ਪੰਜਾਬ ਦੀ ਵੱਡੀ ਖ਼ਬਰ! ਰਵਨੀਤ ਬਿੱਟੂ ਨੇ ਕੇਂਦਰੀ ਕੈਬਿਨਟ ਤੋਂ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ
Ravneet Bittu Resigns As Union Minister; ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫ਼ਾ ਰਾਸ਼ਟਰਪਤੀ ਦ੍ਰੌਪਦੀ ਮੁੁਰਮੂ ਵੱਲੋਂ ਸਵੀਕਾਰ ਕਰ ਲਿਆ ਗਿਆ ਹੈ।
ਰਵਨੀਤ ਬਿੱਟੂ ਕੇਂਦਰ ਸਰਕਾਰ ਵਿੱਚ ਪੰਜਾਬ ਤੋਂ ਭਾਜਪਾ ਦੇ ਇਕਲੌਤੇ ਰਾਜ ਮੰਤਰੀ ਸਨ। ਉਨ੍ਹਾਂ ਨੂੰ ਰੇਲ ਰਾਜ ਮੰਤਰੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤੇ ਹਨ।
ਦੱਸਿਆ ਜਾ ਰਿਹਾ ਹੈ ਕਿ ਬਿੱਟੂ ਨੂੰ ਕੁਝ ਸਮਾਂ ਪਹਿਲਾਂ ਭਾਜਪਾ ਵੱਲੋਂ ਰਾਜ ਸਭਾ ਦੀ ਟਿਕਟ ਨਹੀਂ ਦਿੱਤੀ ਗਈ ਸੀ, ਜਿਸ ਕਾਰਨ ਉਹ ਹੁਣ ਸੰਸਦ ਮੈਂਬਰ ਨਹੀਂ ਰਹੇ ਸਨ। ਹਾਲਾਂਕਿ ਨਿਯਮਾਂ ਮੁਤਾਬਕ ਉਹ ਬਿਨਾਂ ਸੰਸਦ ਮੈਂਬਰ ਬਣੇ 6 ਮਹੀਨੇ ਤੱਕ, ਯਾਨੀ 21 ਦਸੰਬਰ ਤੱਕ ਮੰਤਰੀ ਰਹਿ ਸਕਦੇ ਸਨ, ਪਰ ਉਨ੍ਹਾਂ ਨੇ ਅਚਾਨਕ ਅਸਤੀਫ਼ਾ ਦੇ ਦਿੱਤਾ।
ਭਾਜਪਾ ਨੇ ਤਰੁਣ ਚੁੱਘ ਨੂੰ ਭੇਜਿਆ ਰਾਜ ਸਭਾ
ਰਵਨੀਤ ਬਿੱਟੂ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਲੁਧਿਆਣਾ ਸੀਟ ਤੋਂ ਭਾਜਪਾ ਦੀ ਟਿਕਟ ‘ਤੇ ਚੋਣ ਲੜੀ ਸੀ, ਪਰ ਉਹ ਹਾਰ ਗਏ ਸਨ। ਇਸ ਤੋਂ ਬਾਅਦ ਭਾਜਪਾ ਨੇ ਉਨ੍ਹਾਂ ਨੂੰ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਬਣਾਇਆ ਸੀ। ਉਨ੍ਹਾਂ ਦਾ ਕਾਰਜਕਾਲ 21 ਜੂਨ ਨੂੰ ਖ਼ਤਮ ਹੋ ਗਿਆ।
ਇਸ ਤੋਂ ਬਾਅਦ ਭਾਜਪਾ ਨੇ ਉਨ੍ਹਾਂ ਦੀ ਜਗ੍ਹਾ ਅੰਮ੍ਰਿਤਸਰ ਤੋਂ ਭਾਜਪਾ ਆਗੂ ਤਰੁਣ ਚੁੱਘ ਨੂੰ ਰਾਜ ਸਭਾ ਭੇਜ ਦਿੱਤਾ।
ਹੁਣ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੀ ਚਰਚਾ
ਰਵਨੀਤ ਬਿੱਟੂ ਹੁਣ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਤਰ ਸਕਦੇ ਹਨ। ਭਾਜਪਾ ਨੇ ਉਨ੍ਹਾਂ ਨੂੰ ਸਿੱਖ ਚਿਹਰੇ ਵਜੋਂ ਕੇਂਦਰ ਸਰਕਾਰ ਵਿੱਚ ਸ਼ਾਮਲ ਕੀਤਾ ਸੀ।
ਕਾਂਗਰਸ ਛੱਡ ਕੇ ਭਾਜਪਾ ‘ਚ ਹੋਏ ਸਨ ਸ਼ਾਮਲ
ਰਵਨੀਤ ਸਿੰਘ ਬਿੱਟੂ ਪੰਜਾਬ ਦੀ ਸਿਆਸਤ ਵਿੱਚ ਬੇਅੰਤ ਸਿੰਘ ਪਰਿਵਾਰ ਦੀ ਤੀਜੀ ਪੀੜ੍ਹੀ ਦਾ ਚਿਹਰਾ ਹਨ। ਉਨ੍ਹਾਂ ਨੇ 2009 ਵਿੱਚ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤ ਕੇ ਰਾਸ਼ਟਰੀ ਰਾਜਨੀਤੀ ਵਿੱਚ ਕਦਮ ਰੱਖਿਆ ਸੀ। ਇਸ ਤੋਂ ਬਾਅਦ ਉਹ 2014 ਅਤੇ 2019 ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਬਣੇ।
ਕਾਂਗਰਸ ਵਿੱਚ ਰਹਿੰਦਿਆਂ ਬਿੱਟੂ ਪਾਰਟੀ ਦੇ ਹਮਲਾਵਰ ਅਤੇ ਬੇਬਾਕ ਆਗੂਆਂ ਵਿੱਚ ਗਿਣੇ ਜਾਂਦੇ ਸਨ। ਉਹ ਕਿਸਾਨ ਅੰਦੋਲਨ, ਕਾਨੂੰਨ ਵਿਵਸਥਾ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ‘ਤੇ ਖੁੱਲ੍ਹ ਕੇ ਆਪਣੀ ਰਾਏ ਰੱਖਦੇ ਰਹੇ।
2024 ਲੋਕ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਕਾਂਗਰਸ ਛੱਡ ਕੇ ਭਾਜਪਾ ਦਾ ਹੱਥ ਫੜ ਲਿਆ ਸੀ। ਇਹ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਬਦਲਾਅ ਮੰਨਿਆ ਗਿਆ ਸੀ। ਹਾਲਾਂਕਿ ਉਹ ਲੁਧਿਆਣਾ ਤੋਂ ਚੋਣ ਹਾਰ ਗਏ, ਪਰ ਭਾਜਪਾ ਨੇ ਉਨ੍ਹਾਂ ‘ਤੇ ਭਰੋਸਾ ਜਤਾਉਂਦੇ ਹੋਏ ਕੇਂਦਰ ਵਿੱਚ ਮੰਤਰੀ ਬਣਾਇਆ ਸੀ।
