ਅਬੋਹਰ ਦੀ ਸਿਆਸਤ ‘ਚ ਵੱਡਾ ਉਲਟਫੇਰ, ਸ਼ਿਵਲਾਲ ਡੋਡਾ ਦੀ ਨੂੰਹ ਸੁਹਾਨੀ ਡੋਡਾ ‘ਆਪ’ ਵਿੱਚ ਸ਼ਾਮਿਲ
Suhani Doda Joins AAP; ਅਬੋਹਰ ਦੀ ਸਿਆਸਤ ਵਿੱਚ ਇੱਕ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਸਥਾਨਕ ਆਗੂ ਸ਼ਿਵਲਾਲ ਡੋਡਾ ਦੀ ਨੂੰਹ ਅਤੇ ਗਗਨ ਡੋਡਾ ਦੀ ਪਤਨੀ ਸੁਹਾਨੀ ਡੋਡਾ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਈ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ।
ਸੁਹਾਨੀ ਡੋਡਾ ਦੇ ‘ਆਪ’ ਵਿੱਚ ਸ਼ਾਮਲ ਹੋਣ ਨੂੰ ਅਬੋਹਰ ਦੀ ਸਿਆਸਤ ਵਿੱਚ ਵੱਡੇ ਉਲਟਫੇਰ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਡੋਡਾ ਪਰਿਵਾਰ ਨੂੰ ਦਿੱਤੀ ਗਈ ਅਹਿਮੀਅਤ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ ਕਿ ਆਮ ਆਦਮੀ ਪਾਰਟੀ ਨੇ ਅਬੋਹਰ ਹਲਕੇ ਲਈ ਆਪਣਾ ਭਵਿੱਖ ਦਾ ਚਿਹਰਾ ਤੈਅ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਸ਼ਿਵਲਾਲ ਡੋਡਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਹਿ ਚੁੱਕੇ ਹਨ। ਉਹ ਇੱਕ ਪ੍ਰਮੁੱਖ ਸ਼ਰਾਬ ਕਾਰੋਬਾਰੀ ਅਤੇ ਸਮਾਜ ਸੇਵੀ ਵਜੋਂ ਵੀ ਜਾਣੇ ਜਾਂਦੇ ਹਨ ਅਤੇ ਅਬੋਹਰ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਉਨ੍ਹਾਂ ਦਾ ਚੰਗਾ ਸਿਆਸੀ ਪ੍ਰਭਾਵ ਮੰਨਿਆ ਜਾਂਦਾ ਹੈ। ਉਨ੍ਹਾਂ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਜ਼ਾਦ ਉਮੀਦਵਾਰ ਵਜੋਂ ਲੜੀਆਂ ਸਨ।
ਸੁਹਾਨੀ ਡੋਡਾ ਦੇ ‘ਆਪ’ ਵਿੱਚ ਸ਼ਾਮਲ ਹੋਣ ਤੋਂ ਬਾਅਦ ਇਹ ਅਟਕਲਾਂ ਵੀ ਲਗਾਈਆਂ ਜਾ ਰਹੀਆਂ ਹਨ ਕਿ ਪਾਰਟੀ ਉਨ੍ਹਾਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਬੋਹਰ ਹਲਕੇ ਤੋਂ ਆਪਣਾ ਉਮੀਦਵਾਰ ਬਣਾ ਸਕਦੀ ਹੈ। ਹਾਲਾਂਕਿ, ਇਸ ਬਾਰੇ ਪਾਰਟੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।