Vice President Election: ਦੇਸ਼ ਦੀ 17ਵੀਂ ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਜਾਰੀ ਹੈ, ਪਰ ਪੰਜਾਬ ਦੇ ਦੋ ਪ੍ਰਮੁੱਖ ਆਜ਼ਾਦ ਸੰਸਦ ਮੈਂਬਰਾਂ ਨੇ ਇਸ ਚੋਣ ਪ੍ਰਕਿਰਿਆ ਤੋਂ ਦੂਰੀ ਬਣਾਉਣ ਦਾ ਫੈਸਲਾ ਕੀਤਾ ਹੈ। ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਉਪ ਰਾਸ਼ਟਰਪਤੀ ਚੋਣ ਵਿੱਚ ਵੋਟ ਨਹੀਂ ਪਾਉਣਗੇ।
ਵੋਟਿੰਗ ਦਾ ਬਾਈਕਾਟ
ਦੋਵਾਂ ਸੰਸਦ ਮੈਂਬਰਾਂ ਨੇ ਵੋਟਿੰਗ ਦਾ ਬਾਈਕਾਟ ਕਰਕੇ ਆਪਣੀ ਅਸਹਿਮਤੀ ਅਤੇ ਵਿਰੋਧ ਦਰਜ ਕਰਵਾਇਆ ਹੈ। ਹਾਲਾਂਕਿ ਉਨ੍ਹਾਂ ਨੇ ਇਸ ਫੈਸਲੇ ਦੇ ਪਿੱਛੇ ਦੀ ਵਜ੍ਹਾ ਦਾ ਅਜੇ ਤੱਕ ਅਧਿਕਾਰਤ ਤੌਰ ‘ਤੇ ਖੁਲਾਸਾ ਨਹੀਂ ਕੀਤਾ, ਪਰ ਰਾਜਨੀਤਕ ਗਲਿਆਰਿਆਂ ਵਿੱਚ ਮੰਨਿਆ ਜਾ ਰਿਹਾ ਹੈ ਕਿ ਇਹ ਉਨ੍ਹਾਂ ਦਾ ਕੇਂਦਰ ਸਰਕਾਰ ਦੀਆਂ ਕੁਝ ਨੀਤੀਆਂ ਜਾਂ ਮੌਜੂਦਾ ਰਾਜਨੀਤਕ ਸਥਿਤੀ ਦੇ ਵਿਰੋਧ ਵਜੋਂ ਇੱਕ ਤਰੀਕਾ ਹੈ।
ਮਾਹਿਰਾਂ ਦਾ ਕਹਿਣਾ ਹੈ ਕਿ ਦੋਵਾਂ ਸੰਸਦ ਮੈਂਬਰਾਂ ਦਾ ਇਹ ਕਦਮ ਭਾਵੇਂ ਉਪ ਰਾਸ਼ਟਰਪਤੀ ਚੋਣ ਦੇ ਨਤੀਜਿਆਂ ‘ਤੇ ਸਿੱਧਾ ਅਸਰ ਨਾ ਪਾਵੇ, ਕਿਉਂਕਿ ਇਹ ਇੱਕ ਪ੍ਰਤੀਕਾਤਮਕ ਵਿਰੋਧ ਹੈ, ਪਰ ਇਸ ਦਾ ਵੱਡਾ ਰਾਜਨੀਤਕ ਮਹੱਤਵ ਹੈ। ਉਨ੍ਹਾਂ ਦੇ ਇਸ ਫੈਸਲੇ ਨੇ ਯਕੀਨੀ ਤੌਰ ‘ਤੇ ਰਾਸ਼ਟਰੀ ਪੱਧਰ ‘ਤੇ ਰਾਜਨੀਤਕ ਬਹਿਸ ਛੇੜ ਦਿੱਤੀ ਹੈ।
ਇਹ ਬਾਈਕਾਟ ਅਜਿਹੇ ਸਮੇਂ ਵਿੱਚ ਹੋਇਆ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ। ਉਪ ਰਾਸ਼ਟਰਪਤੀ ਚੋਣ ਵਿੱਚ ਐਨਡੀਏ ਦੇ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਅਤੇ ਇੰਡੀਆ ਬਲਾਕ ਦੇ ਉਮੀਦਵਾਰ ਬੀ. ਸੁਦਰਸ਼ਨ ਰੈਡੀ ਆਹਮੋ-ਸਾਹਮਣੇ ਹਨ।
ਇਨ੍ਹਾਂ ਨੇਤਾਵਾਂ ਨੇ ਵੋਟਿੰਗ ਤੋਂ ਬਣਾਈ ਦੂਰੀ
ਉਪ ਰਾਸ਼ਟਰਪਤੀ ਚੋਣ ਲਈ ਮੰਗਲਵਾਰ ਯਾਨੀਕਿ ਅੱਜ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ। ਐਨਡੀਏ ਦੇ ਉਮੀਦਵਾਰ ਸੀਪੀ ਰਾਧਾਕ੍ਰਿਸ਼ਣਨ ਅਤੇ ‘ਇੰਡੀਆ’ ਬਲਾਕ ਦੇ ਉਮੀਦਵਾਰ ਬੀ. ਸੁਦਰਸ਼ਨ ਰੈਡੀ ਵਿਚਕਾਰ ਸਿੱਧਾ ਮੁਕਾਬਲਾ ਹੈ। ਵੋਟਿੰਗ ਤੋਂ ਠੀਕ ਪਹਿਲਾਂ ਬੀਜੇਡੀ, ਬੀਆਰਐਸ ਅਤੇ ਅਕਾਲੀ ਦਲ ਨੇ ਵੋਟਿੰਗ ਤੋਂ ਦੂਰੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ, ਜਿਸ ਕਾਰਨ ਮੁਕਾਬਲਾ ਕਾਫੀ ਦਿਲਚਸਪ ਹੋ ਗਿਆ ਹੈ।