Bhagwant Mann in Malerkotla: ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਰਾਹੀਂ ਜਵਾਨੀ ਦਾ ਘਾਣ ਕੀਤਾ।
New Tehsil Complexes at Ahmedgarh and Amargarh: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਹਰਾਇਆ ਕਿ ਸੂਬੇ ‘ਚ ਨਸ਼ਿਆਂ ਦੀ ਅਲਾਮਤ ਫੈਲਾਉਣ ਵਾਲਿਆਂ ਨਾਲ ਕੋਈ ਰਹਿਮ ਨਹੀਂ ਵਰਤਿਆ ਜਾਵੇਗਾ ਅਤੇ ਖ਼ੁਦ ਨੂੰ ਅਜਿੱਤ ਮੰਨਣ ਵਾਲੇ ਨਸ਼ਾ ਤਸਕਰੀ ਦੇ ‘ਜਰਨੈਲਾਂ` ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ।
ਅਹਿਮਦਗੜ੍ਹ ਤੇ ਅਮਰਗੜ੍ਹ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਉਨ੍ਹਾਂ ਲੋਕਾਂ ਦੀ ਸਰਪ੍ਰਸਤੀ ਹੇਠ ਵਧਿਆ-ਫੁੱਲਿਆ, ਜਿਨ੍ਹਾਂ ਨੂੰ ਲੋਕਾਂ ਨੇ ਆਪਣੀ ਸੇਵਾ ਲਈ ਚੁਣਿਆ ਸੀ ਪਰ ਬਦਕਿਸਮਤੀ ਨਾਲ ਉਹ ਆਪਣੀਆਂ ਸਰਕਾਰੀ ਕਾਰਾਂ ਵਿੱਚ ਨਸ਼ੇ ਸਪਲਾਈ ਕਰਦੇ ਸਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਆਪਣੇ ਸ਼ਾਸਨ ਦੇ ਦਿਨਾਂ ਦੌਰਾਨ ਸਭ ਤੋਂ ਵੱਧ ਤਾਕਤ ਸੀ ਅਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਬਾਵਜੂਦ ਕਿਸੇ ਨੇ ਵੀ ਉਨ੍ਹਾਂ ਨੂੰ ਛੂਹਣ ਦੀ ਹਿੰਮਤ ਨਹੀਂ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਰਾਹੀਂ ਜਵਾਨੀ ਦਾ ਘਾਣ ਕੀਤਾ।
ਗੱਦਾਰਾਂ ਨੂੰ ਢੁਕਵਾਂ ਸਬਕ ਸਿਖਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ
ਸੀਐਮ ਮਾਨ ਨੇ ਪੰਜਾਬ ਦੇ ਇਨ੍ਹਾਂ ਗੱਦਾਰਾਂ ਨੂੰ ਸਬਕ ਸਿਖਾਉਣ ਲਈ ਲੋਕਾਂ ਤੋਂ ਪੂਰਾ ਸਮਰਥਨ ਅਤੇ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ਾਨਦਾਰ ਸਫ਼ਲਤਾ ਇਸ ਗੱਲ ਦਾ ਪ੍ਰਮਾਣ ਹੈ ਕਿ ਸੂਬੇ ਦੇ ਲੋਕ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਸੂਬਾ ਸਰਕਾਰ ਦੇ ਨਾਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ ਤਾਂ ਜੋ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਬਾਦਲ-ਮਜੀਠੀਆ ਪਰਿਵਾਰ ਵਿੱਚ ਸਭ ਕੁਝ ਠੀਕ ਨਹੀਂ ਹੈ ਕਿਉਂਕਿ ਸੱਤਾ ਦੀ ਲੜਾਈ ਕਾਰਨ ਅੰਦਰੂਨੀ ਝਗੜਾ ਸਿਖ਼ਰ ਤੇ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਆਪਸੀ ਫੁੱਟ ਦੇ ਸ਼ਿਕਾਰ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਦੇ ਆਗੂ ਸੱਤਾ ਲਈ ਆਪਸ ਵਿੱਚ ਝਗੜਦੇ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੱਤਾ ਦੇ ਭੁੱਖੇ ਸਿਆਸਤਦਾਨ ਸੱਤਾ ਤੋਂ ਬਿਨਾਂ ਬੇਚੈਨ ਹੋ ਰਹੇ ਹਨ ਕਿਉਂਕਿ ਲੋਕਾਂ ਨੇ ‘ਆਪ
ਨੂੰ ਚੁਣਨ ਲਈ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਕਈ ਲੋਕ ਪੱਖੀ ਫੈਸਲੇ ਲਵੇਗੀ, ਜਿਸ ਨਾਲ ਸਾਰਿਆਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀਆਂ ਦੀ ਭਾਲ ਕਰਨ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਨ। CM ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਇਕ ਪ੍ਰਗਤੀਸ਼ੀਲ ਅਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਸਮੇਂ ਦੀ ਲੋੜ ਹੈ।
ਵਿਧਾਨ ਸਭਾ ‘ਚ ‘ਪੰਜਾਬ ਧਾਰਮਿਕ ਗ੍ਰੰਥਾਂ ਸਬੰਧੀ ਅਪਰਾਧਾਂ ਦੀ ਰੋਕਥਾਮ ਬਿੱਲ 2025’ ਪੇਸ਼
ਬੇਅਦਬੀ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੋਮਵਾਰ ਨੂੰ ਸਰਕਾਰ ਨੇ ਵਿਧਾਨ ਸਭਾ ਵਿੱਚ ‘ਪੰਜਾਬ ਧਾਰਮਿਕ ਗ੍ਰੰਥਾਂ ਸਬੰਧੀ ਅਪਰਾਧਾਂ ਦੀ ਰੋਕਥਾਮ ਬਿੱਲ 2025’ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਸੰਵੇਦਨਸ਼ੀਲ ਅਤੇ ਨਾਜ਼ੁਕ ਮੁੱਦਾ ਸਾਰੇ ਪੰਜਾਬੀਆਂ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਮੌਜੂਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਦੋਵਾਂ ਲਈ ਦੂਰਗਾਮੀ ਪ੍ਰਭਾਵ ਪਾਉਂਦਾ ਹੈ। ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਘਿਨਾਉਣੇ ਅਪਰਾਧ ਕਰਨ ਵਾਲਿਆਂ ਨੂੰ ਰੋਕਣ ਲਈ ਸਖ਼ਤ ਸਜ਼ਾ ਜ਼ਰੂਰੀ ਹੈ।
ਪੰਜਾਬ ਸੀਐਮ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਪਿਆਰ, ਸਦਭਾਵਨਾ ਅਤੇ ਸਹਿਣਸ਼ੀਲਤਾ ਦਾ ਪ੍ਰਚਾਰ ਕੀਤਾ। ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ 2016 ਤੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਕੇ ਏਕਤਾ ਦੇ ਤਾਣੇ-ਬਾਣੇ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਅਜਿਹੀਆਂ ਕਾਰਵਾਈਆਂ ਵਿੱਚ ਸ਼ਾਮਲ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦਾ ਸੰਕਲਪ ਦੁਹਰਾਇਆ।
‘ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਲੋਕਾਂ ਨੂੰ 10 ਲੱਖ ਦੀ ਡਾਕਟਰੀ ਮਦਦ
ਲੋਕਾਂ ਦੀ ਭਲਾਈ ਲਈ ਆਪਣੀ ਸਰਕਾਰ ਦੀਆਂ ਮੁੱਖ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਦੱਸਿਆ ਕਿ ਇਹ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਮਾਣ ਨਾਲ ਕਿਹਾ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ, ਜੋ ਹਰ ਘਰ ਨੂੰ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ਼ ਪ੍ਰਦਾਨ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਮ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰ ਕੇ ਵੱਡੀ ਰਾਹਤ ਪ੍ਰਦਾਨ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਿਆਸੀ ਆਗੂਆਂ ਨੇ ਆਪਣੇ ਸ਼ੱਕੀ ਕਿਰਦਾਰ ਕਾਰਨ ਆਪਣੀ ਭਰੋਸੇਯੋਗਤਾ ਗੁਆ ਦਿੱਤੀ ਹੈ, ਜੋ ਲੋਕਾਂ ਸਾਹਮਣੇ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ ਅਤੇ ਅਕਾਲੀ ਆਗੂਆਂ ਨੂੰ ਉਨ੍ਹਾਂ ਦੇ ਪੰਜਾਬ ਵਿਰੋਧੀ ਤੇ ਲੋਕ ਵਿਰੋਧੀ ਸਟੈਂਡ ਕਾਰਨ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਸੂਬੇ ਦੇ ਲੋਕਾਂ ਨੇ ਸਾਡੀ ਸਰਕਾਰ ਨੂੰ ਭਾਰੀ ਬਹੁਮਤ ਦੇ ਕੇ ਇੰਨਾ ਪਿਆਰ ਅਤੇ ਸਨੇਹ ਦਿੱਤਾ ਹੈ।
55,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ
ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ 36 ਮਹੀਨਿਆਂ ਤੋਂ ਵੱਧ ਸਮੇਂ ਦੇ ਕਾਰਜਕਾਲ ਵਿੱਚ ਸੂਬੇ ਦੇ 55,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇਕ ਪੁਖ਼ਤਾ ਪ੍ਰਕਿਰਿਆ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਨੇ ਸੂਬਾ ਸਰਕਾਰ ਲਈ ਕੰਮ ਕਰਨ ਵਾਸਤੇ ਨੌਜਵਾਨਾਂ ਦਾ ਵਿਸ਼ਵਾਸ ਵਧਾਇਆ ਹੈ, ਜਿਸ ਕਾਰਨ ਉਨ੍ਹਾਂ ਨੇ ਵਿਦੇਸ਼ ਜਾਣ ਦਾ ਵਿਚਾਰ ਤਿਆਗ ਦਿੱਤਾ ਹੈ ਅਤੇ ਇੱਥੇ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਖ਼ਰਾਬ ਮੌਸਮ ਦੇ ਬਾਵਜੂਦ ਇਸ ਸਮਾਗਮ ਵਿੱਚ ਪੁੱਜਣ ਵਾਲੇ ਲੋਕਾਂ ਦੇ ਉਹ ਕਰਜ਼ਦਾਰ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਬਹੁਤ ਲਾਭ ਪਹੁੰਚਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਬਣਾਏਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਬਣਾਏ ਜਾ ਰਹੇ ਹਨ।
ਪਿਛਲੀਆਂ ਸਰਕਾਰਾਂ ‘ਤੇ ਸਾਧਿਆ ਨਿਸ਼ਾਨਾ
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਬਿਹਤਰ ਢੰਗ ਨਾਲ ਸੇਵਾ ਕਰਨ ਲਈ ਅਜਿਹੇ ਉਪਰਾਲਿਆਂ ਵੱਲ ਕਦੇ ਵੀ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੂਬੇ ਦਾ ਸ਼ਾਸਨ ਗਲਤ ਹੱਥਾਂ ਵਿੱਚ ਸੀ, ਜਿਸ ਕਾਰਨ ਸੂਬੇ ਨੂੰ ਬਹੁਤ ਨੁਕਸਾਨ ਝੱਲਣਾ ਪਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਸਰਕਾਰ ਜਨਤਕ ਮਹੱਤਵ ਵਾਲੇ ਅਜਿਹੇ ਕੰਮਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਜਿਹੀਆਂ ਇਮਾਰਤਾਂ ਲੋਕਾਂ ਦੀਆਂ ਭਵਿੱਖੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਸਾਨ ਰਜਿਸਟਰੀ ਅਤੇ ਆਸਾਨ ਜਮ੍ਹਾਂਬੰਦੀ ਦੇ ਰੂਪ ਵਿੱਚ ਲੀਕ ਤੋਂ ਹਟਵੇਂ ਸੁਧਾਰ ਕੀਤੇ ਹਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਇਹ ਸੇਵਾਵਾਂ ਲੈਣ ਦੀ ਸਹੂਲਤ ਦਿੱਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਵਿਲੱਖਣ ਪਹਿਲਕਦਮੀਆਂ ਲੋਕਾਂ ਨੂੰ ਅਸੁਵਿਧਾ ਤੋਂ ਬਚਾਉਣ ਅਤੇ ਇਹ ਯਕੀਨੀ ਬਣਾਉਣ ਲਈ ਕੀਤੀਆਂ ਗਈਆਂ ਹਨ ਕਿ ਉਨ੍ਹਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਮਿਲਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ ਅਤੇ ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਰਦਾਸ਼ਤ ਨਹੀਂ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਭ੍ਰਿਸ਼ਟ ਅਧਿਕਾਰੀ ਨੂੰ ਨੱਥ ਪਾਈ ਜਾਵੇਗੀ ਅਤੇ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣ ਲਈ ਜੋਸ਼ ਨਾਲ ਕੰਮ ਕਰ ਰਹੀ ਹੈ।