ਕੈਨੇਡਾ ਦੀ ਸੁਪਰੀਮ ਕੋਰਟ ਨੇ ਕਿਊਬੈਕ ਸੂਬੇ ‘ਚ ਸਰਕਾਰੀ ਮੁਲਾਜ਼ਮਾਂ ਦੇ ਧਾਰਮਿਕ ਚਿੰਨ੍ਹ ਪਹਿਨਣ ’ਤੇ ਪਾਬੰਦੀ ਰੱਖੀ ਜਾਰੀ
ਨਵੀਂ ਦਿੱਲੀ: ਕੈਨੇਡਾ ਦੀ ਸੁਪਰੀਮ ਕੋਰਟ ਨੇ ਕਿਊਬੈਕ ਸੂਬੇ ਦੇ ਸਾਲ 2019 ਦੇ ‘ਬਿੱਲ-21’ ਕਾਨੂੰਨ ਦੇ ਜ਼ਿਆਦਾਤਰ ਹਿੱਸਿਆਂ ਨੂੰ ਬਰਕਰਾਰ ਰੱਖਿਆ ਹੈ। ਇਸ ਕਾਨੂੰਨ ਤਹਿਤ ਅਧਿਆਪਕਾਂ, ਪੁਲਿਸ ਅਧਿਕਾਰੀਆਂ ਅਤੇ ਕੁਝ ਹੋਰ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਪੱਗ, ਹਿਜਾਬ ਅਤੇ ਹੋਰ ਧਾਰਮਿਕ ਚਿੰਨ੍ਹ ਪਹਿਨਣ ’ਤੇ ਪਾਬੰਦੀ ਹੈ।
ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ (WSO) ਨੇ ਅਦਾਲਤ ਦੇ ਇਸ ਫੈਸਲੇ ਦੀ ਆਲੋਚਨਾ ਕੀਤੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਇਹ ਕਾਨੂੰਨ ਯੋਗ ਲੋਕਾਂ ਨੂੰ ਆਪਣੀ ਧਾਰਮਿਕ ਆਸਥਾ ਅਤੇ ਕਰੀਅਰ ਵਿੱਚੋਂ ਕਿਸੇ ਇੱਕ ਦੀ ਚੋਣ ਕਰਨ ਜਾਂ ਸੂਬਾ ਛੱਡਣ ਲਈ ਮਜਬੂਰ ਕਰਦਾ ਹੈ।
ਅਦਾਲਤ ਦੇ ਬਹੁਮਤ ਨੇ ਮੰਨਿਆ ਕਿ ਕਿਊਬੈਕ ਸਰਕਾਰ ਵੱਲੋਂ ਕਾਨੂੰਨ ਨੂੰ ਸੰਵਿਧਾਨਕ ਚੁਣੌਤੀਆਂ ਤੋਂ ਬਚਾਉਣ ਲਈ ‘ਨੌਟਵਿਦਸਟੈਂਡਿੰਗ ਕਲਾਜ਼’ (Notwithstanding Clause) ਦੀ ਵਰਤੋਂ ਕਾਨੂੰਨੀ ਤੌਰ ’ਤੇ ਜਾਇਜ਼ ਸੀ।
ਹਾਲਾਂਕਿ, ਸੁਪਰੀਮ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਧਾਰਮਿਕ ਕਾਰਨਾਂ ਕਰਕੇ ਚਿਹਰਾ ਢੱਕਣ ’ਤੇ ਲੱਗੀ ਪਾਬੰਦੀ ਸੂਬਾਈ ਵਿਧਾਨ ਸਭਾ ਦੇ ਮੈਂਬਰਾਂ ’ਤੇ ਲਾਗੂ ਨਹੀਂ ਹੋਵੇਗੀ।