Journalism Of Hope
BREAKING NEWS
Punjab Big Breaking; ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ, ਨਿੱਜੀ ਹਸਪਤਾਲ 'ਚ ਦਾਖਲ,1 ਮੁਲਜ਼ਮ ਗ੍ਰਿਫ਼ਤਾਰ....ਪਾਣੀ ਦੇ ਬਕਾਏ ’ਤੇ ਪੰਜਾਬ ਸਖ਼ਤ, ਰਾਜਸਥਾਨ ਨੂੰ ਅੰਤਿਮ ਚਿਤਾਵਨੀ ਪੱਤਰ ਜਾਰੀ.......ਪੰਜਾਬ ‘ਚ SIR ਤੋਂ ਬਾਅਦ ਡਰਾਫਟ ਵੋਟਰ ਲਿਸਟ ਜਾਰੀ, 20 ਲੱਖ ਤੋਂ ਵੱਧ ਨਾਮ ਸੂਚੀ ‘ਚੋਂ ਬਾਹਰ....ਵੱਡੀ ਖ਼ਬਰ! AAP ਮੰਤਰੀ ਹਰਪਾਲ ਚੀਮਾ ਦੇ ਕਰੀਬੀ 3 ਦੋਸਤਾਂ ਦੀ ਮੌਤ........ਕੋਠੀ ਦੇਖਣ ਗਏ ਜੋੜੇ ‘ਤੇ ਪਿਟਬੁੱਲ ਨੇ ਕੀਤਾ ਹਮਲਾ: ਕੁੱਤੇ ਦੇ ਮਾਲਕ ‘ਤੇ ਪਰਚਾ ਦਰਜ...... ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ......Breaking: ਪੰਜਾਬ ’ਚ ਪੇਂਡੂ ਵਿਕਾਸ ਭਰਤੀ ’ਤੇ ਹਾਈ ਕੋਰਟ ਦੀ ਰੋਕ

ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਸਾਰਿਆਂ ਨੂੰ ਇਕੱਠੇ ਹੋਣਾ ਪਵੇਗਾ – ਬਾਪੂ ਤਰਸੇਮ ਸਿੰਘ

Bapu Tarsem Singh Statement: ਅਜਨਾਲਾ: ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਅਜਨਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਅਤੇ ਪੰਥ ਨਾਲ ਜੁੜੇ ਕਈ ਅਹਿਮ ਮੁੱਦਿਆਂ ’ਤੇ ਆਪਣੀ ਗੱਲ ਰੱਖੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਨੂੰ ਪੰਜਾਬ […]
Nishant Malyan
By : Updated On: 13 Aug 2026 08:22:AM
ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਸਾਰਿਆਂ ਨੂੰ ਇਕੱਠੇ ਹੋਣਾ ਪਵੇਗਾ – ਬਾਪੂ ਤਰਸੇਮ ਸਿੰਘ
  • ਬਾਪੂ ਤਰਸੇਮ ਸਿੰਘ ਬੋਲੇ—ਸਰਕਾਰਾਂ ਨੇ ਪੰਜਾਬੀਆਂ ਨੂੰ ਧਰਮ ਤੇ ਜਾਤ ਦੇ ਨਾਂ ’ਤੇ ਵੰਡ ਕੇ ਰਾਜ ਕੀਤਾ, ਹੁਣ ਲੋਕ ਜਾਗ ਚੁੱਕੇ ਹਨ
  • ਅੰਮ੍ਰਿਤਪਾਲ ਸਿੰਘ ਨੂੰ ਪਾਰਲੀਮੈਂਟ ਵਿੱਚ ਨਾ ਲਿਆਉਣ ’ਤੇ ਸਰਕਾਰਾਂ ਨੂੰ ਘੇਰਿਆ, ਕਿਹਾ—ਉਹ ਪੰਜਾਬ, ਪੰਥ ਅਤੇ ਨੌਜਵਾਨੀ ਦੀ ਆਵਾਜ਼ ਬੁਲੰਦ ਕਰਦੇ ਹਨ
  • ਚੋਣਾਂ ਲਈ ਉਮੀਦਵਾਰਾਂ ਦੀ ਚੋਣ ’ਤੇ ਬਾਪੂ ਤਰਸੇਮ ਸਿੰਘ ਬੋਲੇ—ਸ਼ਹੀਦ ਪਰਿਵਾਰਾਂ, ਨੌਜਵਾਨਾਂ, ਮਹਿਲਾਵਾਂ ਅਤੇ ਸਾਰੀਆਂ ਭਾਈਚਾਰਿਆਂ ਨੂੰ ਦਿੱਤੀ ਜਾਵੇਗੀ ਨੁਮਾਇੰਦਗੀ

Bapu Tarsem Singh Statement: ਅਜਨਾਲਾ: ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਅਜਨਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਅਤੇ ਪੰਥ ਨਾਲ ਜੁੜੇ ਕਈ ਅਹਿਮ ਮੁੱਦਿਆਂ ’ਤੇ ਆਪਣੀ ਗੱਲ ਰੱਖੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਨੂੰ ਪੰਜਾਬ ਅਤੇ ਵਿਦੇਸ਼ਾਂ ਵਿੱਚੋਂ ਮਿਲ ਰਹੇ ਸਮਰਥਨ ਤੋਂ ਸਪੱਸ਼ਟ ਹੈ ਕਿ ਪੰਜਾਬ ਦੇ ਲੋਕ ਹੁਣ ਆਪਣੀ ਹੋਂਦ, ਹੱਕਾਂ ਅਤੇ ਭਵਿੱਖ ਨੂੰ ਲੈ ਕੇ ਗੰਭੀਰ ਹੋ ਚੁੱਕੇ ਹਨ।

ਇਸ਼ਤਿਹਾਰ

ਬਾਪੂ ਤਰਸੇਮ ਸਿੰਘ ਨੇ ਮੀਡੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਵੇਂ ਅੱਤ ਦੀ ਗਰਮੀ ਸੀ, ਪਰ ਪੱਤਰਕਾਰਾਂ ਨੇ ਮਾਮਲਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਈ। ਉਨ੍ਹਾਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਸੰਘਰਸ਼ ਕਰਕੇ ਪਾਰਟੀ ਨੂੰ ਮਜ਼ਬੂਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਲੋਕ ਅਕਾਲੀ ਦਲ ਵਾਰਿਸ ਪੰਜਾਬ ਨਾਲ ਜੁੜ ਰਹੇ ਹਨ। ਉਨ੍ਹਾਂ ਅਨੁਸਾਰ ਜਿਹੜੇ ਲੋਕ ਪੰਜਾਬ ਅਤੇ ਪੰਥ ਨੂੰ ਚੜ੍ਹਦੀ ਕਲਾ ਵਿੱਚ ਦੇਖਣਾ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਪਲੇਟਫਾਰਮ ਵਿੱਚ ਇੱਕ ਆਸ ਦੀ ਕਿਰਨ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹੋਂਦ ਨੂੰ ਬਚਾਉਣ ਲਈ ਹਰ ਪੰਜਾਬੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਬੰਦੀ ਸਿੰਘਾਂ ਦੇ ਮੁੱਦੇ ’ਤੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਬੰਦੀ ਸਿੰਘਾਂ ਪ੍ਰਤੀ ਬਹੁਤ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸਿੱਖ ਕੌਮ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਕਾਰਨ ਸਰਕਾਰਾਂ ਨੂੰ ਲੋਕਾਂ ਨੂੰ ਇੱਕ-ਦੂਜੇ ਦੇ ਖ਼ਿਲਾਫ਼ ਵਰਤਣ ਦਾ ਮੌਕਾ ਮਿਲਦਾ ਰਿਹਾ ਹੈ।

ਉਨ੍ਹਾਂ 29 ਤਰੀਕ ਨੂੰ ਹੋਏ ਇਕੱਠ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਅਤੇ ਲੋਕਾਂ ਨੇ ਇਕੱਠੇ ਹੋ ਕੇ ਆਪਣੀ ਤਾਕਤ ਦਾ ਅਹਿਸਾਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਸੰਦੇਸ਼ ਗਿਆ ਹੈ ਕਿ ਪੰਜਾਬ ਦੇ ਲੋਕ ਆਪਣੇ ਹੱਕਾਂ ਅਤੇ ਬੰਦੀ ਸਿੰਘਾਂ ਦੇ ਮੁੱਦੇ ਨੂੰ ਲੈ ਕੇ ਜਾਗਰੂਕ ਹਨ।

ਅੰਮ੍ਰਿਤਪਾਲ ਸਿੰਘ ਨੂੰ ਪਾਰਲੀਮੈਂਟ ਵਿੱਚ ਨਾ ਆਉਣ ਦੇਣ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਸੰਸਦ ਮੈਂਬਰ ਚੁਣਿਆ ਹੈ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਸੰਸਦ ਵਿੱਚ ਆਪਣੀ ਆਵਾਜ਼ ਬੁਲੰਦ ਕਰਨ ਦਾ ਮੌਕਾ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੰਜਾਬ, ਪੰਥ ਅਤੇ ਨੌਜਵਾਨੀ ਨਾਲ ਜੁੜੇ ਮੁੱਦੇ ਉਠਾਉਂਦੇ ਹਨ ਅਤੇ ਇਸੇ ਕਾਰਨ ਉਨ੍ਹਾਂ ਨਾਲ ਸਿਆਸੀ ਤੌਰ ’ਤੇ ਧੱਕਾ ਕੀਤਾ ਜਾ ਰਿਹਾ ਹੈ।

ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਹ ਸਮਝ ਚੁੱਕੇ ਹਨ ਕਿ ਉਨ੍ਹਾਂ ਨੂੰ ਧਰਮ, ਜਾਤ ਅਤੇ ਹੋਰ ਮੁੱਦਿਆਂ ਦੇ ਆਧਾਰ ’ਤੇ ਵੰਡ ਕੇ ਲੰਮੇ ਸਮੇਂ ਤੋਂ ਰਾਜਨੀਤੀ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਨੂੰ ਬਚਾਉਣ ਲਈ ਸਾਰੇ ਵਰਗਾਂ ਨੂੰ ਇਕੱਠੇ ਹੋਣ ਦੀ ਲੋੜ ਹੈ।

ਆਉਣ ਵਾਲੀਆਂ ਚੋਣਾਂ ਲਈ ਉਮੀਦਵਾਰਾਂ ਦੇ ਐਲਾਨ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਹਾਲੇ ਉਮੀਦਵਾਰਾਂ ਦੀ ਚੋਣ ਸਬੰਧੀ ਵਿਚਾਰ-ਵਟਾਂਦਰਾ ਚੱਲ ਰਿਹਾ ਹੈ। ਵੱਖ-ਵੱਖ ਹਲਕਿਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ, ਬੰਦੀ ਸਿੰਘਾਂ ਨਾਲ ਸਬੰਧਤ ਪਰਿਵਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਨੂੰ ਵੀ ਪਾਰਟੀ ਵੱਲੋਂ ਅੱਗੇ ਲਿਆਉਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਸਿਰਫ਼ ਇੱਕ ਭਾਈਚਾਰੇ ਤੱਕ ਸੀਮਤ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਾਰਿਆਂ ਦਾ ਸਾਂਝਾ ਹੈ ਅਤੇ ਹਿੰਦੂ, ਸਿੱਖ ਅਤੇ ਹੋਰ ਸਾਰੇ ਭਾਈਚਾਰਿਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵੱਲੋਂ ਵੱਖ-ਵੱਖ ਭਾਈਚਾਰਿਆਂ ਨੂੰ ਉਚਿਤ ਨੁਮਾਇੰਦਗੀ ਦੇਣ ਦੀ ਯੋਜਨਾ ਹੈ।

ਭਾਜਪਾ ਨਾਲ ਗਠਜੋੜ ਦੀਆਂ ਚਰਚਾਵਾਂ ਬਾਰੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦਾ ਕਿਸੇ ਵੀ ਕੌਮੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ, ਕਾਂਗਰਸ ਜਾਂ ਆਮ ਆਦਮੀ ਪਾਰਟੀ ਨਾਲ ਗਠਜੋੜ ਜਾਂ ਸਮਝੌਤੇ ਸਬੰਧੀ ਕੋਈ ਗੱਲਬਾਤ ਨਹੀਂ ਚੱਲ ਰਹੀ।

ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਟਿਕਟਾਂ ਸਬੰਧੀ ਕਿਸੇ ਤਰ੍ਹਾਂ ਦੀ ਸਿਫ਼ਾਰਸ਼ ਜਾਂ ਫੰਡ ਦੇ ਆਧਾਰ ’ਤੇ ਫੈਸਲਾ ਨਹੀਂ ਕੀਤਾ ਜਾਵੇਗਾ। ਉਮੀਦਵਾਰ ਦੀ ਯੋਗਤਾ, ਪੰਜਾਬ ਅਤੇ ਪੰਥ ਪ੍ਰਤੀ ਵਚਨਬੱਧਤਾ ਅਤੇ ਲੋਕਾਂ ਵਿੱਚ ਉਸ ਦੀ ਸਵੀਕਾਰਤਾ ਨੂੰ ਮੁੱਖ ਆਧਾਰ ਬਣਾਇਆ ਜਾਵੇਗਾ।

ਬਾਪੂ ਤਰਸੇਮ ਸਿੰਘ ਨੇ ਅਜਨਾਲਾ ਤੋਂ ਜੁੜੇ ਆਗੂਆਂ ਅਤੇ ਲੋਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਮਿਲੇ ਪਿਆਰ ਅਤੇ ਸਮਰਥਨ ਤੋਂ ਪਤਾ ਲੱਗਦਾ ਹੈ ਕਿ ਲੋਕਾਂ ਵਿੱਚ ਪਾਰਟੀ ਪ੍ਰਤੀ ਭਰੋਸਾ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਪੰਜਾਬ ਦੀ ਨੌਜਵਾਨੀ, ਨਸ਼ਿਆਂ ਅਤੇ ਪੰਜਾਬ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਚਿੰਤਤ ਹਨ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੀ ਲੜਾਈ ਨੂੰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਆਪਣੇ ਮਤਭੇਦ ਭੁਲਾ ਕੇ ਇੱਕ ਮੰਚ ’ਤੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਇੱਕ ਆਮ ਸਿਪਾਹੀ ਵਜੋਂ ਜੁੜੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਵਿਚਾਰਧਾਰਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ।

Read Latest News and Breaking News at Daily Post TV, Browse for more News

Ad
Ad

Punjab District News