Amritpal Singh: ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜੋ ਕਿ ਆਪਣੇ ਸਾਥੀਆਂ ਸਮੇਤ ਅਸਾਮ ਦੇ ਡਿਬਰੂਗੜ੍ਹ ਦੀ ਇੱਕ ਜੇਲ੍ਹ ਵਿੱਚ ਬੰਦ ਹਨ, ਉਨ੍ਹਾਂ ਤੋਂ ਹੁਣ NSA ਹਟਾਕੇ ਪੰਜਾਬ ਲਿਆਉਣ ਦੀ ਪੰਜਾਬ ਸਰਕਾਰ ਤਿਆਰੀ ਕਰ ਰਹੀ ਹੈ। ਜਾਣਕਾਰੀ ਮੁਤਾਬਕ, ਕੱਲ੍ਹ ਤੋਂ ਸਾਰੇ ਕੈਦੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ। ਇਸ ਤੋਂ ਬਾਅਦ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਉੱਤੇ ਅਜਨਾਲਾ ਥਾਣੇ ਨਾਲ ਜੁੜੇ ਮਾਮਲੇ ਵਿੱਚ ਜਾਂਚ ਨੂੰ ਅੱਗੇ ਵਧਾਏਗੀ।
ਜ਼ਿਕਰ ਕਰ ਦਈਏ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮੰਗੀ ਸੀ ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (HC) ਤੋਂ ਰਾਹਤ ਨਹੀਂ ਮਿਲੀ ਹੈ। ਉਹ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਹਾਲਾਂਕਿ, ਸੰਸਦ ਵੱਲੋਂ ਛੁੱਟੀ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਹਾਈ ਕੋਰਟ ਨੇ ਉਸਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਇਸ ਦੇ ਨਾਲ ਹੀ ਉਸਦੀ ਮੈਂਬਰਸ਼ਿਪ ਵੀ ਬਰਕਰਾਰ ਰਹੇਗੀ।
ਆਪਣੀ ਪਟੀਸ਼ਨ ਵਿੱਚ, ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਜੇ ਉਹ ਲਗਾਤਾਰ 60 ਦਿਨਾਂ ਤੋਂ ਵੱਧ ਗੈਰਹਾਜ਼ਰ ਰਹਿੰਦੇ ਹਨ, ਤਾਂ ਉਨ੍ਹਾਂ ਦੀ ਖਡੂਰ ਸਾਹਿਬ ਸੰਸਦੀ ਸੀਟ ਖ਼ਤਰੇ ਵਿੱਚ ਪੈ ਜਾਵੇਗੀ, ਜਿਸ ਨਾਲ ਉਨ੍ਹਾਂ ਦੇ 19 ਲੱਖ ਵੋਟਰ ਪ੍ਰਤੀਨਿਧਤਾ ਤੋਂ ਵਾਂਝੇ ਰਹਿ ਜਾਣਗੇ। ਸੰਸਦ ਦੇ ਨਿਯਮਾਂ ਅਨੁਸਾਰ ਜੇ ਕੋਈ ਸੰਸਦ ਮੈਂਬਰ ਲਗਾਤਾਰ 60 ਦਿਨਾਂ ਤੱਕ ਸਦਨ ਵਿੱਚ ਹਾਜ਼ਰ ਨਹੀਂ ਹੁੰਦਾ ਅਤੇ ਉਸਦੀ ਗੈਰਹਾਜ਼ਰੀ ਨੂੰ ਮਨਜ਼ੂਰੀ ਨਹੀਂ ਦਿੱਤੀ ਜਾਂਦੀ, ਤਾਂ ਉਸਦੀ ਮੈਂਬਰਸ਼ਿਪ ਖਤਮ ਕੀਤੀ ਜਾ ਸਕਦੀ ਹੈ।
ਜ਼ਿਕਰ ਕਰ ਦਈਏ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੰਸਦ ਮੈਂਬਰਾਂ ਦੀਆਂ ਛੁੱਟੀਆਂ ਦੀਆਂ ਬੇਨਤੀਆਂ ‘ਤੇ ਵਿਚਾਰ ਕਰਨ ਲਈ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ, ਜਿਸਦੀ ਅਗਵਾਈ ਭਾਜਪਾ ਸੰਸਦ ਮੈਂਬਰ ਤੇ ਤ੍ਰਿਪੁਰਾ ਦੇ ਸਾਬਕਾ ਮੁੱਖ ਮੰਤਰੀ ਬਿਪਲਬ ਕੁਮਾਰ ਦੇਬ ਕਰ ਰਹੇ ਹਨ। ਅੰਮ੍ਰਿਤਪਾਲ ਸਿੰਘ ਦੀ ਬੇਨਤੀ ‘ਤੇ ਵਿਚਾਰ ਕਰਨ ਤੋਂ ਬਾਅਦ ਕਮੇਟੀ ਨੇ ਉਨ੍ਹਾਂ ਨੂੰ ਗੈਰਹਾਜ਼ਰੀ ਲਈ ਛੁੱਟੀ ਦੇਣ ਦੀ ਸਿਫਾਰਸ਼ ਕੀਤੀ ਹੈ। ਹਾਲਾਂਕਿ, ਅੰਤਿਮ ਫੈਸਲਾ ਲੋਕ ਸਭਾ ਸਪੀਕਰ ਦੁਆਰਾ ਲਿਆ ਜਾਵੇਗਾ।
ਅਜਨਾਲਾ ਥਾਣੇ ਵਾਲਾ ਕੀ ਹੈ ਮਾਮਲਾ ?
ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ 23 ਫਰਵਰੀ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਹੰਗਾਮਾ ਕੀਤਾ। ਉਸ ਦੇ ਸਮਰਥਕਾਂ ਨੇ ਅਜਨਾਲਾ ਥਾਣੇ ‘ਤੇ ਹਮਲਾ ਕਰ ਦਿੱਤਾ ਸੀ। ਇਸ ਘਟਨਾ ‘ਚ 6 ਪੁਲਿਸ ਕਰਮਚਾਰੀ ਜ਼ਖਮੀ ਹੋ ਗਏ। ਅੰਮ੍ਰਿਤਪਾਲ ਸਿੰਘ ਦਾ ਕਹਿਣਾ ਸੀ ਕਿ ਸਾਡੇ ਇਕ ਸਾਥੀ ਲਵਪ੍ਰੀਤ ਤੂਫਾਨ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ, ਉਹ ਬੇਕਸੂਰ ਹੈ। ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਨੇ ਧਮਕੀ ਦਿੱਤੀ ਸੀ ਕਿ ਜੇ ਉਸ ਦਾ ਨਾਂ ਐਫਆਈਆਰ ਵਿੱਚੋਂ ਨਾ ਹਟਾਇਆ ਗਿਆ, ਤਾਂ ਉਹ ਥਾਣੇ ਦਾ ਘਿਰਾਓ ਕਰਨਗੇ। ਬਾਅਦ ਵਿੱਚ ਪੁਲਿਸ ਨੇ ਅੰਮ੍ਰਿਤਪਾਲ ਦੇ ਕਰੀਬੀ ਨੂੰ ਰਿਹਾਅ ਕਰ ਦਿੱਤਾ। ਹਾਲਾਂਕਿ ਇਸ ਤੋਂ ਬਾਅਦ ਪੁਲਿਸ ਨੇ ਐਕਸ਼ਨ ਪਲਾਨ ਤਿਆਰ ਕਰਕੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਸੀ।