BBC documentary case: ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਬਣੀ ਬੀਬੀਸੀ ਦਸਤਾਵੇਜ਼ੀ ਬਾਰੇ ਮਾਨਸਾ ਅਦਾਲਤ ਵਿੱਚ ਚੱਲ ਰਹੀ ਸੁਣਵਾਈ ਦੌਰਾਨ, ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੇ ਕੋਈ ਜਵਾਬ ਦਾਇਰ ਨਹੀਂ ਕੀਤਾ ਹੈ।
ਇਸ ਤੋਂ ਬਾਅਦ, ਅਦਾਲਤ ਨੇ ਹੁਣ ਅਗਲੀ ਸੁਣਵਾਈ ਦੀ ਤਰੀਕ 21 ਅਗਸਤ ਨਿਰਧਾਰਤ ਕੀਤੀ ਹੈ।
ਜ਼ਿਕਰਯੋਗ ਹੈ ਕਿ ਬੀਬੀਸੀ ਵੱਲੋਂ ਬਣਾਈ ਗਈ ਇਸ ਦਸਤਾਵੇਜ਼ੀ ਬਾਰੇ ਅਦਾਲਤ ਵਿੱਚ ਪਿਛਲੀ ਸੁਣਵਾਈ ਦੌਰਾਨ, ਬਲਕੌਰ ਸਿੰਘ ਨੇ ਦੋਸ਼ ਲਗਾਇਆ ਸੀ ਕਿ ਇਸ ਦਸਤਾਵੇਜ਼ੀ ਰਾਹੀਂ ਕੇਸ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਦੂਜੇ ਪਾਸੇ, ਬੀਬੀਸੀ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਕਤ ਦਸਤਾਵੇਜ਼ੀ ਯੂਕੇ ਵਿੱਚ ਜਾਰੀ ਕੀਤੀ ਗਈ ਹੈ, ਜਿਸ ‘ਤੇ ਭਾਰਤ ਦੇ ਕਾਨੂੰਨ ਲਾਗੂ ਨਹੀਂ ਹੁੰਦੇ। ਉਨ੍ਹਾਂ ਇਹ ਵੀ ਕਿਹਾ ਕਿ ਦਸਤਾਵੇਜ਼ੀ ਦਾ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਚੱਲ ਰਹੀ ਜਾਂਚ ਜਾਂ ਨਿਆਂਇਕ ਪ੍ਰਕਿਰਿਆ ‘ਤੇ ਕੋਈ ਪ੍ਰਭਾਵ ਨਹੀਂ ਪੈਂਦਾ।
ਇਨ੍ਹਾਂ ਦਲੀਲਾਂ ਨੂੰ ਸੁਣਨ ਤੋਂ ਬਾਅਦ, ਅਦਾਲਤ ਨੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੂੰ ਲਿਖਤੀ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਸਨ, ਪਰ ਅੱਜ ਤੱਕ ਉਹ ਜਵਾਬ ਜਮ੍ਹਾਂ ਨਹੀਂ ਕਰਵਾਇਆ ਗਿਆ ਹੈ।
ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਅਗਲੀ ਸੁਣਵਾਈ ਵਿੱਚ ਬਲਕੌਰ ਸਿੰਘ ਵੱਲੋਂ ਕੀ ਜਵਾਬ ਜਮ੍ਹਾਂ ਕਰਵਾਇਆ ਜਾਂਦਾ ਹੈ ਅਤੇ ਅਦਾਲਤ ਇਸ ਮਾਮਲੇ ਵਿੱਚ ਅੱਗੇ ਕੀ ਕਾਰਵਾਈ ਕਰਦੀ ਹੈ।