Water Dispute Haryana-Punjab: ਪੰਜਾਬ ‘ਚ ਪਾਣੀ ਨੂੰ ਲੈ ਕੇ ਵਿਵਾਦ ਇੱਕ ਵਾਰ ਫਿਰ ਡੂੰਘਾ ਹੁੰਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਹੁਣ ਭਾਖੜਾ ਡੈਮ ਦਾ ਪਾਣੀ ਸਿਰਫ ਪੰਜਾਬ ਦੇ ਲੋਕਾਂ ਲਈ ਹੈ। ਹਰਿਆਣਾ, ਰਾਜਸਥਾਨ ਅਤੇ ਦਿੱਲੀ ਨੂੰ ਹੁਣ ਇੱਕ ਬੂੰਦ ਵੀ ਪਾਣੀ ਨਹੀਂ ਮਿਲੇਗਾ। ਇਸ ਫੈਸਲੇ ਤੋਂ ਬਾਅਦ, ਪਾਣੀ ਨੂੰ ਲੈ ਕੇ ਵੱਖ-ਵੱਖ ਸੂਬਿਆਂ ਵਿਚਕਾਰ ਵਿਵਾਦ ਹੋਰ ਵਧ ਸਕਦਾ ਹੈ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ ਜਦੋਂ ਗੁਆਂਢੀ ਸੂਬਿਆਂ ਨਾਲ ਪਾਣੀ ਦੀ ਵੰਡ ਨੂੰ ਲੈ ਕੇ ਟਕਰਾਅ ਤੇਜ਼ ਹੋ ਗਿਆ ਹੈ।
ਇਸ ਮਾਮਲੇ ‘ਤੇ ਸਿਆਸਤ ਪੂਰੀ ਤਰ੍ਹਾਂ ਨਾਲ ਭੱਖੀ ਹੋਈ ਹੈ। ਸ਼੍ਰੋਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਬੀਬੀਐਮਬੀ ਵੱਲੋਂ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਮਾਮਲੇ ਤੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੋਵੇਂ ਆਪਸ ਵਿੱਚ ਰਲੇ ਹੋਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਆਮ ਆਦਮੀ ਪਾਰਟੀ ਵੱਲੋਂ ਗੋਂਗਲੂਆਂ ਤੋਂ ਮਿੱਟੀ ਝਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਡਾਕਾ ਮਾਰ ਕੇ ਬੀਜੇਪੀ ਤੇ ਆਮ ਆਦਮੀ ਪਾਰਟੀ ਅੱਗ ਨਾਲ ਖੇਡ ਰਹੀਆਂ ਹਨ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅਪੀਲ ਕਰਦਿਆਂ ਕਿਹਾ ਕਿ ਹਰ ਪੰਜਾਬੀ ਨੂੰ ਆਪਣੀ ਆਉਣ ਵਾਲੀ ਨਸਲ ਤੇ ਫਸਲ ਲਈ ਇਕੱਠੇ ਹੋਣ ਦੀ ਲੋੜ ਹੈ।
ਪ੍ਰਧਾਨ ਸਰਬਜੀਤ ਸਿੰਘ ਝਿੰਜਰ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੇ ਨੁਮਾਇੰਦੇ ਨੂੰ ਹਟਾਇਆ ਗਿਆ। ਜਿਸ ‘ਤੇ ਆਮ ਆਦਮੀ ਪਾਰਟੀ ਵੱਲੋਂ ਵਿਰੋਧ ਤੱਕ ਨਹੀਂ ਜਤਾਇਆ ਗਿਆ ਅਤੇ ਪੰਜਾਬ ਦਾ ਕੀਮਤੀ ਪਾਣੀ ਜਬਰੀ ਤੌਰ ‘ਤੇ ਹਰਿਆਣਾ ਨੂੰ ਦਿੱਤਾ ਜਾ ਰਿਹਾ ਹੈ।