾਂ ਦਾ ਆਪਰੇਸ਼ਨ ਕਰਵਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਉਹ ਚੰਡੀਗੜ੍ਹ ਸਥਿਤ ਪੀਜੀਆਈ (PGI) ਵਿੱਚ ਆਪਣੀਆਂ ਦੋਵਾਂ ਅੱਖਾਂ ਦਾ ਆਪਰੇਸ਼ਨ ਕਰਵਾ ਸਕਦੇ ਹਨ।
ਰਾਜੋਆਣਾ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਉਹ ਇਲਾਜ ਅਤੇ ਆਪਰੇਸ਼ਨ ਦਾ ਪੂਰਾ ਖਰਚਾ ਖੁਦ ਚੁੱਕਣ ਲਈ ਤਿਆਰ ਹਨ। ਉਨ੍ਹਾਂ ਦੱਸਿਆ ਕਿ ਦੋਵਾਂ ਅੱਖਾਂ ਵਿੱਚ ਮੋਤੀਆਬਿੰਦ ਦੀ ਸਮੱਸਿਆ ਹੈ।
ਜੇਲ੍ਹ ਹਸਪਤਾਲ ਵਿੱਚ ਨਹੀਂ ਹੈ ਆਪਰੇਸ਼ਨ ਦੀ ਸਹੂਲਤ
ਰਾਜੋਆਣਾ ਨੇ ਅਦਾਲਤ ਨੂੰ ਦੱਸਿਆ ਕਿ ਪਟਿਆਲਾ ਕੇਂਦਰੀ ਜੇਲ੍ਹ ਦੇ ਹਸਪਤਾਲ ਵਿੱਚ ਮੋਤੀਆਬਿੰਦ ਦੇ ਆਪਰੇਸ਼ਨ ਦੀ ਸਹੂਲਤ ਉਪਲਬਧ ਨਹੀਂ ਹੈ। ਇਸ ਕਾਰਨ ਉਨ੍ਹਾਂ ਨੇ ਪੁਲਿਸ ਸੁਰੱਖਿਆ ਹੇਠ ਹਸਪਤਾਲ ਲਿਜਾ ਕੇ ਇਲਾਜ ਕਰਵਾਉਣ ਦੀ ਇਜਾਜ਼ਤ ਮੰਗੀ ਸੀ।
1995 ਦੇ ਬੇਅੰਤ ਸਿੰਘ ਹੱਤਿਆ ਮਾਮਲੇ ’ਚ ਸਜ਼ਾ
ਰਾਜੋਆਣਾ ਨੂੰ 31 ਅਗਸਤ 1995 ਨੂੰ ਦਰਜ ਸੀਬੀਆਈ ਮਾਮਲੇ ਵਿੱਚ ਚੰਡੀਗੜ੍ਹ ਦੀ ਵਧੀਕ ਸੈਸ਼ਨ ਅਦਾਲਤ ਨੇ 31 ਜੁਲਾਈ 2007 ਨੂੰ ਦੋਸ਼ੀ ਕਰਾਰ ਦਿੰਦਿਆਂ ਮੌਤ ਦੀ ਸਜ਼ਾ ਸੁਣਾਈ ਸੀ। ਇਸ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਵੀ ਬਰਕਰਾਰ ਰੱਖਿਆ ਸੀ।
ਰਾਜੋਆਣਾ ਮੁਤਾਬਕ ਉਹ 27 ਜਨਵਰੀ 1996 ਤੋਂ ਲਗਾਤਾਰ ਹਿਰਾਸਤ ਵਿੱਚ ਹਨ ਅਤੇ 30 ਸਾਲ ਤੋਂ ਵੱਧ ਸਮਾਂ ਜੇਲ੍ਹ ਵਿੱਚ ਬਿਤਾ ਚੁੱਕੇ ਹਨ।
ਅੱਖਾਂ ਦੀ ਜਾਂਚ ਲਈ ਪਹਿਲਾਂ PGI ਲਿਜਾਇਆ ਗਿਆ ਸੀ
ਪਟੀਸ਼ਨ ਮੁਤਾਬਕ 27 ਜਨਵਰੀ 2026 ਨੂੰ ਰਾਜੋਆਣਾ ਨੂੰ ਸਖ਼ਤ ਸੁਰੱਖਿਆ ਹੇਠ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਸੀ। ਜਾਂਚ ਵਿੱਚ ਮੋਤੀਆਬਿੰਦ ਦੀ ਸਥਿਤੀ ਸਾਹਮਣੇ ਆਈ ਸੀ।
ਡਾਕਟਰਾਂ ਨੇ ਕਿਹਾ ਸੀ ਕਿ ਜੇਕਰ ਚਸ਼ਮੇ ਦੀ ਮਦਦ ਨਾਲ ਨਜ਼ਰ ਠੀਕ ਰਹਿੰਦੀ ਹੈ ਤਾਂ ਆਪਰੇਸ਼ਨ ਨੂੰ ਕੁਝ ਸਮੇਂ ਲਈ ਟਾਲਿਆ ਜਾ ਸਕਦਾ ਹੈ।
ਰਿਹਾਈ ਦਾ ਮਾਮਲਾ ਵੀ ਅਜੇ ਲੰਬਿਤ
ਰਾਜੋਆਣਾ ਦੀ ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਕਿ ਗੁਰੂ ਨਾਨਕ ਦੇਵ ਜੀ ਦੀ 550ਵੀਂ ਜੈੰਤੀ ਮੌਕੇ ਕੇਂਦਰ ਸਰਕਾਰ ਵੱਲੋਂ 8 ਕੈਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਦਾ ਨਾਮ ਵੀ ਸ਼ਾਮਲ ਸੀ। ਹਾਲਾਂਕਿ ਉਨ੍ਹਾਂ ਦੀ ਰਿਹਾਈ ਦਾ ਮਾਮਲਾ ਅਜੇ ਤੱਕ ਲਾਗੂ ਨਹੀਂ ਹੋ ਸਕਿਆ।
ਹੁਣ ਹਾਈਕੋਰਟ ਦੀ ਮਨਜ਼ੂਰੀ ਤੋਂ ਬਾਅਦ ਰਾਜੋਆਣਾ ਪੀਜੀਆਈ ਚੰਡੀਗੜ੍ਹ ਵਿੱਚ ਅੱਖਾਂ ਦਾ ਆਪਰੇਸ਼ਨ ਕਰਵਾ ਸਕਣਗੇ।
