ਕੋਟਕਪੂਰਾ ਗੋਲੀਕਾਂਡ ਕੇਸ ‘ਚ ਸੁਖਬੀਰ ਬਾਦਲ ਨੂੰ ਵੱਡੀ ਰਾਹਤ, ਅਦਾਲਤ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
Sukhbir Badal Kotkapura Firing Case; 11 ਸਾਲ ਪੁਰਾਣੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਨੂੰ 7 ਤੋਂ 11 ਜੁਲਾਈ ਤੱਕ ਵਿਦੇਸ਼ ਯਾਤਰਾ ਕਰਨ ਦੀ ਮਨਜ਼ੂਰੀ ਦਿੱਤੀ ਹੈ। ਨਾਲ ਹੀ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੂੰ 18 ਜੁਲਾਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੋਂ ਪਹਿਲਾਂ ਭਾਰਤ ਵਾਪਸ ਆਉਣਾ ਹੋਵੇਗਾ।
ਸੁਰੱਖਿਆ ਕਾਰਨਾਂ ਕਰਕੇ ਨਹੀਂ ਦੱਸਿਆ ਦੇਸ਼ ਦਾ ਨਾਮ
ਸੁਣਵਾਈ ਦੌਰਾਨ ਸੁਖਬੀਰ ਬਾਦਲ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੇ ਮੁਅੱਕਲ ਦੀ ਜਾਨ ਨੂੰ ਖ਼ਤਰਾ ਹੈ ਅਤੇ ਉਨ੍ਹਾਂ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਪ੍ਰਾਪਤ ਹੈ। ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੇ ਉਸ ਦੇਸ਼ ਦਾ ਨਾਮ ਜਨਤਕ ਨਹੀਂ ਕੀਤਾ, ਜਿੱਥੇ ਸੁਖਬੀਰ ਬਾਦਲ ਨੇ ਜਾਣਾ ਹੈ।
ਪੰਜਾਬ ਸਰਕਾਰ ਨੇ ਕੀਤਾ ਵਿਰੋਧ
ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਵਿਦੇਸ਼ ਜਾਣ ਦੀ ਅਰਜ਼ੀ ਦਾ ਵਿਰੋਧ ਕੀਤਾ। ਸਰਕਾਰ ਨੇ ਦਲੀਲ ਦਿੱਤੀ ਕਿ ਇਸ ਮਾਮਲੇ ਵਿੱਚ ਸੁਖਬੀਰ ਬਾਦਲ ਮੁੱਖ ਸਾਜ਼ਿਸ਼ਕਰਤਾ ਹਨ। ਸਰਕਾਰ ਦਾ ਕਹਿਣਾ ਸੀ ਕਿ ਸ਼ਾਂਤਮਈ ਪ੍ਰਦਰਸ਼ਨ ਨੂੰ ਦਬਾਉਣ ਲਈ ਗੈਰ-ਕਾਨੂੰਨੀ ਤਰੀਕੇ ਅਪਣਾਏ ਗਏ ਅਤੇ ਸਿਆਸੀ ਪ੍ਰਭਾਵ ਦੀ ਵਰਤੋਂ ਕਰਕੇ ਕਈ ਸਾਲਾਂ ਤੱਕ ਜਾਂਚ ਨੂੰ ਪ੍ਰਭਾਵਿਤ ਕੀਤਾ ਗਿਆ। ਸਰਕਾਰ ਨੇ ਇਹ ਵੀ ਕਿਹਾ ਕਿ ਵਿਦੇਸ਼ ਯਾਤਰਾ ਦਾ ਸਪੱਸ਼ਟ ਕਾਰਨ ਨਹੀਂ ਦੱਸਿਆ ਗਿਆ, ਇਸ ਲਈ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।
ਅਦਾਲਤ ਨੇ ਦਿੱਤੀ ਮਨਜ਼ੂਰੀ
ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸੁਖਬੀਰ ਬਾਦਲ ਦੀ ਵਿਦੇਸ਼ ਯਾਤਰਾ ਲਈ ਅਰਜ਼ੀ ਮਨਜ਼ੂਰ ਕਰ ਲਈ ਅਤੇ ਉਨ੍ਹਾਂ ਨੂੰ 18 ਜੁਲਾਈ ਦੀ ਸੁਣਵਾਈ ਤੋਂ ਪਹਿਲਾਂ ਭਾਰਤ ਪਰਤਣ ਦੇ ਨਿਰਦੇਸ਼ ਦਿੱਤੇ।
2015 ਦੇ ਕੋਟਕਪੂਰਾ ਗੋਲੀਕਾਂਡ ਨਾਲ ਜੁੜਿਆ ਹੈ ਮਾਮਲਾ
ਇਹ ਮਾਮਲਾ 14 ਅਕਤੂਬਰ 2015 ਦਾ ਹੈ। ਉਸ ਸਮੇਂ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਬੇਅਦਬੀ ਕਾਂਡ ਦੇ ਵਿਰੋਧ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਲੋਕ ਪ੍ਰਦਰਸ਼ਨ ਕਰ ਰਹੇ ਸਨ। ਦੋਸ਼ ਹੈ ਕਿ ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਕੀਤੀ ਸੀ।
ਇਸ ਗੋਲੀਬਾਰੀ ਵਿੱਚ ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ, ਜਦਕਿ ਕੋਟਕਪੂਰਾ ਵਿੱਚ ਕਈ ਲੋਕ ਜ਼ਖ਼ਮੀ ਹੋਏ ਸਨ। Punjab and Haryana High Court ਦੇ ਨਿਰਦੇਸ਼ਾਂ ‘ਤੇ ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿੱਚ ਚੱਲ ਰਹੀ ਹੈ।