ਬਰਨਾਲਾ ਦਾ ਅਗਨੀਵੀਰ ਕੁਲਵਿੰਦਰ ਸਿੰਘ ਸ਼ਹੀਦ, ਪਿੰਡ ‘ਚ ਸੋਗ ਦੀ ਲਹਿਰ
Agniveer Kulwinder Singh Martyred; ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਹਨੇਕੇ ਦੇ ਰਹਿਣ ਵਾਲੇ ਅਗਨੀਵੀਰ ਜਵਾਨ ਕੁਲਵਿੰਦਰ ਸਿੰਘ (22) ਦੇਸ਼ ਦੀ ਸੇਵਾ ਕਰਦੇ ਹੋਏ ਸ਼ਹੀਦ ਹੋ ਗਏ ਹਨ। ਉਹ ਫਿਰੋਜ਼ਪੁਰ ਵਿੱਚ ਡਿਊਟੀ ’ਤੇ ਤਾਇਨਾਤ ਸਨ। ਉਨ੍ਹਾਂ ਦੀ ਸ਼ਹਾਦਤ ਦੀ ਖ਼ਬਰ ਮਿਲਦੇ ਹੀ ਪਿੰਡ ਕਾਹਨੇਕੇ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਮੰਡੀ ਬੋਰਡ ਦੇ ਚੇਅਰਮੈਨ ਤਰਸੇਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਸ਼ਨੀਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਕਾਹਨੇਕੇ ਲਿਆਂਦੀ ਜਾਵੇਗੀ। ਇੱਥੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਸਾਦੇ ਪਰਿਵਾਰ ਨਾਲ ਸਬੰਧ ਰੱਖਦੇ ਸਨ ਕੁਲਵਿੰਦਰ ਸਿੰਘ
ਚੇਅਰਮੈਨ ਤਰਸੇਮ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਇੱਕ ਸਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਸਨ। ਉਨ੍ਹਾਂ ਨੇ ਆਪਣੇ ਪਿੰਡ ਦੇ ਸਰਕਾਰੀ ਸਕੂਲ ਤੋਂ 12ਵੀਂ ਤੱਕ ਦੀ ਪੜ੍ਹਾਈ ਕੀਤੀ ਸੀ। ਕਰੀਬ ਚਾਰ ਸਾਲ ਪਹਿਲਾਂ ਉਹ ਅਗਨੀਵੀਰ ਵਜੋਂ ਭਾਰਤੀ ਫੌਜ ਵਿੱਚ ਭਰਤੀ ਹੋਏ ਸਨ।
ਛੋਟੀ ਉਮਰ ਵਿੱਚ ਹੀ ਫੌਜ ਵਿੱਚ ਭਰਤੀ ਹੋ ਕੇ ਕੁਲਵਿੰਦਰ ਸਿੰਘ ਆਪਣੇ ਮਾਪਿਆਂ ਦਾ ਵੱਡਾ ਸਹਾਰਾ ਬਣ ਗਏ ਸਨ। ਉਨ੍ਹਾਂ ਦੀ ਅਚਾਨਕ ਹੋਈ ਸ਼ਹਾਦਤ ਨਾਲ ਪਰਿਵਾਰ ਅਤੇ ਪੂਰੇ ਪਿੰਡ ਵਿੱਚ ਡੂੰਘਾ ਦੁੱਖ ਛਾ ਗਿਆ ਹੈ।
