SAD-BJP ਗਠਜੋੜ ਦੀ ਚਰਚਾ ਵਿਚਾਲੇ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ
Captain Amarinder Singh PM Narendra Modi Meeting: ਸ਼੍ਰੋਮਣੀ ਅਕਾਲੀ ਦਲ (SAD) ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਅਹਿਮ ਮੁੱਦਿਆਂ, ਖ਼ਾਸ ਕਰਕੇ ਨਸ਼ਿਆਂ ਅਤੇ ਗੈਂਗਸਟਰਾਂ ਦੀ ਸਮੱਸਿਆ ਬਾਰੇ ਚਰਚਾ ਹੋਈ।
ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਾਂ ਨਾਲ ਜੁੜੀਆਂ ਚੁਣੌਤੀਆਂ ਬਾਰੇ ਜਾਣੂ ਕਰਵਾਇਆ। ਇਸ ਦੇ ਨਾਲ ਹੀ ਇਹ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਕਿ ਕੇਂਦਰ ਸਰਕਾਰ ਅਤੇ ਭਾਜਪਾ ਇਨ੍ਹਾਂ ਸਮੱਸਿਆਵਾਂ ਨਾਲ ਨਜਿੱਠਣ ਲਈ ਪੰਜਾਬ ਦੀ ਕਿਵੇਂ ਮਦਦ ਕਰ ਸਕਦੇ ਹਨ।
ਕੈਪਟਨ ਨੇ ਕਿਹਾ- ਮੁਲਾਕਾਤ ਦੌਰਾਨ ਕੋਈ ਸਿਆਸੀ ਚਰਚਾ ਨਹੀਂ ਹੋਈ
‘ਦਿ ਟ੍ਰਿਬਿਊਨ’ ਨਾਲ ਫ਼ੋਨ ’ਤੇ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁਲਾਕਾਤ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਹੋਈ ਇਸ ਬੈਠਕ ਦੌਰਾਨ ਕੋਈ ਸਿਆਸੀ ਚਰਚਾ ਨਹੀਂ ਹੋਈ।
SAD-BJP ਗਠਜੋੜ ਦੀਆਂ ਸੰਭਾਵਨਾਵਾਂ ਵਿਚਾਲੇ ਮੁਲਾਕਾਤ ਅਹਿਮ
ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦਾ ਐਲਾਨ ਹੋਣ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਚਰਚਾ ਤੇਜ਼ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਵਿਚਾਲੇ ਵੀ ਬੈਠਕਾਂ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।