ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ ਸਕੂਟੀ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, 10 ਸਾਲਾ ਬੱਚੇ ਦੀ ਮੌਤ
- ਹਾਦਸੇ ‘ਚ 2 ਜਣੇ ਗੰਭੀਰ ਜ਼ਖ਼ਮੀ
- ਹਾਦਸੇ ਤੋਂ ਬਾਅਦ ਲੋਕਾਂ ਨੇ ਸੜਕ ਜਾਮ ਕਰਕੇ ਲਾਇਆ ਧਰਨਾ
ਬਠਿੰਡਾ: ਬਠਿੰਡਾ ਦੇ ਸ਼੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ’ਤੇ ਰਾਤ ਕਰੀਬ 8 ਵਜੇ ਤੇਜ਼ ਰਫ਼ਤਾਰ ਕਾਰ ਨੇ ਸਕੂਟੀ ਅਤੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਦਰਦਨਾਕ ਹਾਦਸੇ ਵਿੱਚ 10 ਸਾਲਾ ਬੱਚੇ ਦੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਕਾਰ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਉਸ ਨੇ ਦੋਪਹੀਆ ਵਾਹਨਾਂ ਨੂੰ ਟੱਕਰ ਮਾਰਨ ਤੋਂ ਬਾਅਦ ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਜ਼ਖ਼ਮੀਆਂ ਨੂੰ ਤੁਰੰਤ ਬਠਿੰਡਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ 10 ਸਾਲਾ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਦੌਰਾਨ ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਕਾਰ ਵਿੱਚ ਸਵਾਰ ਤਿੰਨ ਤੋਂ ਚਾਰ ਵਿਅਕਤੀ ਕਥਿਤ ਤੌਰ ’ਤੇ ਸ਼ਰਾਬ ਦੇ ਨਸ਼ੇ ਵਿੱਚ ਸਨ। ਲੋਕਾਂ ਮੁਤਾਬਕ ਗੱਡੀ ਵਿੱਚੋਂ ਸ਼ਰਾਬ ਦੀਆਂ ਬੋਤਲਾਂ ਵੀ ਮਿਲੀਆਂ ਹਨ। ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਮਾਮਲੇ ਸਬੰਧੀ ਡੀਐਸਪੀ ਅਰੁਣ ਮੁੰਡਨ ਨੇ ਪਹਿਲਾਂ ਗਲਤੀ ਨਾਲ ਦੋ ਮੌਤਾਂ ਦੀ ਗੱਲ ਕਹੀ ਸੀ। ਬਾਅਦ ਵਿੱਚ ਉਨ੍ਹਾਂ ਵੱਲੋਂ ਜਾਰੀ ਨਵੇਂ ਬਿਆਨ ‘ਚ ਇੱਕ ਮੌਤ ਦੀ ਹੀ ਪੁਸ਼ਟੀ ਕੀਤੀ ਗਈ। ਇਸ ਤਰ੍ਹਾਂ ਹਾਦਸੇ ਵਿੱਚ ਹੁਣ ਤੱਕ ਇੱਕ ਬੱਚੇ ਦੀ ਮੌਤ ਅਤੇ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਹਾਦਸੇ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਸੜਕ ਜਾਮ ਕਰਕੇ ਧਰਨਾ ਦਿੱਤਾ। ਉਨ੍ਹਾਂ ਨੇ ਮ੍ਰਿਤਕ ਬੱਚੇ ਲਈ ਇਨਸਾਫ਼ ਦੀ ਮੰਗ ਕਰਦਿਆਂ ਇਲਾਕੇ ਵਿੱਚ ਬੈਰੀਕੇਡਿੰਗ, ਸਟਰੀਟ ਲਾਈਟਾਂ ਅਤੇ ਚੌਕ ਬਣਾਉਣ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇਸ ਸੜਕ ’ਤੇ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ, ਪਰ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਮੰਗ ਕੀਤੀ ਕਿ ਹਾਦਸਿਆਂ ਨੂੰ ਰੋਕਣ ਲਈ ਇਸ ਥਾਂ ’ਤੇ ਪੱਕੇ ਸੁਰੱਖਿਆ ਪ੍ਰਬੰਧ ਕੀਤੇ ਜਾਣ।