ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੱਲੋਂ 2027 ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦੀ ਹਮਾਇਤ ਦਾ ਐਲਾਨ
ਲੁਧਿਆਣਾ/ਚੰਡੀਗੜ੍ਹ,18 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਪੂਰਨ ਤੇ ਬਿਨਾਂ ਸ਼ਰਤ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ।
ਇਸ ਤੋਂ ਪਹਿਲਾਂ ਹਰਮੀਤ ਸਿੰਘ ਕਾਦੀਆਂ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਕਾਦੀਆਂ)ਅਕਾਲੀ ਦਲ ਦੀ ਹਮਾਇਤ ਕਰ ਚੁੱਕੀ ਹੈ।
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਅਕਾਲੀ ਦਲ ਲਈ ਹਮਾਇਤ ਦਾ ਐਲਾਨ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਮੰਡੀ ਬੋਰਡ ਦੇ ਸਾਬਕਾ ਚੇਅਰਮੇਨ ਤੇ ਯੂਨੀਅਨ ਦੇ ਸਰਪ੍ਰਸਤ ਅਜਮੇਰ ਸਿੰਘ ਲੱਖੋਵਾਲ ਦੀ ਲੱਖੋਵਾਲ ਪਿੰਡ ਸਥਿਤ ਪਹੁੰਚ ਕੇ ਉਹਨਾਂ ਦਾ ਹਾਲ ਚਾਲ ਜਾਨਣ ਮੌਕੇ ਕੀਤਾ।
ਇਸ ਫੈਸਲੇ ਦਾ ਐਲਾਨ ਕਰਦਿਆਂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਕਿਸਾਨਾਂ ਨੂੰ ਫੇਲ੍ਹ ਕਰ ਦਿੱਤਾ ਹੈ ਤੇ ਉਹ ਲਿਖਤੀ ਤੌਰ ’ਤੇ ਕੀਤੇ ਵਾਅਦੇ ਪੂਰੇ ਕਰਨ ਤੋਂ ਵੀ ਭੱਜ ਗਈ ਹੈ। ਦੂਜੇ ਪਾਸੇ ਅਕਾਲੀ ਦਲ ਦਾ ਕਿਸਾਨਾਂ ਦੇ ਹਿੱਤਾਂ ਵਿਚ ਡੱਟਣ ਦਾ ਰਿਕਾਰਡ ਹੈ ਅਤੇ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਮੁਫਤ ਬਿਜਲੀ ਦੀ ਸਹੂਲਤ ਸਮੇਤ ਕਿਸਾਨਾਂ ਨੂੰ ਕ੍ਰਾਂਤੀਕਾਰੀ ਲਾਭ ਮਿਲੇ ਸਨ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਪ੍ਰਸ਼ਾਸਨ ਵਿਚ ਆਪਣੇ ਤਜ਼ਰਬੇ ਸਦਕਾ ਅਗਲਾ ਮੁੱਖ ਮੰਤਰੀ ਬਣਨ ਲਈ ਸਭ ਤੋਂ ਕਾਬਲ ਹਨ।
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੱਲੋਂ ਇਹ ਹਮਾਇਤ ਦੇਣ ਲਈ ਧੰਨਵਾਦ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਦਾਰ ਅਜਮੇਰ ਸਿੰਘ ਲੱਖੋਵਾਲ ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੋਵਾਂ ਨੇ ਰਲ ਕੇ ਸੂਬੇ ਦੇ ਕਿਸਾਨਾਂ ਦੀ ਭਲਾਈ ਵਾਸਤੇ ਬਹੁਤ ਕੁਝ ਕੀਤਾ ਹੈ। ਉਹਨਾਂ ਕਿਹਾ ਕਿ ਉਹ ਸਰਦਾਰ ਹਰਿੰਦਰ ਸਿੰਘ ਲੱਖੋਵਾਲ ਨੂੰ ਭਰੋਸਾ ਦੁਆਉਂਦੇ ਹਨ ਕਿ ਇਕ ਵਾਰ ਸਰਕਾਰ ਬਣਨ ’ਤੇ ਅਸੀਂ ਉਹਨਾਂ ਵੱਲੋਂ ਚੁੱਕ ਹਰ ਮਸਲੇ ਨੂੰ ਹੱਲ ਕਰਨ ਲਈ ਸੰਜੀਦਗੀ ਨਾਲ ਕੰਮ ਕਰਾਂਗੇ।